ਆਈਐਸਬੀ ਮੁਹਾਲੀ ਵਿੱਚ ਰਾਜ ਪੱਧਰੀ ਪ੍ਰਾਜੈਕਟ ‘ਸਕੂਲ ਆਫ਼ ਐਮੀਨੈਂਸ’ 21 ਜਨਵਰੀ ਤੋਂ

ਮੁੱਖ ਮੰਤਰੀ ਭਗਵੰਤ ਮਾਨ ਇੰਡੀਅਨ ਸਕੂਲ ਆਫ਼ ਬਿਜ਼ਨਸ ਤੋਂ ਕਰਨਗੇ ਪ੍ਰਾਜੈਕਟ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲਿਆ ਅਗਾਊਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਪੰਜਾਬ ਦੀ ਆਪ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸਮੇਤ ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (ਐਸਓਈ) ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 21 ਜਨਵਰੀ ਨੂੰ ਮੁਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ’ਚੋਂ ਕਰਨਗੇ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਈਐਸਬੀ ਕੈਂਪਸ ਦਾ ਦੌਰਾ ਕਰਕੇ ਸਮਾਗਮ ਸਬੰਧੀ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਲਈ ਇੱਕ ਵਿਸ਼ੇਸ਼ ਚਿੰਨ੍ਹ ਲਾਂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਨ੍ਹਾਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ ਨੂੰ ਪਾਵਰਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਪੇਸ਼ ਕਰੇਗਾ। ਜਿਸ ਤੋਂ ਬਾਅਦ ਸਰਕਾਰੀ ਮਾਡਲ ਸਕੂਲ ਫੇਜ਼-3ਬੀ1 ਸਕੂਲ ਦੀ 3-ਡੀ ਵਾਕ ਦੀ ਪੇਸ਼ਕਾਰੀ ਹੋਵੇਗੀ। ਇਸ ਮੌਕੇ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਅਧਿਆਪਨ ਦੇ ਨਵੀਨਤਮ ਤਰੀਕਿਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਲਾਈਵ ਸਕੈਚ ਕਾਊਂਟਰ ਸੈਲਫੀ ਪੁਆਇੰਟ, ਪਹੇਲੀਆਂ ਆਦਿ ਖਿੱਚ ਦਾ ਕੇਂਦਰ ਹੋਣਗੇ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਹੋਰ ਪਤਵੰਤੇ ਸ਼ਿਰਕਤ ਕਰਨਗੇ। ਸਰਕਾਰ ਵਿਦਿਆਰਥੀਆਂ ਦੇ ਸਿੱਖਣ ਦੇ ਤਰੀਕੇ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਉਪਰਾਲਾ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰਪਾਲ, ਐਸਡੀਐਮ ਮੁਹਾਲੀ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਰਵਿੰਦਰ ਸਿੰਘ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …