ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲ ਬੱਸ ਹਾਦਸੇ ਦੀ ਜਾਂਚ ਦੇ ਹੁਕਮ

ਸਾਰੀਆਂ ਬੱਸਾਂ ‘ਸੇਫ਼ ਸਕੂਲ ਵਾਹਨ ਸਕੀਮ’ ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰਨ: ਸੁਕੇਸ਼ ਕਾਲੀਆ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪਿੰਡ ਸਿੰਘਪੁਰ ਨੇੜੇ ਦਸੂਹਾ-ਹਾਜੀਪੁਰ ਰੋਡ, ਹੁਸ਼ਿਆਰਪੁਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਦੇ ਹਾਦਸਾ ਗ੍ਰਸਤ ਹੋਣ ਨਾਲ 3 ਬੱਚਿਆਂ ਅਤੇ ਇਕ ਡਰਾਈਵਰ ਸਮੇਤ 4 ਮੌਤਾਂ ਹੋਣ ’ਤੇ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਕਿਹਾ ਕਿ ਸਕੂਲੀ ਬੱਚਿਆਂ ਵਾਲੀ ਬੱਸ ਨਾਲ ਵਾਪਰਿਆ ਇਹ ਹਾਦਸਾ ਅਸਹਿ ਹੈ ਅਤੇ ਇਸ ਤਰਾਂ ਦੇ ਹਾਦਸਿਆਂ ਨੂੰ ਰੋਕਣ ਲਈ ਜ਼ਿੰਮੇਵਾਰ ਮੁਲਜ਼ਮਾਂ ਵਿਰੱੁਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸੂਬਾ ਪੱਧਰ ’ਤੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਜਾਵੇ।
ਸ੍ਰੀ ਕਾਲੀਆ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਜਿਲ੍ਹਾ ਪੱਧਰ ’ਤੇ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪੱਧਰੀ ਕਮੇਟੀਆਂ ਲਗਾਤਾਰ ਸਕੂਲਾਂ ਦੇ ਵਾਹਨਾਂ ਦੀ ਨਿਧਾਰਿਤ ਕੀਤੇ ਮਾਪਦੰਡਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਉਣ ਅਤੇ ਨਿਰੀਕਣ ਕਰਨ ਕਿ ਸਾਰੀਆਂ ਬੱਸਾਂ ‘ਸੇਫ਼ ਸਕੂਲ ਵਾਹਨ ਸਕੀਮ’ ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰ ਰਹੀਆਂ ਹਨ।
ਸ੍ਰੀ ਕਾਲੀਆ ਨੇ ਦੱਸਿਆ ਕਿ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਚਲਾ ਕੇ ਸਕੂਲਾਂ ਦੀ ਮੈਨੇਜਮੈਂਟ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਸਪੈਸ਼ਲ ਸੈਮੀਨਾਰ ਆਯੋਜਿਤ ਕੀਤੇ ਜਾਣਗੇ ਜਿਸ ਅਧੀਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਟਰੈਫਿਕ ਨਿਯਮਾਂ, ਤਕਨੀਕੀ ਮਾਪਦੰਡਾਂ ਅਤੇ ਸੁੱਰਖਿਆ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਮੰਦਭਾਗੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਆਪਣੇ ਵਾਹਨ ਸੜਕ ’ਤੇ ਲਿਆਉਣ ਤੋਂ ਪਹਿਲਾਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਅਤੇ ਇਸ ਦੀ ਪਾਲਣਾ ਨਾਲ ਸੜਕ ਹਾਦਸੇ ਘੱਟ ਸਕਦੇ ਹਨ ਅਤੇ ਹਰੇਕ ਵਿਅਕਤੀ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ, ਇਨਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਸ੍ਰੀ ਕਾਲੀਆ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪਰ ਵਿਪੁਲ ਉਜਵਲ ਅਨੁਸਾਰ ਇਸ ਹਾਦਸੇ ਦੀ ਮੁਢਲੀ ਜਾਂਚ ਕਰਵਾ ਲਈ ਗਈ ਹੈ। ਉਨਾਂ ਕਿਹਾ ਕਿ ਜ਼ਿਲਾ ਟਰਾਂਸਪੋਰਟ ਅਫ਼ਸਰ ਵਲੋਂ ਕੀਤੀ ਇਸ ਜਾਂਚ ਅਨੁਸਾਰ ਸਬੰਧਤ ਪ੍ਰਾਈਵੇਟ ਸਕੂਲ ਦੀ ਦੁਰਘਟਨਾਗ੍ਰਸਤ ਇਸ ਬੱਸ ਸਮੇਤ ਇਸੇ ਸਕੂਲ ਦੀਆਂ 35 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਸਾਰੀਆਂ ਬੱਸਾਂ ‘ਸੇਫ਼ ਸਕੂਲ ਵਾਹਨ ਸਕੀਮ’ ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰ ਰਹੀਆਂ ਹਨ। ਇਸ ਤੋਂ ਇਲਾਵਾ ਟਰਾਂਸਪੋਰਟ ਦਫ਼ਤਰ ਦੇ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਵਲੋਂ ਐਕਸੀਡੈਂਟ ਵਾਲੀ ਸਕੂਲੀ ਬੱਸ ਦੀ ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਇਸ ਸਕੂਲ ਬੱਸ ’ਤੇ ਸਪੀਡ ਗਵਰਨਰ ਲੱਗਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸੁਭਾ ਪੱਧਰ ’ਤੇ ਬੱਸਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…