ਸੀਜੀਸੀ ਲਾਂਡਰਾਂ ਕਾਲਜ ਵਿੱਚ ਪੰਜਾਬੀ ਬੋਲੀ ਦੀ ਮਹੱਤਤਾ ਤੇ ਸਾਰਥਕਤਾ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਚੰਡੀਗੜ੍ਹ ਕਾਲਜ ਐਜੂਕੇਸ਼ਨ ਕਾਲਜ ਲਾਂਡਰਾਂ ਵੱਲੋਂ ਅੱਜ ਇੱਥੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਮਾਂ ਬੋਲੀ ਦੀ ਮਹੱਤਤਾ ਅਤੇ ਸਾਰਥਕਤਾ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਦੌਰਾਨ ਪੁੱਜੀਆਂ ਸ਼ਖ਼ਸੀਅਤ ਨੇ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ ਅਤੇ ਤਕਨਾਲੌਜੀ ਦੇ ਬਦਲਦੇ ਦੌਰ ’ਚ ਇਸਦੀਆਂ ਭਵਿੱਖੀ ਸੰਭਾਵਨਾਵਾਂ ’ਤੇ ਡੂਘੀ ਵਿਚਾਰ ਚਰਚਾ ਕੀਤੀ।
ਇਸ ਮੌਕੇ ਮਾਂ ਬੋਲੀ ਪੰਜਾਬੀ ਦੇ ਸਮੂਹ ਹਿਤੈਸ਼ੀਆਂ ਨੇ ਪੰਜਾਬੀ ਦੀ ਸਥਿਤੀ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਆਖਿਆ ਕਿ ਪੰਜਾਬੀ ਭਾਸ਼ਾ ਵਿਸ਼ਵ ਭਰ ’ਚ ਆਪਣਾ ਸਥਾਨ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਬੇ ਨਾਨਕ, ਗੁਰੂ ਅਰਜਨ ਦੇਵ ਜੀ ਵਰਗੇ ਗੁਰੂਆਂ-ਪੀਰਾਂ, ਬੁੱਲੇ ਸ਼ਾਹ, ਵਾਰਿਸ ਸ਼ਾਹ, ਭਾਈ ਵੀਰ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਜਿਹੇ ਉੱਚ ਕੋਟੀ ਦੇ ਕਵੀਆਂ ਦੇ ਮੁਖਾਰਬਿੰਦ ਤੋਂ ਉਚਾਰੀ ਗਈ ਜ਼ੁਬਾਨ ਨੂੰ ਕਦੇ ਕੋਈ ਖ਼ਤਰਾ ਨਹੀਂ ਹੋ ਸਕਦਾ ਸਗੋਂ ਇਹ ਹਮੇਸ਼ਾ ਚੜ੍ਹਦੀਕਲਾ ’ਚ ਰਹਿੰਦੇ ਹੋਏ ਕੁਲ ਦੁਨੀਆ ’ਤੇ ਆਪਣਾ ਪਰਚਮ ਲਹਿਰਾਉਂਦੀ ਰਹੇਗੀ। ਉਨ੍ਹਾਂ ਕਿਹਾ ਪੰਜਾਬੀ ਮਾਤ ਭਾਸ਼ਾ ਵਾਲਿਆਂ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਅੱਜ ਸਾਡੀ ਗੁਰਮੁਖੀ ਨੂੰ ਕੈਨੇਡਾ ਵਰਗੇ ਵਿਕਸਤ ਦੇਸ਼ਾਂ ਦੀ ਤੀਸਰੀ ਸਰਕਾਰੀ ਭਾਸ਼ਾ ਦਾ ਦਰਜਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇੰਟਰਨੈਟ ਅਤੇ ਹੋਰ ਸੰਚਾਰ ਦੇ ਖੇਤਰਾਂ ’ਚ ਵੀ ਪੰਜਾਬੀ ਦਾ ਬੋਲਬਾਲਾ ਵੱਧ ਰਿਹਾ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਸ਼ਾਹਨੀ ਨੇ ਮਾਤਾ ਭਾਸ਼ਾ ਦੇ ਸਬੰਧ ਵਿਚ ਅੱਗੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਸ਼ਵ ਵਿਆਪੀ ਸਿੱਖਿਆ ਪ੍ਰਬੰਧ ’ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵੱਧ-ਵੱਧ ਤੋਂ ਭਾਸ਼ਾਵਾਂ ਦਾ ਗਿਆਨ ਹਾਸਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਭਾਸ਼ਾਵਾਂ ਦੇ ਗਿਆਨ ਲਈ ਆਪਣੀ ਮਾਤ ਭਾਸ਼ਾ ਨੂੰ ਵਿਸਾਰਨਾ ਵੱਡੀ ਭੁੱਲ ਹੈ। ਉਨ੍ਹਾਂ ਕਿਹਾ ਆਪਣੀ ਮਾਤਾ ਭਾਸ਼ਾ ਨੂੰ ਵਿਸਾਰਨ ਵਾਲੀ ਕੌਮ ਆਪਣੇ ਸੱਭਿਆਚਾਰ, ਆਪਣੀਆਂ ਅਮੀਰ ਪਰੰਪਰਾਵਾਂ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਗੁਆ ਬੈਠਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੇ ਪੱਧਰ ’ਤੇ ਪੰਜਾਬੀ ਭਾਸ਼ਾ ਦੀਆਂ ਨੀਹਾਂ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਇਨਸਾਨ ਸਭ ਤੋਂ ਸੌਖੇ ਢੰਗ ਨਾਲ ਗਿਆਨ ਆਪਣੀ ਮਾਂ ਬੋਲੀ ’ਚ ਹੀ ਹਾਸਲ ਕਰ ਸਕਦਾ ਹੈ। ਇਸ ਮੌਕੇ ਲਾਂਡਰਾਂ ਕੈਂਪਸ ਦੇ ਡਾਇਰੈਕਟਰ ਡਾ. ਜਗਤਾਰ ਸਿੰਘ ਖੱਟੜਾ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸਾਨੂੰ ਅੰਤਰਰਾਸ਼ਟਰੀ ਭਾਸ਼ਾਵਾਂ ਦੇ ਨਾਲ-ਨਾਲ ਆਪਣੀ ਮਾਤ ਭਾਸ਼ਾ ਪੰਜਾਬੀ ਦੇ ਸਾਡੇ ਜੀਵਨ ’ਚ ਮਹੱਤਵ ਨੂੰ ਸਮਝਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…