Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਵੱਲੋਂ 260 ਗਰਾਮ ਹੈਰੋਇਨ ਤੇ ਪਿਸਤੌਲ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ: ਪੰਜਾਬ ਪੁਲੀਸ ਦੀ ਨਸ਼ਿਆਂ ਵਿਰੁੱਧ ਗਠਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਥੋਂ ਦੇ ਫੇਜ਼-2 ’ਚੋਂ ਇਕ ਵਿਅਕਤੀ ਨੂੰ 260 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਟੀਐਫ਼ ਦੀ ਟੀਮ ਨੇ ਮੁਲਜ਼ਮ ਕੋਲੋਂ 9ਐਮਐਮ ਦਾ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮ ਧੀਰਜ਼ ਸ਼ਰਮਾ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਟੀਐਫ਼ ਥਾਣਾ ਦੇ ਐਸਐਚਓ ਹਰਨੇਕ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਸ਼ੀਲੇ ਪਦਾਰਥ ਵੇਚਣ ਦਾ ਆਦੀ ਹੈ। ਸੂਚਨਾ ਮਿਲਣ ’ਤੇ ਏਐਸਆਈ ਸਰਬਣ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿੱਚ ਟੀ-ਪੁਆਇੰਟ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਬਲੈਰੋ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਚਾਲਕ ਧੀਰਜ ਸ਼ਰਮਾ ਉਰਫ਼ ਸੋਨੀ ਕੋਲੋਂ 260 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੌਕੇ ’ਤੇ ਪਹੁੰਚੇ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਮੁਲਜ਼ਮ ਕੋਲੋਂ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਹੀ ਚੰਡੀਗੜ੍ਹ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਨੇ ਦੱਸਿਆ ਕਿ ਉਹ ਦਿੱਲੀ ’ਚੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਮੁਹਾਲੀ ਅਤੇ ਆਸ ਪਾਸ ਇਲਾਕੇ ਵਿੱਚ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ