
ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਕੀਰਤਨ ਦਰਬਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਕੁਲਤਾਰ ਸਿੰਘ ਦੇ ਪੰਥਕ ਜਥੇ ਨੇ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਨੂੰ ਸੰਨ 1921 ਵਿੱਚ ਅੰਗਰੇਜ਼ਾਂ ਦੇ ਪਿੱਠੂ ਮਹੰਤ ਨਰਾਇਣ ਦਾਸ ਤੋਂ ਮੁਕਤ ਕਰਵਾਉਣ ਲਈ ਸਿੰਘਾਂ ਵੱਲੋਂ ਪ੍ਰਾਪਤ ਕੀਤੀ ਸ਼ਹਾਦਤ ਬਾਰੇ ਸੰਗਤ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ।
ਰਾਗੀ ਜਥਾ ਭਾਈ ਗੁਰਦੀਪ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਭਾਈ ਸ਼ਮਿੰਦਰ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ ਭਾਈ ਹਰਬੀਰ ਸਿੰਘ, ਭਾਈ ਹਰਜੋਤ ਸਿੰਘ, ਭਾਈ ਮਨਜਿੰਦਰ ਸਿੰਘ ਸਮੇਤ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਦੌਰਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ 14 ਮਾਰਚ ਨੂੰ 554ਵੇਂ ਨਾਨਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜੱਥੇ, ਇੰਟਰਨੇਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਰਾਗੀ, ਕਵੀਸ਼ਰ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।