
ਕੱਚੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਕੋਠੀ ਵੱਲ ਕੂਚ
ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਦੇ ਅਫ਼ਸਰ, ਲਿਖਤੀ ਪ੍ਰਵਾਨਗੀ ਦੇ ਬਾਵਜੂਦ ਮੁਲਾਜ਼ਮ ਸੜਕਾਂ ’ਤੇ ਰਾਤਾਂ ਕੱਟਣ ਲਈ ਮਜਬੂਰ
3 ਜਨਵਰੀ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਵਿੱਤ ਨਾਲ ਮੀਟਿੰਗ ਤੈਅ ਕਰਵਾ ਕੇ ਗੁੱਸਾ ਕੀਤਾ ਸ਼ਾਂਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕੱਚੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਿੱਖਿਆ ਭਵਨ ਦੇ ਬਾਹਰ ਕੱਚੇ ਮੁਲਾਜ਼ਮਾਂ ਦਾ ਲੜੀਵਾਰ ਧਰਨਾ ਅੱਜ 38ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਲੇਕਿਨ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਜਿਸ ਕਾਰਨ ਨੱਕੋ-ਨੱਕ ਭਰੇ ਨਾਲ ਭਰੇ ਕੱਚੇ ਕਾਮਿਆਂ ਨੇ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਚਾਲੇ ਪਾ ਦਿੱਤੇ ਲੇਕਿਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦਾ ਡੱਕ ਲਿਆ ਅਤੇ ਉਨ੍ਹਾਂ ਦੀ ਗੱਲ ਸੁਣਨ ਤੋਂ ਬਾਅਦ ਐਸਡੀਐਮ ਅਤੇ ਪੁਲੀਸ ਅਫ਼ਸਰਾਂ ਨੇ ਸਰਕਾਰ ਨਾਲ ਰਾਬਤਾ ਕਰਕੇ 3 ਜਨਵਰੀ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਾਲ ਮੀਟਿੰਗ ਤੈਅ ਕਰਵਾਈ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਠੰਢਾ ਹੋਇਆ।
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਵੱਖ-ਵੱਖ ਢੰਗ ਤਰੀਕੇ ਅਪਣਾ ਕੇ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੰਨ੍ਹੀ ਬੋਲੀ ਸਰਕਾਰ ਨੂੰ ਨਾ ਕੁੱਝ ਦਿਖਦਾ ਹੈ ਅਤੇ ਨਾ ਕੁੱਝ ਸੁਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਲਾਰੇ ਲਗਾ ਕੇ ਡੰਗ ਟਪਾਉਂਦੇ ਆ ਰਹੇ ਹਨ।
ਉਨ੍ਹਾਂ ਹੈਰਾਨੀ ਦੀ ਗੱਲ ਮੁੱਖ ਮੰਤਰੀ ਦੇ ਹੁਕਮਾਂ ਨੂੰ ਅਫ਼ਸਰਸ਼ਾਹੀ ਟਿੱਚ ਜਾਣਦੀ ਹੈ ਅਤੇ ਲਿਖਤੀ ਪ੍ਰਵਾਨਗੀ ਦੇ ਬਾਵਜੂਦ ਦਫ਼ਤਰੀ ਮੁਲਾਜ਼ਮ ਹੱਡ ਚੀਰਵੀਂ ਠੰਢ ਵਿੱਚ ਸੜਕਾਂ ’ਤੇ ਰਾਤਾਂ ਕੱਟਣ ਲਈ ਮਜਬੂਰ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ ਜਿਵੇਂ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਘਰ-ਘਰ ਜਾ ਕੇ ਵੋਟਾਂ ਮੰਗਦੇ ਹਨ, ਉਸੇ ਤਰ੍ਹਾਂ ਕੱਚੇ ਕਰਮਚਾਰੀ ਵੀ ਘਰ-ਘਰ ਜਾ ਕੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਐਲਾਨਾਂ ਦੀ ਪੋਲ ਖੋਲ੍ਹਣ ਲਈ ਭੰਡੀ ਪ੍ਰਚਾਰ ਕਰਨਗੇ।