
ਮੇਅਰ ਜੀਤੀ ਸਿੱਧੂ ਵੱਲੋਂ ਬਾਵਾ ਵਾਈਟ ਹਾਊਸ ਫੇਜ਼-11 ਤੋਂ ਕੁੰਭੜਾ ਚੌਕ ਤੱਕ ਸੜਕੀ ਆਵਾਜਾਈ ਸ਼ੁਰੂ
ਮੇਅਰ ਜੀਤੀ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਇਕ ਹੋਰ ਤੋਹਫ਼ਾ
ਦੀਵਾਲੀ ਤੋਂ ਪਹਿਲਾਂ ਮੁੱਖ ਸੜਕ ਲੋਕਾਂ ਲਈ ਖੋਲ੍ਹਣ ਦਾ ਵਾਅਦਾ ਪੂਰਾ ਕੀਤਾ: ਜੀਤੀ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ ਦਿੰਦਿਆਂ ਬਾਵਾ ਵਾਈਟ ਹਾਊਸ ਫੇਜ਼-11 ਤੋਂ ਕੁੰਭੜਾ ਚੌਕ ਤੱਕ ਮੁੱਖ ਸੜਕ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਇਹ ਸੜਕ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈ ਸੀ। ਸ਼ਹਿਰ ਵਿੱਚ ਚਾਰ ਦਹਾਕੇ ਪੁਰਾਣੀ ਸੀਵਰੇਜ ਲਾਈਨ ਦੀ ਥਾਂ ਨਵੇਂ ਸਿਰਿਓਂ ਪਾਈਪਲਾਈਨ ਵਿਛਾਉਣ ਕਾਰਨ ਪੁੱਟੀ ਗਈ ਇਸ ਸੜਕ ਤੋਂ ਲਾਂਘਾ ਬੰਦ ਹੋ ਗਿਆ ਸੀ।
ਜੀਤੀ ਸਿੱਧੂ ਨੇ ਦੱਸਿਆ ਕਿ ਪਾਈਪਲਾਈਨ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਸੜਕ ਬਣਾਉਣ ਲਈ 10 ਕਰੋੜ ਰੁਪਏ ਦਾ ਠੇਕਾ ਦਿੱਤਾ ਗਿਆ ਸੀ। ਬਰਸਾਤਾਂ ਕਾਰਨ ਅਤੇ ਤਕਨੀਕੀ ਪੱਖੋਂ ਸੜਕ ਨੂੰ ਮਜ਼ਬੂਤ ਬਣਾਉਣ ਲਈ ਥੋੜ੍ਹਾ ਸਮਾਂ ਤਾਂ ਵੱਧ ਜ਼ਰੂਰ ਲੱਗ ਗਿਆ ਹੈ ਪਰ ਉਨ੍ਹਾਂ ਨੇ ਲੋਕਾਂ ਨਾਲ ਦੀਵਾਲੀ ਤੋਂ ਪਹਿਲਾਂ ਇਸ ਸੜਕ ਨੂੰ ਖੋਲ੍ਹਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਸੜਕ ’ਤੇ ਆਵਾਜਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਮੇਅਰ ਨੇ ਸੜਕ ਦੀ ਆਵਾਜਾਈ ਆਰੰਭ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਟੀਚਾ ਮੁਹਾਲੀ ਵਿੱਚ ਵੱਧ ਤੋਂ ਵੱਧ ਵਿਕਾਸ ਦੇ ਕੰਮ ਕਰਵਾਉਣ ਦਾ ਹੈ ਅਤੇ ਪਹਿਲ ਦੇ ਆਧਾਰ ਤੇ ਪੂਰੇ ਮੁਹਾਲੀ ਵਿਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਉਹ ਕਿਸੇ ਵੀ ਤਰ੍ਹਾਂ ਦੀ ਸੌੜੀ ਰਾਜਨੀਤੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ ਤੇ ਨਾ ਹੀ ਉਨ੍ਹਾਂ ਦੀ ਟੀਮ ਇਸ ਮਾਮਲੇ ਵਿੱਚ ਕੋਈ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਬਹੁਤ ਵੱਡੇ ਬਹੁਮਤ ਨਾਲ ਜਿਤਾ ਕੇ ਮੁਹਾਲੀ ਦੇ ਲੋਕਾਂ ਨੇ ਨਗਰ ਨਿਗਮ ਵਿਚ ਭੇਜਿਆ ਹੈ ਤੇ ਉਨ੍ਹਾਂ ਨੂੰ ਮੇਅਰ ਦਾ ਅਹੁਦਾ ਬਖ਼ਸ਼ਿਆ ਹੈ ਇਸ ਲਈ ਉਹ ਮੁਹਾਲੀ ਦੇ ਕਿਸੇ ਵੀ ਹਿੱਸੇ ਨਾਲ ਵਿਤਕਰਾ ਕਰਨ ਦੀ ਕੁਤਾਹੀ ਨਹੀਂ ਕਰ ਸਕਦੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਲੋਕ ਸਮੇਂ ਸਿਰ ਆਪਣਾ ਟੈਕਸ ਭਰ ਕੇ ਮੁਹਾਲੀ ਨਗਰ ਨਿਗਮ ਨੂੰ ਵਿੱਤੀ ਤੌਰ ਤੇ ਮਜ਼ਬੂਤ ਬਣਾ ਰਹੇ ਹਨ ਅਤੇ ਉਨ੍ਹਾਂ ਦਾ ਪੈਸਾ ਹੀ ਸ਼ਹਿਰ ਦੇ ਵਿਕਾਸ ਕਾਰਜਾਂ ਉੱਤੇ ਲੱਗਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਇਸ ਗੱਲ ਨੂੰ ਯਕੀਨੀ ਬਣਾ ਰਹੇ ਹਨ ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਕੁਆਲਿਟੀ ਵਧੀਆ ਹੋਵੇ ਅਤੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾਣ ਅਤੇ ਇਸ ਵਾਸਤੇ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪੂਰੀ ਨਜ਼ਰਸਾਨੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਵੀ ਸਿੱਧੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੰਮਾਂ ਦੇ ਮਾਮਲੇ ਦੇ ਵਿੱਚ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿਚ ਵਿਕਾਸ ਕਾਰਜਾਂ ਲਈ ਕਿਸੇ ਤਰ੍ਹਾਂ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਨਾ ਸਿਰਫ਼ ਬਿਮਾਰੀ ਨਗਰ ਨਿਗਮ ਨੂੰ ਸਰਕਾਰ ਤੋਂ ਗਰਾਂਟਾਂ ਦੁਆਈਆਂ ਹਨ ਸਗੋਂ ਮੁਹਾਲੀ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਵਿੱਚ ਪਏ ਕਰੋੜਾਂ ਰੁਪਏ ਦੇ ਬਕਾਏ ਵੀ ਨਗਰ ਨਿਗਮ ਨੂੰ ਦਿਵਾਏ ਹਨ ਜਿਸ ਨਾਲ ਵਿਕਾਸ ਕਾਰਜ ਕਰਵਾਉਣ ਵਿਚ ਫੰਡਾਂ ਦੀ ਕੋਈ ਕਮੀ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਸਨੀਕਾਂ ਦੀ ਸਲਾਹ ਅਤੇ ਲੋੜਾਂ ਅਨੁਸਾਰ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਮੁਹਾਲੀ ਵਾਸੀਆਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਫ਼ਾਇਦਾ ਹਾਸਲ ਹੋ ਸਕੇ। ਇਸ ਮੌਕੇ ਕੌਂਸਲਰ ਕਮਲਜੀਤ ਸਿੰਘ ਬਨੀ ਗਗਨ ਧਾਲੀਵਾਲ, ਨਗਰ ਨਿਗਮ ਦੇ ਐਕਸੀਅਨ ਹਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਠੇਕੇਦਾਰ ਕੰਪਨੀ ਦੇ ਨੁਮਾਇੰਦੇ ਮੌਜੂਦ ਸਨ।