ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ-ਦਰ ਵਧਾਉਣ ਲਈ ਮੁਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼
10 ਫੀਸਦੀ ਦਾਖ਼ਲਾ ਵਧਾਉਣ ਦਾ ਟੀਚਾ ਮਿਥਿਆ, 228 ਬਲਾਕਾਂ ’ਚ 23 ਵੈਨਾਂ ਦੇਣਗੀਆਂ ਜਾਗਰੂਕਤਾ ਦਾ ਹੋਕਾ
ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਵੱਲੋਂ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨਾ ਮਿਆਰੀ ਸਿੱਖਿਆ ਦਾ ਪ੍ਰਮਾਣ: ਬੈਂਸ
ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ-ਘਰ ਵਧਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼-2 ਤੋਂ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੈਨਰਾਂ ਅਤੇ ਲਾਊਡ-ਸਪੀਕਰਾਂ ਵਾਲੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ 23 ਵੈਨਾਂ ਪੰਜਾਬ ਭਰ ਦੇ 228 ਵਿੱਦਿਅਕ ਬਲਾਕਾਂ ਵਿੱਚ ਜਾਗਰੂਕਤਾ ਦਾ ਹੋਕਾ ਦੇਣਗੀਆਂ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਵਿੱਚ ਕਾਫੀ ਮਦਦ ਮਿਲੇਗੀ।
ਹਰਜੋਤ ਬੈਂਸ ਨੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 10 ਫੀਸਦੀ ਦਾਖ਼ਲਾ ਵਧਾਉਣ ਦਾ ਟੀਚਾ ਮਿਥਣ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਪਿਛਲੇ ਸਾਲ ਸੂਬੇ ਦੇ 13,100 ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖ਼ਲ ਹੋਏ ਸਨ। ਇਹ ਦਾਖ਼ਲਾ ਮੁਹਿੰਮ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਪਛਾਣ ਕਰਨ, ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਤੱਕ ਸਾਰਿਆਂ ਦੀ ਪਹੁੰਚ ਯਕੀਨੀ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੁਹਿੰਮ ਵਿੱਚ ਵਿਧਾਇਕ, ਡੀਸੀ, ਐਸਡੀਐਮ, ਉੱਘੀਆਂ ਸ਼ਖ਼ਸੀਅਤਾਂ, ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸਕੂਲ ਮੁਖੀ ਹਿੱਸਾ ਲੈਣਗੇ।
ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ, ਜੋ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਤੱਖ-ਪ੍ਰਮਾਣ ਹੈ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫ਼ਰਨੀਚਰ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨਿਆਂ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ 17 ਲੜਕੀਆਂ ਦੇ ਸਕੂਲਾਂ ਲਈ ਬੱਸ ਸਹੂਲਤ ਸ਼ੁਰੂ ਕਰਨ ਸਮੇਤ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 10,000 ਤੋਂ ਵੱਧ ਨਵੇਂ ਕਲਾਸ-ਰੂਮ ਬਣਾਉਣ ਸਮੇਤ 6000 ਕਲਾਸ-ਰੂਮਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਜਦੋਂਕਿ 8000 ਸਰਕਾਰੀ ਸਕੂਲਾਂ ਵਿੱਚ 1300 ਕਿੱਲੋਮੀਟਰ ਲੰਬੀਆਂ ਚਾਰ-ਦੀਵਾਰੀਆਂ ਬਣਾਈਆਂ ਗਈਆਂ ਹਨ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ਐੱਸਸੀਈਆਰਟੀ ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ, ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।