nabaz-e-punjab.com

ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ: ਧਰਮਸੋਤ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਸਿਆਸਤ ਕਰਦਿਆਂ ਸੰਤ ਲੌਂਗੋਵਾਲ ਨੂੰ ਪਿੱਛੇ ਰੱਖਣ ਦੀ ਕੋਸ਼ਿਸ ਕੀਤੀ

ਕਿਸਾਨਾਂ ਨੂੰ ਖ਼ੁਦਕੁਸ਼ੀਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਦੀ ਲੋੜ: ਵਿਜੇਇੰਦਰ ਸਿੰਗਲਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਲੌਂਗੋਵਾਲ (ਸੰਗਰੂਰ), 20 ਅਗਸਤ:
ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਅਨਾਜ ਮੰਡੀ ਵਿਖੇ ਕਰਵਾਇਆ ਗਿਆ ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਾਮਿਲ ਹੁੰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੱੁਲ ਭੇਂਟ ਕੀਤੇ। ਸ. ਧਰਮਸੋਤ ਨੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਜਿਸਨੂੰ ਰਹਿੰਦੀ ਦੁਨੀਆਂ ਤੱਕ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਜਿਊਦੀਂਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਦੋਂ ਖੂਨ ਦੀ ਲੜ੍ਹਾਈ ਲੜ ਰਿਹਾ ਸੀ, ਉਸ ਸਮੇਂ ਪੰਜਾਬ ਅਤੇ ਪੰਜਾਬੀਆਂ ਦੀ ਰਾਖੀ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਪੰਜਾਬ ਅਤੇ ਪੰਜਾਬੀਅਤ ਦੇ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ।
ਸ੍ਰੀ ਧਰਮਸੋਤ ਨੇ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਬਣਾਈ ਰੱਖਣਾ ਸੀ, ਪਰੰਤੂ ਉਸ ਸਮੇਂ ਅਮਨ ਸਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿਆਸਤ ਕੀਤੀ ਅਤੇ ਆਪਣੇ ਹਿੱਤਾਂ ਨੂੰ ਅੱਗੇ ਰੱਖ ਕੇ ਸ਼ਾਂਤੀ ਦੇ ਮਸੀਹਾ ਨੂੰ ਹਮੇਸ਼ਾ ਪਿੱਛੇ ਰੱਖਣ ਦੀ ਕੋਸ਼ਿਸ ਕੀਤੀ। ਉਨ੍ਹਾਂ ਕਿਹਾ 10 ਸਾਲ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਲੌਂਗੋਵਾਲ ਦੇ ਵਿਕਾਸ ਵੱਲ ਬਿਲਕੁੱਲ ਵੀ ਧਿਆਨ ਨਹੀ ਦਿੱਤਾ। ਉਨ੍ਹਾਂ ਬਾਦਲ ਪਰਿਵਾਰ ’ਤੇ ਵਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੀ ਥਾਂ ’ਤੇ ਮਤਲਬਪ੍ਰਸਤੀ ਵਾਲੀ ਰਾਜਨੀਤੀ ਕਰਕੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲਕਦਮੀ ਨਾਲ ਹਲ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਉਪਰੰਤ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤ ਲੌਂਗੋਵਾਲ ਨੇ ਸਾਰੀ ਜਿੰਦਗੀ ਸਿੱਖੀ ਦੇ ਸਿਧਾਂਤਾਂ ’ਤੇ ਪਹਿਰਾ ਦਿੱਤਾ ਅਤੇ ਲੋਕ ਸੇਵਾ ਲਈ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾ ਵੱਡੀ ਤਾਦਾਦ ’ਚ ਸੰਗਤਾਂ ਦੀ ਸਮੂਲੀਅਤ ਸੰਤ ਲੌਂਗੋਵਾਲ ਪ੍ਰਤੀ ਸਨੇਹ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦੀ ਹੈ।
ਵਿਧਾਇਕ ਧੂਰੀ ਸ੍ਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਤੋਂ ਲੋਕਾਂ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਨੂੰ ਦਿਲੋ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਜੋੜਨ ਅਤੇ ਇਕਜੁੱਟ ਕਰਨ ਲਈ ਕਾਰਜ਼ਸੀਲ ਹੈ ਜਿਸ ਤਹਿਤ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਤੁਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਸੰਗਰੂਰ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਮਗਰੋ ਕਿਹਾ ਕਿ ਸੰਤ ਲੌਂਗੋਵਾਲ ਨੇ ਸਿਆਸਤ ਤੋਂ ਉੱਤੇ ਉੱਠ ਕੇ ਤਪਸਵੀ ਦੇ ਤੌਰ ਤੇ ਲੋਕਾਈ ਦੇ ਭਲੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਸੰਤ ਲੌਂਗੋਵਾਲ ਨੇ ਪੰਜਾਬ ਦੀ ਤਰੱਕੀ ਦਾ ਬੀੜਾ ਚੁੱਕਿਆ ਸੀ ਜਿਸ ਤਹਿਤ ਰਾਜੀਵ-ਲੌਂਗੋਵਾਲ ਸਮਝੋਤਾ ਹੋਇਆ।
ਉਨ੍ਹਾਂ ਕਿਹਾ ਵਿਰੋਧੀ ਧਿਰ ਵੱਲੋਂ ਆਏ ਦਿਨ ਕਿਸਾਨਾਂ ਦੀ ਕੁਰਕੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੱਥਹੀਣ ਹੈ ਕਿਉਂਕਿ ਮੌਜੂਦਾ ਸਰਕਾਰ ਨੇ ਕਿਸੇ ਵੀ ਕਿਸਾਨ ਦੀ ਕੁਰਕੀ ਸਬੰਧੀ ਕੋਈ ਆਦੇਸ਼ ਜਾਰੀ ਨਹੀ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਪੰਜਾਬ ਦੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਖੁਦਕੁਸ਼ੀਆਂ ਵਾਲਾ ਰਸਤਾ ਨਾ ਅਪਨਾਉਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸ. ਸੁਰਿੰਦਰ ਸਿੰਘ ਧੂਰੀ ਨੇ ਵੀ ਸ਼ਰਧਾ ਦੇ ਫੁਲ ਭੇਂਟ ਕੀਤੇ। ਸਮਾਰੋਹ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਭਤੀਜੇ ਸ੍ਰੀ ਰੂਪ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵੀ ਸਿਰਕਤ ਕੀਤੀ। ਕੈਬਨਿਟ ਮੰਤਰੀ ਅਤੇ ਹੋਰ ਸ਼ਖ਼ਸੀਅਤਾ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ ’ਤੇ ਸ਼ਰਧਾ ਦੇ ਫੱੁਲ ਭੇਂਟ ਕੀਤੇ।
ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਹ ਇਲਾਕਾ ਵਾਸੀਆਂ ਦੀਆਂ ਮੰਗਾਂ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਉਣਗੇ ਅਤੇ ਨੇੜ ਭਵਿੱਖ ’ਚ ਲੌਂਗੋਵਾਲ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਮਲੇਰਕੋਟਲਾ ਵਿਖੇ ਅੱਜ ਹੋਈ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਸ. ਧਰਮਸੋਤ ਨੇ ਕਿਹਾ ਕਿ ਕਿਸੇ ਵੀ ਧਰਮ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਪੰਜਾਬ ਸਰਕਾਰ ਵੱਲੋਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਜਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫੇ ’ਚ ਹੋਏ 700 ਕਰੋੜ ਦੇ ਘਪਲੇ ਨੂੰ ਜਲਦੀ ਉਜ਼ਾਗਰ ਕੀਤਾ ਜਾਵੇਗਾ।
ਇਸ ਮੌਕੇ ਹਰਮਨ ਬਾਜਵਾ, ਸ੍ਰੀਮਤੀ ਗੀਤਾ ਸ਼ਰਮਾ, ਪਰਮਾਨੰਦ ਕਾਂਸਲ, ਸੰਜੇ ਗੋਇਲ, ਵਿਜੈ ਗੋਇਲ, ਬੁੱਧ ਰਾਮ, ਜਗਪਾਲ ਸਿੰਘ ਸੰਮੀ, ਮੇਲਾ ਸਿੰਘ ਸੂਬੇਦਾਰ, ਬਲਵੰਤ ਸਿੰਘ, ਬੱਬਲੂ ਸਿੰਗਲਾ, ਰਾਜੀਵ ਕੁਮਾਰ ਜਿੰਦਲ, ਮੁਲਖਾ ਸਿੰਘ, ਵਲੈਤੀ ਪੁਰੀ, ਡਾ. ਅਮਿਤ, ਜਗਦੇਵ ਸਿੰਘ, ਦਲਜੀਤ ਸਿੰਘ ਬਿੱਟੂ, ਬਲਵੀਰ ਤੌਗੋਵਾਲ,ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਅਵਿਕੇਸ਼ ਗੁਪਤਾ, ਐਸ.ਪੀ. ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ, ਵਰਕਰ ਅਤੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…