nabaz-e-punjab.com

ਸਰਦੀ ਦੇ ਮੌਸਮ ਵਿੱਚ ਫੇਜ਼-11 ਵਿੱਚ ਪੀਣ ਵਾਲੇ ਪਾਣੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਇੱਥੋਂ ਦੇ ਫੇਜ਼-11 ਵਿੱਚ ਸਰਦੀ ਦੇ ਮੌਸਮ ਵਿੱਚ ਸੋਮਵਾਰ ਰਾਤ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਅੱਜ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਕੋਈ ਅਗਾਊਂ ਸੂਚਨਾ ਦਿੱਤੇ ਬਗੈਰ ਹੀ ਫੇਜ਼-11 ਵਿੱਚ ਪਾਣੀ ਸਪਲਾਈ ਬੰਦ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਨ ਸਿਹਤ ਵਿਭਾਗ ਦੇ ਜੇਈ ਨੇ ਸੰਪਰਕ ਕਰਨ ’ਤੇ ਉਨ੍ਹਾਂ ਇਹ ਕਹਿ ਕੇ ਆਪਣਾ ਪੱਲਾ ਝਾੜ ਲਿਆ ਕਿ ਸਥਾਨਕ ਸੈਕਟਰ-57 ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਪਿੱਛੋਂ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ। ਜਿਸ ਕਾਰਨ ਰਿਹਾਇਸ਼ੀ ਇਲਾਕੇ ਪਾਣੀ ਦੀ ਸਪਲਾਈ ਬੰਦ ਹੈ।
ਸ੍ਰੀ ਬਰਨਾਲਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਸਬੰਧੀ ਐਸਡੀਓ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਇਹ ਸਮੱਸਿਆ ਆਈ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਦੋਵੇਂ ਅਧਿਕਾਰੀ ਵੱਖ ਵੱਖ ਸਮੱਸਿਆਵਾਂ ਦੱਸ ਰਹੇ ਹਨ ਪਰ ਹੱਲ ਕਿਸੇ ਕੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਫੇਜ਼-10 ਅਤੇ ਫੇਜ਼-11 ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਫੇਜ਼-10 ਵਿੱਚ ਬਣਾਏ ਅੰਡਰ ਗਰਾਉਂਡ ਟੈਂਕ ਤੋਂ ਹੁੰਦੀ ਹੈ ਅਤੇ ਇੱਥੇ ਘੱਟੋ ਘੱਟ ਦੋ ਦਿਨ ਦਾ ਪਾਣੀ ਸਟਾਕ ਕਰਕੇ ਰੱਖਣਾ ਚਾਹੀਦਾ ਹੈ ਤਾਂ ਜੋ ਪਿੱਛੋਂ ਅਚਾਨਕ ਕੋਈ ਤਕਨੀਕੀ ਖਰਾਬੀ ਹੋਣ ਦੀ ਸੂਰਤ ਵਿੱਚ ਸ਼ਹਿਰ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਵੀ ਕੋਈ ਸਮੱਸਿਆ ਹੁੰਦੀ ਸੀ ਤਾਂ ਇਸ ਖੇਤਰ ਦੇ ਜੇਈ ਵੱਲੋਂ ਉਸ ਦੀ ਅਗਾਊਂ ਜਾਣਕਾਰੀ ਦਿੱਤੀ ਜਾਂਦੀ ਸੀ ਪ੍ਰੰਤੂ ਹੁਣ ਜਨ ਸਿਹਤ ਵਿਭਾਗ ਦੇ ਅਧਿਕਾਰੀ ਕੁੱਝ ਵੀ ਨਹੀਂ ਦੱਸਦੇ ਹਨ। ਜਿਸ ਕਾਰਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਦੀਆਂ ਵਿੱਚ ਇਹ ਹਾਲ ਹੈ ਤਾਂ ਗਰਮੀਆਂ ਵਿੱਚ ਭਲਾ ਕੀ ਹਾਲ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਉਧਰ, ਇਸ ਸਬੰਧੀ ਜਨ ਸਿਹਤ ਵਿਭਾਗ ਦੇ ਐਸਡੀਓ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਕਜੌਲੀ ਪਲਾਂਟ ਵਿੱਚ 66 ਕੇਵੀ ਲਾਈਨ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ’ਤੇ ਮੋਟਰਾਂ ਬੰਦ ਹੋਣ ਕਾਰਨ ਪਾਣੀ ਦੀ ਸਪਲਾਈ ਨਹੀਂ ਹੋਈ ਅਤੇ ਅੰਡਰ ਗਰਾਉਂਡ ਵਾਟਰ ਟੈਂਕ ਵਿੱਚ ਪਾਣੀ ਦਾ ਲੈਵਲ ਹੇਠਾਂ ਜਾਣ ਕਾਰਨ ਫੇਜ਼-10 ਅਤੇ ਫੇਜ਼-11 ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਕਜੌਲੀ ਪਲਾਂਟ ਦੀਆਂ ਮੋਟਰਾਂ ਕੰਮ ਕਰਨ ਲੱਗ ਗਈਆਂ ਹਨ ਅਤੇ ਸ਼ਾਮ ਤੱਕ ਪਾਣੀ ਦੀ ਸਪਲਾਈ ਬਹਾਲ ਹੋ ਜਾਵੇਗੀ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…