
ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵਿਸ਼ੇਸ਼ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਤ ਪ੍ਰਾਪਤ ਕਰਨ ਸਬੰਧੀ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਦਾ ਮੁਹਾਲੀ ਦੇ ਵਸਨੀਕਾਂ ਵੱਲੋਂ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨਰਿੰਦਰ ਕੰਗ ਵੱਲੋਂ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਚਲੋ ਕਾਫ਼ਲੇ ਤਹਿਤ ਕਿਸਾਨਾਂ ਨੂੰ ਦਿੱਲੀ ਭੇਜਣ ਅਤੇ ਕਿਸਾਨੀ ਝੰਡਿਆਂ ਦੀ ਕੀਤੀ ਮੁਫ਼ਤ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ ਭਰ ਵਿੱਚ ਸਮੂਹ ਵਰਗਾਂ ਅਤੇ ਧਰਮਾਂ ਦੇ ਲੋਕਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਸਦਕਾ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਕਿਸਾਨਾਂ ਨੇ ਦਿੱਲੀ ਮੋਰਚਖਾ ਫਤਿਹ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਨਾਮ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ, ਕਿਉਂਕਿ ਖੇਤੀ ਬਿੱਲਾਂ ਖ਼ਿਲਾਫ਼ ਵਿੱਢੇ ਸੰਘਰਸ਼ ਨੇ ਆਮ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਸਬੰਧੀ ਸੰਸਾਰ ਨੂੰ ਨਵੀਂ ਸੇਧ ਦਿੱਤੀ ਹੈ।
ਇਸ ਮੌਕੇ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ ਦੇ ਅੰਨਦਾਤਾ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੂੰ ਗੁਆ ਕੇ ਇਹ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਸਲਾਹ ਕਰਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਉਪਰਾਲਾ ਕਰਨਗੇ। ਸ੍ਰੀ ਕੰਗ ਨੇ ‘ਦਿੱਲੀ ਚਲੋ’ ਕਾਫ਼ਲੇ ਤਹਿਤ ਕਿਸਾਨੀ ਸੰਘਰਸ਼ ਵਿੱਚ ਮੁਹਾਲੀ ਵਾਸੀਆਂ ਵੱਲੋਂ ਪਾਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਪ੍ਰੇਮੀ ਤੇ ਉੱਘੇ ਵਿਦਵਾਨ ਡਾ. ਪਿਆਰੇ ਲਾਲ ਗਰਗ, ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਸਤਵੰਤ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।