
ਪੰਜਾਬ ਦੇ ਇੰਜੀਨੀਅਰਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਰਕਾਰ ਵਿਰੁੱਧ ਸੂਬਾ ਪੱਧਰੀ ਰੈਲੀ
ਮੁੱਖ ਮੰਤਰੀ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਵੀ ਸਰਕਾਰ ਵਿਰੁੱਧ ਰੈਲੀ ਵਿੱਚ ਕੀਤੀ ਸ਼ਿਰਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਪੰਜਾਬ ਦੇ ਇੰਜੀਨੀਅਰਾਂ ਦੀ ਸਾਂਝੀ ਸੰਘਰਸ਼ ਕਮੇਟੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ। ਜਿਸ ਵਿੱਚ ਪੰਜਾਬ ਭਰ ’ਚੋਂ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਜੂਨੀਅਰ ਇੰਜੀਨੀਅਰਾਂ/ਸਹਾਇਕ ਇੰਜੀਨੀਅਰਾਂ ਅਤੇ ਉਪ ਮੰਡਲ ਇੰਜੀਨੀਅਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਪੰਜਾਬੀ ਵੈੱਲਫੇਅਰ ਇੰਜੀਨੀਅਰਜ਼ ਸੁਸਾਇਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਵੀ ਇਸ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਸਾਂਝੀ ਸੰਘਰਸ਼ ਕਮੇਟੀ ਦੇ ਕਨਵੀਨਰਾਂ ਸੁਖਮਿੰਦਰ ਸਿੰਘ ਲਵਲੀ ਅਤੇ ਮਨਜਿੰਦਰ ਸਿੰਘ ਮੱਤੇਨੰਗਲ ਨੇ ਕਿਹਾ ਕਿ ਬੀਤੀ ਦੋ ਦਸੰਬਰ ਤੋਂ ਪੰਜਾਬ ਦੇ ਇੰਜੀਨੀਅਰ ਲਗਾਤਾਰ ਭੁੱਖ-ਹੜਤਾਲ ’ਤੇ ਬੈਠੇ ਹਨ ਪ੍ਰੰਤੂ ਸਰਕਾਰ ਉਨ੍ਹਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਨਵਾਂ ਪੱਤਰ ਜਾਰੀ ਕਰਕੇ ਬਕਾਇਆ ਨਾ ਦੇਣ ਦਾ ਨਾਦਰਸ਼ਾਹੀ ਹੁਕਮ ਜਾਰੀ ਕੀਤਾ ਗਿਆ ਅਤੇ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਨਾ ਦੇਣਾ ਅਤੇ ਪੇਂਡੂ ਭੱਤਾ ਕੱਟਣ ਦੇ ਹੁਕਮ ਜਾਰੀ ਕਰਨ ਤੋਂ ਮੁਲਾਜ਼ਮ ਵਰਗ ਬਹੁਤ ਦੁਖੀ ਹੈ।
ਸੂਬਾ ਆਗੂਆਂ ਦਿਲਪ੍ਰੀਤ ਸਿੰਘ ਲੋਹਟ, ਦਵਿੰਦਰ ਸਿੰਘ ਸੇਖੋਂ, ਕੁਲਵੀਰ ਸਿੰਘ ਬੈਨੀਪਾਲ ਅਤੇ ਨਰਿੰਦਰ ਕੁਮਾਰ ਨੇ ਕਿਹਾ ਕਿ ਇੰਜੀਨੀਅਰਾਂ ਵੱਲੋਂ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਰਿਹਾ ਹੈ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਤੋਂ ਬਾਅਦ ਵੀ ਅਗਲੀ ਕਾਰਵਾਈ ਨਹੀਂ ਹੋਈ। ਕਰਮਜੀਤ ਸਿੰਘ ਬੀਹਲਾ, ਹਰਿੰਦਰ ਸਿੰਘ ਗਿੱਲ, ਕਰਮਜੀਤ ਸਿੰਘ ਮਾਨ ਅਤੇ ਹਰਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਜੇਕਰ ਹੁਣ ਵੀ ਮਸਲਿਆਂ ਸਥਾਈ ਹੱਲ ਨਾ ਕੀਤਾ ਗਿਆ ਤਾਂ ਇੰਜੀਨੀਅਰਾਂ ਵੱਲੋਂ ਪੰਜਾਬ ਭਰ ਵਿੱਚ ਰੋਸ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਐਸਡੀਐਮ ਨੇ ਐਸੋਸੀਏਸ਼ਨ ਦੇ ਆਗੂਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਛੇਤੀ ਹੀ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈ ਕੇ ਦੇਣ ਦਾ ਭਰੋਸਾ ਦਿੱਤਾ। ਇਸ ਮਗਰੋਂ ਇੰਜੀਨੀਅਰਾਂ ਨੇ ਰੈਲੀ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ।