
ਭਾਈ ਘਨੱਈਆ ਜੀ ਦੇ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾ ਦੇ ਪੁੰਜ, ਸਰਬ ਸਾਂਝੀਵਾਲਤਾ, ਧਰਮ ਨਿਰਪੱਖਤਾ ਦੇ ਪ੍ਰਤੀਕ ਭਾਈ ਘਨੱਈਆ ਜੀ ਦੇ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਸਮਾਗਮ ਵਿੱਚ ਭਾਈ ਹਿਰਦੈਜੀਤ ਸਿੰਘ ਦੇ ਪੰਥਕ ਜਥੇ ਨੇ ਭਾਈ ਘਨੱਈਆ ਜੀ ਦੀ ਜੰਗ ਵਿੱਚ ਜ਼ਖ਼ਮੀ ਹੋਏ ਸਿਪਾਹੀਆਂ ਪ੍ਰਤੀ ਜਲ ਦੀ ਸੇਵਾ ਤੋਂ ਖੁਸ਼ ਹੋ ਕੇ ਗੁਰੂ ਗੋਬਿੰਦ ਸਿੰਘ ਵੱਲੋਂ ਜ਼ਖ਼ਮੀ ਹੋਏ ਸੈਨਿਕਾਂ ਦੀ ਸੇਵਾ ਲਈ ਮਲ੍ਹਮ ਪੱਟੀ ਬਖ਼ਸ਼ਿਸ਼ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਓਂਕਾਰ ਸਿੰਘ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸੰਗਤਾਂ ਨੂੰ ਮਾਨਵਤਾ ਦੀ ਸੇਵਾ ਲਈ ਪ੍ਰੇਰਿਆ।
ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ, ਭਾਈ ਜੋਗਿੰਦਰ ਸਿੰਘ, ਕਵੀਸ਼ਰ ਸੁਰਜੀਤ ਸਿੰਘ ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਬਲਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।