
ਮੁਹਾਲੀ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਮੁਕੰਮਲ
244 ਕੈਂਪਾਂ ਵਿੱਚ 2660 ਬੱਚਿਆਂ ਤੇ 425 ਗਰਭਵਤੀ ਅੌਰਤਾਂ ਦਾ ਟੀਕਾਕਰਨ ਕੀਤਾ: ਸਿਵਲ ਸਰਜਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮਨਾਇਆ ਗਿਆ ਵਿਸ਼ੇਸ਼ ਟੀਕਾਕਰਨ ਹਫ਼ਤਾ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਿਆ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਮੁੱਚੇ ਜ਼ਿਲ੍ਹੇ ਵਿੱਚ 244 ਕੈਂਪ ਲਗਾਏ ਗਏ। ਜਿਨ੍ਹਾਂ ਵਿੱਚ 2660 ਬੱਚਿਆਂ ਅਤੇ 425 ਗਰਭਵਤੀ ਅੌਰਤਾਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਉਦੇਸ਼ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਅੌਰਤਾਂ ਦੇ ਟੀਕਾਕਰਨ ਕਰਨਾ ਸੀ। ਇਸ ਲਈ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਅੌਰਤਾਂ ਜਿਨ੍ਹਾਂ ਦਾ ਟੀਕਾਕਰਨ ਅਧੂਰਾ ਸੀ ਜਾਂ ਕਿਸੇ ਕਾਰਨ ਉਹ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਕੋਈ ਲਾਭਪਾਤਰੀ ਵਾਂਝਾ ਰਿਹਾ ਗਿਆ ਹੈ ਤਾਂ ਉਹ ਆਪਣੇ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਟੀਕਾਕਰਨ ਕਰਵਾ ਸਕਦਾ ਹੈ।
ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਉੱਚ ਜੋਖ਼ਮ ਵਾਲੇ ਖੇਤਰ ਜਿਵੇਂ ਪ੍ਰਵਾਸੀ ਆਬਾਦੀ, ਖ਼ਾਨਾਬਦੋਸ਼ ਸਥਾਨ, ਇੱਟਾਂ ਦੇ ਭੱਠਿਆਂ ’ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀ ਅੌਰਤਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਈ ਵਾਰ ਬੱਚਿਆਂ ਦੀਆਂ ਜਨਮ ਖ਼ੁਰਾਕਾਂ ਰਹਿ ਜਾਂਦੀਆਂ ਹਨ, ਉਹ ਬੱਚੇ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤੇ ਗਏ। ਜਿਹੜੇ ਖੇਤਰਾਂ ਜਾਂ ਪਿੰਡਾਂ ਵਿੱਚ ਸਰਕਾਰੀ ਸਿਹਤ ਸਹੂਲਤਾਂ ਘੱਟ ਸਨ, ਉਨ੍ਹਾਂ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੇ ਕੀਤੀ। ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਸਟਾਫ਼ ਦੀ ਸ਼ਲਾਘਾ ਕੀਤੀ।