ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆਂ ਵੱਲੋਂ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ

ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਕੋਠੀ ਵੱਲ ਕੀਤਾ ਮਾਰਚ, ਮੁਹਾਲੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਚੰਨੀ ਨਾਲ ਮੀਟਿੰਗ ਦਾ ਦਿੱਤਾ ਭਰੋਸਾ

25 ਨਵੰਬਰ ਨੂੰ ਮੁਹਾਲੀ ਧਰਨੇ ਵਿੱਚ ਭੁੱਖ-ਹੜਤਾਲ ’ਤੇ ਬੈਠਣਗੀਆਂ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ

ਕਾਂਗਰਸ ਸਰਕਾਰ ’ਤੇ ਪਿਛਲੀ ਅਕਾਲੀ ਸਰਕਾਰ ਵਾਂਗ ਕੱਚੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਲਾਇਆ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਪੰਜਾਬ ਵਿੱਚ ਸਿੱਖਿਆ ਵਿਭਾਗ ਨੂੰ ਦੇਸ਼ ਭਰ ’ਚੋਂ ਪਹਿਲੇ ਨੰਬਰ ’ਤੇ ਲਿਆਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲਾ ਦਫ਼ਤਰੀ ਸਟਾਫ਼ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੈ। ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਅਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਅੱਜ ਇੱਥੇ ਕੱਚੇ ਦਫ਼ਤਰੀ ਕਾਮਿਆਂ ਨੇ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ।
ਕਾਂਗਰਸ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਨਿੱਤ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ ਜਦੋਂਕਿ ਸਚਾਈ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ’ਤੇ ਪਹਿਲੇ ਦਿਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਸੀ ਅਤੇ ਬੀਤੀ 9 ਨਵੰਬਰ ਨੂੰ ਮੁੱਖ ਮੰਤਰੀ ਨੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ 11 ਨਵੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬਿੱਲ ਪਾਸ ਕਰਕੇ ਵਾਹਾਵਾਹੀ ਲੁੱਟੀ ਸੀ ਪਰ ਹੁਣ ਤੱਕ ਅੱਗੇ ਕਾਰਵਾਈ ਨਹੀਂ ਤੁਰੀ ਅਤੇ ਨਾ ਹੀ ਨੋਟੀਫਾਈ ਕਰਕੇ ਵਿਭਾਗਾਂ ਨੂੰ ਨਹੀ ਭੇਜਿਆ ਗਿਆ।
ਜਿਸ ਦੇ ਰੋਸ ਵਜੋਂ ਅੱਜ ਦਫ਼ਤਰੀ ਸਟਾਫ਼ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।

ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਦੌਰਾਨ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵੱਲ ਮਾਰਚ ਕੀਤਾ ਗਿਆ ਪ੍ਰੰਤੂ ਮੁਹਾਲੀ ਪੁਲੀਸ ਨੇ ਵਾਈਪੀਐਸ ਚੌਕ ’ਤੇ ਬੈਰੀਕੇਟਿੰਗ ਕਰਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ। ਜਿਸ ਕਾਰਨ ਕੱਚੇ ਮੁਲਾਜ਼ਮ ਉੱਥੇ ਹੀ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਪ੍ਰਸ਼ਾਸਨ ਨੇ ਭਲਕੇ 24 ਨਵੰਬਰ ਨੂੰ ਸਾਢੇ 12 ਵਜੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ। ਇਸ ਮਗਰੋਂ ਕੱਚੇ ਮੁਲਾਜ਼ਮ ਮੁੜ ਸਿੱਖਿਆ ਭਵਨ ਦੇ ਬਾਹਰ ਧਰਨੇ ’ਤੇ ਬੈਠ ਗਏ।

ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਬੁੱਧਵਾਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮਸਲੇ ਦਾ ਪੱਕਾ ਹੱਲ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 25 ਨਵੰਬਰ ਨੂੰ ਮੁਹਾਲੀ ਧਰਨੇ ਵਿੱਚ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ ਵੱਲੋਂ 24 ਘੰਟੇ ਦੀ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਕੱਚੇ ਮੁਲਾਜ਼ਮ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੇ ਪੱਤਰ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…