
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਨ 1783 ਈ: ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਹੇਠ ਦਿੱਲੀ ਫਤਿਹ ਕਰਨ ਦੀ ਯਾਦ ਵਿੱਚ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜਥੇ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਹੇਠ ਦਿੱਲੀ ਫਤਿਹ ਕਰਨ ਅਤੇ ਲਾਲ ਕਿਲੇ੍ਹ ਤੇ ਖ਼ਾਲਸਾਈ ਨਿਸ਼ਾਨ ਸਾਹਿਬ ਲਹਿਰਾਉਣ ਦੇ ਪੂਰੇ ਪ੍ਰਸੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਅਤੇ ਉਨ੍ਹਾਂ ਵੱਲੋਂ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਦੱਸਿਆ। ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਭਾਈ ਜਸਵੰਤ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ, ਭਾਈ ਸੁਖਦੇਵ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆ ਬੀਬੀਆਂ, ਭਾਈ ਹਰਨੇਕ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਨਿਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।