
ਐਸਐਸਏ ਦਫ਼ਤਰੀ ਕੱਚੇ ਕਾਮਿਆਂ ਵੱਲੋਂ ਬਾਜ਼ਾਰਾਂ ਵਿੱਚ ਸਰਕਾਰ ਵਿਰੁੱਧ ਭੰਡੀ ਪ੍ਰਚਾਰ
ਸਿੱਖਿਆ ਭਵਨ ਦੇ ਬਾਹਰ ਲੜੀਵਾਰ ਪੱਕਾ ਧਰਨਾ 30ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕਰਦਿਆਂ ਵੱਖ-ਵੱਖ ਮਾਰਕੀਟਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਧਰ, ਸਿੱਖਿਆ ਭਵਨ ਦੇ ਬਾਹਰ ਲੜੀਵਾਰ ਪੱਕਾ ਧਰਨਾ ਬੁੱਧਵਾਰ ਨੂੰ 30ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਮੁੱਖ ਆਗੂਆਂ ਵਿਕਾਸ ਕੁਮਾਰ, ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਦਵਿੰਦਰਜੀਤ ਸਿੰਘ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਇਕ ਮਹੀਨੇ ਤੋਂ ਸਿੱਖਿਆ ਭਵਨ ਦੇ ਬਾਹਰ ਪੱਕੇ ਧਰਨੇ ਉੱਤੇ ਬੈਠੇ ਹਨ ਪ੍ਰੰਤੂ ਹੁਣ ਤੱਕ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਵਾਰ-ਵਾਰ ਕਹਿ ਰਹੇ ਹਨ ਕਿ 29 ਨਵੰਬਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਅਹਿਮ ਫੈਸਲੇ ਲਏ ਗਏ ਹਨ ਪ੍ਰੰਤੂ 24 ਦਿਨ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੇ ਹੱਥ ਖਾਲੀ ਹਨ।
ਸਾਂਤਾ ਕਲਾਜ ਬਣੇ ਦਫ਼ਤਰੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਦਾ ਸ਼ੋਸ਼ਣ ਕਰ ਰਹੀ ਹੈ। ਅੱਜ ਉਨ੍ਹਾਂ ਨੇ ਜਨਤਾ ਦੇ ਸਾਹਮਣੇ ਪੰਜਾਬ ਸਰਕਾਰ ਦਾ ਪਿਟਾਰਾ ਖੋਲ੍ਹਿਆ। ਜਿਸ ’ਚੋਂ ਸਿਰਫ਼ ਲੋਲੀਪੋਪ, ਬੇਰੁਜ਼ਗਾਰੀ ਭੱਤੇ ਦੇ ਖਾਲੀ ਚੈੱਕ, ਕਾਰਾਂ ਤੇ ਜਹਾਜ ਦੇ ਖਿਡੌਣੇ, ਕੱਚੇ ਮੁਲਾਜ਼ਮ ਪੱਕੇ ਕਰਨ ਦੇ ਆਰਡਰਾਂ ਦੇ ਝੂਠੇ ਲਾਰੇ, ਬੇਰੁਜ਼ਗਾਰਾਂ ਨੂੰ ਲਾਰਿਆਂ ਦੇ ਆਰਡਰ ਨਿਕਲੇ ਜੋ ਮੌਕੇ ’ਤੇ ਹੀ ਲੋਕਾਂ ਵਿੱਚ ਵੰਡੇ ਗਏ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਖੋਟ ਹੈ।