ਡੇਂਗੂ ਦਿਵਸ: ਸਿਹਤ ਵਿਭਾਗ ਨੇ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਅ ਲਈ ਬੀੜਾ ਚੁੱਕਿਆ

ਸੈਕਟਰ-70, ਮਟੌਰ ਤੇ ਹੋਰਨਾਂ ਥਾਵਾਂ ’ਤੇ ਆਮ ਲੋਕਾਂ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ

ਦੇਸ਼ ਵਿੱਚ ਹਰ ਸਾਲ ਹਜ਼ਾਰਾਂ ਜਾਨਾ ਲੈਂਦਾ ਹੈ ਡੇਂਗੂ ਦਾ ਮੱਛਰ: ਡਾ. ਮਨਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਸਿਹਤ ਵਿਭਾਗ ਨੇ ਕਰੋਨਾਵਾਇਰਸ ਦੀ ਮਹਾਮਾਰੀ ਨੂੰ ਠੱਲ੍ਹ ਪਾਉਣ ਨਾਲ-ਨਾਲ ਹੁਣ ਡੇਂਗੂ ਤੋਂ ਬਚਾਅ ਲਈ ਸੈਕਟਰ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਦੀ ਅਲਖ ਜਗਾਉਣ ਦਾ ਬੀੜਾ ਚੁੱਕਿਆ ਹੈ। ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਨੇ ਦੱਸਿਆ ਕਿ ਅੱਜ ਇੱਥੋਂ ਦੇ ਸੈਕਟਰ-70 (ਮਟੌਰ) ਸਮੇਤ ਹੋਰਨਾਂ ਥਾਵਾਂ ’ਤੇ ਆਮ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ। ਮਟੌਰ ਵਿੱਚ ਮੈਡੀਕਲ ਅਫ਼ਸਰ ਰਮਨਦੀਪ ਕੌਰ ਦੀ ਟੀਮ ਨੇ ਪਿੰਡ ਵਾਸੀਆਂ ਨੂੰ ਡੇਂਗੂ ਪ੍ਰਤੀ ਸੁਚੇਤ ਕਰਦਿਆਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦੇਸ਼ ਵਿੱਚ ਹਰ ਸਾਲ ਹਜ਼ਾਰਾਂ ਜਾਨਾਂ ਲੈਂਦਾ ਹੈ। ਇਸ ਜਾਨਲੇਵਾ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਸਾਨੂੰ ਆਪਣੇ ਘਰ ਅਤੇ ਆਲੇ ਦੁਆਲੇ ਕੁਝ ਸਾਵਧਾਨੀਆਂ ਵਰਤਣ ਦੀ ਲੋੜ ਹੈ ਤਾਂ ਜੋ ਅਸੀਂ ਆਪਣਾ ਅਤੇ ਦੂਜਿਆਂ ਦਾ ਬਚਾਅ ਕਰ ਸਕੀਏ। ਉਨ੍ਹਾਂ ਕਿਹਾ ਕਿ ਡੇਂਗੂ ਰੋਕਥਾਮ ਦਿਵਸ ਮਨਾਉਣ ਦਾ ਮੰਤਵ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੀ ਲੋੜ ਬਾਬਤ ਜਾਗਰੂਕ ਹੋਣਾ ਹੈ ਕਿਉਂਕਿ ਇਹ ਬਿਮਾਰੀ ਵੀ ਦੇਸ਼ ਲਈ ਅੱਜ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਹਫ਼ਤੇ ਵਿੱਚ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਇਸ ਸਬੰਧੀ ਸਿਹਤ ਵਰਕਰਾਂ ਨੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਘਰਾਂ ਵਿੱਚ ਜਾ ਕੇ ਕੂਲਰ, ਗਮਲੇ, ਟੈਂਕੀਆਂ ਅਤੇ ਹੋਰ ਚੀਜ਼ਾਂ ਚੈੱਕ ਕੀਤੀਆਂ, ਉੱਥੇ ਲੋਕਾਂ ਨੂੰ ਡੇਂਗੂ ਦੇ ਕਾਰਨਾਂ, ਬਚਾਅ, ਲੱਛਣਾਂ ਅਤੇ ਇਲਾਜ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਇਸ ਵੇਲੇ ‘ਕਰੋਨਾਵਾਇਰਸ’ ਦੀ ਮਹਾਮਾਰੀ ਚੱਲ ਰਹੀ ਹੈ ਅਤੇ ਸਰਕਾਰ, ਪ੍ਰਸ਼ਾਸਨ ਦਾ ਸਾਰਾ ਧਿਆਨ ਇਸ ਬਿਮਾਰੀ ਦੀ ਰੋਕਥਾਮ ਅਤੇ ਇਸ ਤੋਂ ਬਚਣ ਵੱਲ ਲੱਗਾ ਹੋਇਆ ਹੈ ਪਰ ਇਸ ਸੰਕਟਮਈ ਸਮੇਂ ਵਿੱਚ ਸਾਰਿਆਂ ਨੂੰ ਡੇਂਗੂ ਜਿਹੀ ਜਾਨਲੇਵਾ ਬਿਮਾਰੀ ਤੋਂ ਵੀ ਬਚਣ ਦੀ ਓਨੀ ਹੀ ਲੋੜ ਹੈ ਜਿੰਨੀ ‘ਕਰੋਨਾ’ ਤੋਂ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਦੀ ਸਾਫ਼-ਸਫ਼ਾਈ ਬਹੁਤ ਜ਼ਰੂਰੀ ਹੈ। ਉਂਜ ਉਨ੍ਹਾਂ ਕਿਹਾ ਕਿ ਡੇਂਗੂ ਇਲਾਜਯੋਗ ਬਿਮਾਰੀ ਹੈ ਅਤੇ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।
(ਬਾਕਸ ਆਈਟਮ)
ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਲਿਹਾਜ਼ਾ ਕਿਸੇ ਵੀ ਜਗ੍ਹਾ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਨੂੰ ਖ਼ਾਲੀ ਕਰ ਕੇ ਸੁਕਾਓ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਇਨ੍ਹਾਂ ਵਿੱਚ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ ਅਤੇ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਹੋਣ ਵਾਲੇ ਕੱਪਡੇ ਧਾਰਨ ਕੀਤੇ ਜਾਣ।
(ਬਾਕਸ ਆਈਟਮ)
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …