
ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਸੇਵਕ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ। ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪਾਲ ਸਿੰਘ ਦਮਦਮੀ ਟਕਸਾਲ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਲੋਕਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ।
ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਸਮੇਤ ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।