
ਗੜ੍ਹਦੀਵਾਲਾ ਵਿੱਚ ਪੰਜਾਬ ਗੱਤਕਾ ਚੈਂਪੀਅਨਸ਼ਿਪ 24 ਤੋਂ 26 ਫਰਵਰੀ ਤੱਕ: ਗਰੇਵਾਲ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ 17 ਫਰਵਰੀ:
ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੇ) 24 ਫਰਵਰੀ ਤੋਂ 26 ਫਰਵਰੀ ਤੱਕ ਖ਼ਾਲਸਾ ਕਾਲਜ ਗੜ੍ਹਦੀਵਾਲਾ, ਜਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਰਹਿਨੁਮਾਈ ਹੇਠ ਹੋ ਰਹੀ ਇਸ ਤਿੰਨ ਰੋਜਾ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਰਨਗੇ। ਦੂਜੇ ਦਿਨ ਦੇ ਮੁਕਾਬਲਿਆਂ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਰਨਗੇ।
ਗੱਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਪਟਿਆਲਾ ਅਤੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀ ਸਮਾਪਤੀ ਮੌਕੇ ਇਨਾਮਾਂ ਦੀ ਵੰਡ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ ਕਰਨਗੇ। ਉਨ੍ਹਾਂ ਸਮੂਹ ਜ਼ਿਲ੍ਹਾ ਐਸੋਸੀਏਸ਼ਨਾਂ ਨੂੰ ਆਖਿਆ ਕਿ ਉਹ ਸਮੇਂ ਸਿਰ ਆਪੋ ਆਪਣੇ ਜ਼ਿਲ੍ਹਿਆਂ ਵਿੱਚੋਂ ਲੜਕਿਆਂ ਦੀਆਂ ਟੀਮਾਂ ਲੈ ਕੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ।