
ਬਾਜ਼ਾਰਾਂ ਤੇ ਗਲੀ ਮੁਹੱਲਿਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਭੰਡੀ ਪ੍ਰਚਾਰ
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆ ਵੱਲੋਂ ਰੈਗੂਲਰ ਹੋਣ ਤੱਕ ਸਿੱਖਿਆ ਭਵਨ ਦੇ ਬਾਹਰ ਧਰਨਾ ਜਾਰੀ ਰੱਖਣ ਦਾ ਐਲਾਨ
3 ਦਸੰਬਰ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਹੋਣ ’ਤੇ ਸੋਮਵਾਰ ਤੋਂ ਕੀਤੀ ਜਾਵੇਗੀ ਕਲਮਛੋੜ ਹੜਤਾਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਬਲਜਿੰਦਰ ਸਿੰਘ, ਯੁਵਰਾਜ ਸ਼ਰਮਾ ਦੀ ਸਾਂਝੀ ਅਗਵਾਈ ਹੇਠ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਵੀਰਵਾਰ ਨੂੰ 10ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਕੱਚੇ ਕਾਮਿਆਂ ਨੇ ਪੈਦਲ ਰੋਸ ਮਾਰਚ ਕਰਦਿਆਂ ਇੱਥੋਂ ਦੇ ਫੇਜ਼-3ਬੀ2 ਸਥਿਤ ਮਾਰਕੀਟ ਅਤੇ ਗਲੀ ਮੁਹੱਲਿਆਂ ਵਿੱਚ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਹੁਕਮਰਾਨਾਂ ਦੇ ਝੂਠੇ ਲਾਰਿਆਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਸਿਰਫ਼ ਫੌਕੇ ਐਲਾਨ ਕਰ ਕੇ ਡੰਗ ਟਪਾ ਰਹੀ ਹੈ।
ਮੁਲਾਜ਼ਮ ਆਗੂ ਪ੍ਰਵੀਨ ਸ਼ਰਮਾ, ਸਰਬਜੀਤ ਸਿੰਘ, ਕੁਲਦੀਪ ਸਿੰਘ ਅਤੇ ਸ਼ੋਭਿਤ ਭਗਤ ਨੇ ਕਿਹਾ ਕਿ ਸਰਕਾਰ ਨੇ ਨਿੱਤ ਦਿਨ ਐਲਾਨ ਤਾਂ ਬਹੁਤ ਵੱਡੇ ਵੱਡੇ ਕਰ ਰਹੀ ਹੈ ਪਰ ਹੁਣ ਤੱਕ ਕਿਸੇ ਇਕ ਵੀ ਐਲਾਨ ਨੂੰ ਅਮਲੀ ਜਾਮਾ ਨਹੀਂ ਪਹੁੰਚਾਇਆ ਗਿਆ। ਜਿਸ ਕਾਰਨ ਸਰਕਾਰੀ ਐਲਾਨ ਤੇ ਇਸ਼ਤਿਹਾਰੀ ਬੋਰਡ ਮਹਿਜ਼ ਚਿੱਟਾ ਹਾਥੀ ਸਾਬਤ ਹੋ ਰਹੇ ਹਨ। ਇਨ੍ਹਾਂ ਐਲਾਨਾਂ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਅਹਿਮ ਐਲਾਨ ਸੀ ਪ੍ਰੰਤੂ ਜੇਕਰ ਕਿਸੇ ਨੇ ਜ਼ਮੀਨੀ ਹਕੀਕਤ ਬਾਰੇ ਪਤਾ ਲਗਾਉਣਾ ਹੈ ਤਾਂ ਉਹ ਸਿੱਖਿਆ ਭਵਨ ਸਮੇਤ ਹੋਰਨਾਂ ਥਾਵਾਂ ’ਤੇ ਧਰਨਿਆਂ ਉੱਤੇ ਬੈਠੇ ਮੁਲਾਜ਼ਮਾਂ ਨੂੰ ਮਿਲਣ ਦੀ ਕੋਸ਼ਿਸ਼ ਜ਼ਰੂਰ ਕਰੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਦੌਰਾਨ ਸਰਕਾਰ ਦੀਆਂ ਮਾੜੀਆਂ ਅਤੇ ਲੋਕ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਕੱਚੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਨੰਗੇ ਪੈਰ ਸਿੱਖਿਆ ਮੰਤਰੀ ਦੇ ਘਰ ਵੱਲ ਮਾਰਚ ਕੀਤਾ ਗਿਆ ਸੀ ਅਤੇ ਪ੍ਰਸ਼ਾਸਨ ਨੇ ਭਲਕੇ ਸ਼ੁੱਕਰਵਾਰ ਨੂੰ ਪਰਗਟ ਸਿੰਘ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿੱਚ ਸਿੱਖਿਆ ਮੰਤਰੀ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ ਸੋਮਵਾਰ ਤੋਂ ਮੁਲਾਜ਼ਮਾਂ ਵੱਲੋਂ ਸਿੱਖਿਆ ਵਿਭਾਗ ਦਾ ਮੁਕੰਮਲ ਕੰਮ ਠੱਪ ਕੀਤਾ ਜਾਵੇਗਾ।