
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਂ ’ਤੇ ਧੋਖਾ ਕਰ ਰਹੀ ਹੈ ਸੂਬਾ ਸਰਕਾਰ: ਡੇਲੀਵੇਜ ਕਰਮਚਾਰੀ ਯੂਨੀਅਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਪੰਜਾਬ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮਹਾ ਸੰਘ ਦੇ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਬੋਰਡ ਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਨੋਟੀਫ਼ਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ। ਮਹਾਸੰਘ ਦੇ ਸੱਦੇ ’ਤੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਬੋਰਡ ਤੇ ਕਾਰਪੋਰੇਸ਼ਨਾਂ ’ਤੇ ਇਹ ਨੋਟੀਫ਼ਿਕੇਸ਼ਨ ਲਾਗੂ ਨਾ ਕਰਨ ’ਤੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਡੇਲੀਵੇਜ ਕਰਮਚਾਰੀਆਂ ਨੇ ਗੇਟ ਮੀਟਿੰਗ ਕਰਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਤੇ ਜਨਰਲ ਸਕੱਤਰ ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਐਲਾਨ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਮ ’ਤੇ ਧੋਖਾ ਕਰ ਰਹੀ ਹੈ। ਜਿਸ ਨੂੰ ਕੱਚੇ ਮੁਲਾਜ਼ਮ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਘੱਟੋ-ਘੱਟ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਚੰਡੀਗੜ੍ਹ ਅਤੇ ਹਰਿਆਣਾ ਦੇ ਡੀਸੀ ਰੇਟਾਂ ਦੀ ਤਰਜ਼ ’ਤੇ ਪੰਜਾਬ ਦੇ ਡੀਸੀ ਰੇਟਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ, ਉਸੇ ਤਰ੍ਹਾਂ ਪੰਜਾਬ ਦੇ ਸਮੂਹ ਕੱਚੇ ਮੁਲਾਜ਼ਮਾਂ ਦੇ ਡੀਸੀ ਰੇਟ ਵੀ ਚੰਡੀਗੜ੍ਹ ਅਤੇ ਹਰਿਆਣਾ ਦੀ ਤਰਜ਼ ’ਤੇ ਕੀਤੇ ਜਾਣ।
ਆਗੂਆਂ ਨੇ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ ਮਿਲਣ ਕਾਰਨ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਅਜੋਕੇ ਸਮੇਂ ਵਿੱਚ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬਹੁਤ ਅੌਖਾ ਹੈ। ਪੰਜਾਬ ਦੇ ਕੱਚੇ ਮੁਲਾਜ਼ਮਾਂ ਦੇ ਡੀਸੀ ਰੇਟ ’ਚ ਕੀਤੇ ਨਿਗੂਣੇ ਜਿਹੇ ਵਾਧੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਮਹਾਸੰਘ ਦੇ ਸੱਦੇ ’ਤੇ 17 ਨਵੰਬਰ ਨੂੰ ਉਦਯੋਗ ਭਵਨ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਇੰਦਰਜੀਤ ਸਿੰਘ, ਰਾਜਕੁਮਾਰ, ਬੂਟਾ ਸਿੰਘ, ਭਗਵੰਤ ਸਿੰਘ, ਸੁਖਚੈਨ ਸਿੰਘ, ਮਨਦੀਪ ਸਿੰਘ, ਸੁਖਜਿੰਦਰ ਸਿੰਘ, ਨਿਰਮਲ ਸਿੰਘ, ਕਰਨ ਸਿੰਘ, ਗੁਰਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਤਜਿੰਦਰ ਸਿੰਘ, ਕੁਲਵੀਰ ਸਿੰਘ, ਕਰਮਜੀਤ ਕੌਰ, ਮਨਿੰਦਰ ਕੌਰ, ਰਾਜਪਾਲ ਕੌਰ, ਸੁਸ਼ਮਾ, ਸਤਿੰਦਰ ਕੌਰ, ਹਰਮੇਸ਼ ਕੌਰ, ਸੁਖਵਿੰਦਰ ਕੌਰ, ਸੀਮਾ ਰਾਣੀ, ਗੁਰਜੀਤ ਕੌਰ, ਸੁਰਿੰਦਰ ਕੌਰ, ਬਲਜੀਤ ਕੌਰ ਅਤੇ ਬੋਰਡ ਦੇ ਸਾਰੇ ਡੇਲੀਵੇਜ ਕਰਮਚਾਰੀ ਵੀ ਹਾਜ਼ਰ ਸਨ। ਇਹ ਜਾਣਕਾਰੀ ਪ੍ਰੈਸ ਸਕੱਤਰ ਅਮਰਜੀਤ ਸਿੰਘ ਨੇ ਦਿੱਤੀ।