ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਮੁਹਾਲੀ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਕੀਤੀ ਗਈ ਕਾਰਵਾਈ: ਸਿਵਲ ਸਰਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ, ਜ਼ਿਲ੍ਹਾ ਐਸ.ਏ.ਐਸ ਨਗਰ ਦੀ ਵਿਸ਼ੇਸ਼ ਟੀਮ ਨੇ ਸ਼ੁੱਕਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਵੇਚੇ ਜਾਣ ਵਾਲੇ ਖ਼ੁਰਾਕੀ ਪਦਾਰਥਾਂ ਦੀ ਅਚਨਚੇਤ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਦਿੰਦਿਆਂ ਜ਼ਿਲ੍ਹੇ ਦੀ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਉਦੇਸ਼ ਮਿਲਾਵਟ ਰਹਿਤ ਖ਼ੁਰਾਕ ਤੇ ਖ਼ੁਰਾਕੀ ਪਦਾਰਥਾਂ ਦੀ ਪੈਦਾਵਾਰ ਅਤੇ ਪੂਰਤੀ ਅਤੇ ਲੋਕਾਂ ਦੀ ਤੰਦਰੁਸਤੀ ਯਕੀਨੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਰਾਜਵੀਰ ਸਿੰਘ ਕੰਗ ਦੀ ਅਗਵਾਈ ਵਿੱਚ ਜਾਂਚ ਟੀਮ ਨੇ ਸਥਾਨਕ ਫੇਜ਼-1 ਦੀ ਮਾਰਕੀਟ ਸਮੇਤ ਹੋਰਨਾਂ ਥਾਵਾਂ ’ਤੇ ਜਾ ਕੇ ਦੁੱਧ, ਦੁੱਧ ਨਾਲ ਬਣੀਆਂ ਵਸਤੂਆਂ ਅਤੇ ਹੋਰ ਖਾਣ ਪੀਣ ਦੇ ਸਮਾਨ ਦੀ ਜਾਂਚ ਕੀਤੀ। ਟੀਮ ਨੇ ਦੁਕਾਨਦਾਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦਿਆ ਦੱਸਿਆ ਕਿ ਫੂਡ ਸੇਫ਼ਟੀ ਕਾਨੂੰਨ ਤਹਿਤ ਦੁੱਧ ਵਿੱਚ ਮਿਲਾਵਟ ਕਰਨ ਲਈ ਜ਼ਿੰਮੇਵਾਰ ਵਿਅਕਤੀਆਂ ਲਈ ਸਜ਼ਾ ਅਤੇ ਜੁਰਮਾਨਾ ਜਾਂ ਦੋਹਾਂ ਦੀ ਵਿਵਸਥਾ ਹੈ। ਉਨ੍ਹਾਂ ਦੱਸਿਆ ਕਿ ਟੀਮ ਨੇ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਸਫ਼ਾਈ ਵਿਵਸਥਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕਈ ਦੁਕਾਨਦਾਰਾਂ ਨੂੰ ਪਹਿਲੀ ਅਚਨਚੇਤ ਚੈਕਿੰਗ ਹੋਣ ਕਾਰਨ ਸਿਰਫ਼ ਤਾੜਨਾ ਹੀ ਕੀਤੀ ਗਈ ਹੈ। ਉਂਜ ਉਨ੍ਹਾਂ ਕਿਹਾ ਕਿ ਜੇਕਰ ਦੂਜੀ ਵਾਰ ਚੈਕਿੰਗ ਦੌਰਾਨ ਸੈਂਪਲਾਂ ਦੀ ਜਾਂਚ ਵਿੱਚ ਕੋਈ ਗੜਬੜੀ ਪਾਈ ਗਈ ਤਾਂ ਸਬੰਧਤ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਲਈ ਮਿਲਾਵਟ ਰਹਿਤ ਖ਼ੁਰਾਕੀ ਪਦਾਰਥਾਂ ਦੀ ਪੈਦਾਵਾਰ ਅਤੇ ਵਿਕਰੀ ਲਈ ਵਚਨਬੱਧ ਹੈ। ਇਸ ਸਬੰਧੀ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਗਈ ਹੈ ਅਤੇ ਸਪੱਸ਼ਟ ਨਿਰਦੇਸ਼Êਦਿੱਤੇ ਗਏ ਹਨ ਕਿ ਜਿੱਥੇ ਕਿਤੇ ਵੀ ਖ਼ੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਦੀ ਸ਼ਿਕਾਇਤ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਫਲਾਂ ਦੀਆਂ ਰੇਹੜੀਆਂ, ਦੁਕਾਨਾਂ, ਮਿਠਾਈਆਂ ਦੀਆਂ ਦੁਕਾਨਾਂ ਅਤੇ ਖਾਣ ਪੀਣ ਦੀਆਂ ਚੀਜ਼ਾਂ ਦੀਆਂ ਹੋਰ ਦੁਕਾਨਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ’ਤੇ ਸਾਫ਼-ਸਫ਼ਾਈ ਵੀ ਬਹੁਤ ਜ਼ਰੂਰੀ ਹੈ। ਅਜਿਹਾ ਨਾ ਹੋਣ ’ਤੇ ਦੁਕਾਨਦਾਰ ਨੂੰ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਦੁਕਾਨ ਦਾ ਲਾਇਸੈਂਸ ਵੀ ਰੱਦ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਿੱਥੇ ਕਿਤੇ ਵੀ ਮਿਲਾਵਟੀ ਦੁੱਧ ਜਾਂ ਹੋਰ ਖ਼ੁਰਾਕੀ ਵਸਤਾਂ ਦੀ ਪੈਦਾਵਾਰ ਹੁੰਦੀ ਵੇਖਣ ਜਾਂ ਉਨ੍ਹਾਂ ਨੂੰ ਅਜਿਹਾ ਇਲਮ ਹੋਵੇ ਤਾਂ ਉਹ ਤੁਰੰਤ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਕਿ ਸਖ਼ਤ ਕਾਰਵਾਈ ਕੀਤੀ ਜਾ ਸਕੇ। ਜਾਂਚ ਟੀਮ ਵਿੱਚ ਫ਼ੂਡ ਸੇਫ਼ਟੀ ਅਫ਼ਸਰ ਰਾਖੀ ਵਿਨਾਇਕ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…