
ਦਫ਼ਤਰੀ ਕੱਚੇ ਕਾਮਿਆ ਵੱਲੋਂ ਸ਼ਹਿਰ ਵਿੱਚ ਪੈਦਲ ਰੋਸ ਮਾਰਚ, ਪੰਜਾਬ ਸਰਕਾਰ ਦਾ ਪਿੱਟ ਸਿਆਪਾ
ਮੁੱਖ ਮੰਤਰੀ ਅਤੇ ਵਿੱਤ ਮੰਤਰੀ ’ਤੇ ਲਗਾਤਾਰ ਝੂਠ ਬੋਲ ਕੇ ਡੰਗ ਟਪਾਉਣ ਦਾ ਦੋਸ਼, ਅਧਿਕਾਰੀਆਂ ਨੇ ਕਾਰਵਾਈ ਤੋਂ ਪੱਲਾ ਝਾੜਿਆ
ਸਿੱਖਿਆ ਭਵਨ ਦੇ ਬਾਹਰ ਲੜੀਵਾਰ ਪੱਕਾ ਧਰਨਾ 28ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਧਰ, ਸਿੱਖਿਆ ਭਵਨ ਦੇ ਬਾਹਰ ਲੜੀਵਾਰ ਪੱਕਾ ਧਰਨਾ ਸੋਮਵਾਰ ਨੂੰ 28ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਇੱਥੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕੱਚੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰਦੇ ਹੋਏ ਵਿਜੀਲੈਂਸ ਭਵਨ ਤੱਕ ਪੈਦਲ ਮਾਰਚ ਕੀਤਾ।
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਮੁੱਖ ਆਗੂਆਂ ਵਿਕਾਸ ਕੁਮਾਰ, ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਜਿਵੇਂ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਕੱਚੇ ਕਾਮਿਆਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਅਤੇ ਫੌਕੇ ਐਲਾਨਾਂ ਦੀ ਪੋਲ ਖੋਲ੍ਹਣ ਲਈ ਗਲੀ ਮੁਹੱਲਿਆਂ ਵਿੱਚ ਭੰਡੀ ਪ੍ਰਚਾਰ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਵਾਰ ਵਾਰ ਕਹਿ ਰਹੇ ਹਨ ਬੀਤੀ 29 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਬਾਰੇ ਅਹਿਮ ਫੈਸਲੇ ਲਏ ਗਏ ਹਨ ਅਤੇ ਅੰਤਿਮ ਫੈਸਲਾ ਮੁੱਖ ਮੰਤਰੀ ਵੱਲੋਂ ਲੈ ਕੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਕੀਤੀਆ ਜਾਣੀਆ ਹਨ ਪਰ 22 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਹੱਥ ਖਾਲੀ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ 11 ਨਵੰਬਰ ਨੂੰ ਵਿਧਾਨ ਸਭਾ ਵਿੱਚ ਨਵਾਂ ਐਕਟ ਪਾਸ ਕਰਦੇ ਹੋਏ 36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ। ਇਸ ਸਬੰਧੀ ਜਦੋਂ ਵੀ ਵਿਭਾਗੀ ਅਧਿਕਾਰੀਆਂ ਨਾਲ ਗੱਲ ਕੀਤੀ ਜਾਂਦੀ ਹੈ, ਉੱਚ ਅਧਿਕਾਰੀ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਹਾਲੇ ਤੱਕ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ ਜਦੋਂ ਨੋਟੀਫ਼ਿਕੇਸ਼ਨ ਜਾਰੀ ਹੋਵੇਗਾ ਤਾਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੁੱਢਲੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਖੋਟ ਹੈ।