Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰ ਨੂੰ ਪੈਸੇ ਲੈ ਕੇ ਛੱਡਣ ਦਾ ਮਾਮਲਾ: ਐਸਟੀਐਫ਼ ਵੱਲੋਂ ਥਾਣੇਦਾਰ ਸਣੇ ਚਾਰ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਾ ਤਸਕਰ ਨੂੰ ਗ੍ਰਿਫ਼ਤਾਰੀ ਮਗਰੋਂ ਪੈਸੇ ਲੈ ਕੇ ਛੱਡਣ ਦੇ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਸਬ ਇੰਸਪੈਕਟਰ ਸੁਖਮੰਦਰ ਸਿੰਘ ਸਮੇਤ ਚਾਰ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। ਜਿਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ। ਉਨ੍ਹਾਂ ਵਿੱਚ ਸਨੇਟਾ ਪੁਲੀਸ ਚੌਕੀ ਦੇ ਤਤਕਾਲੀ ਇੰਚਾਰਜ ਸਬ ਇੰਸਪੈਕਟਰ ਸੁਖਮੰਦਰ ਸਿੰਘ (ਮੁਅੱਤਲੀ ਅਧੀਨ), ਨਸ਼ਾ ਤਸਕਰ ਲਵਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਜਯੋਤੀ ਸ਼ਾਮਲ ਹੈ। ਉਕਤ ਸਾਰੇ ਮੁਲਜ਼ਮ ਨਸ਼ਾ ਤਸਕਰ ਕੁਲਦੀਪ ਸਿੰਘ ਦੀਪਾ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਮਗਰੋਂ ਉਸ ਨੂੰ ਹਵਾਲਾਤ ਵਿੱਚ ਡੱਕਣ ਦੀ ਬਜਾਏ ਮੁਲਜ਼ਮ ਅਤੇ ਉਸ ਦੀ ਘਰ ਵਾਲੀ ਕੋਲੋਂ ਵੱਖ ਵੱਖ ਤਰੀਕਾਂ ਨੂੰ 7 ਲੱਖ 30 ਹਜ਼ਾਰ ਦੀ ਵਸੂਲੀ ਕਰਕੇ ਛੱਡ ਦਿੱਤਾ ਸੀ। ਐਸਟੀਐਫ਼ ਵੱਲੋਂ ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ 384,454,380,341,342,120ਬੀ,201, ਐਨਡੀਪੀਐਸ ਐਕਟ ਸਮੇਤ ਭ੍ਰਿਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਜ਼ਿਲ੍ਹਾ ਸੀਆਈਏ ਸਟਾਫ਼ ਦੇ ਸਾਬਕਾ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭਾਵੇਂ ਇੰਸਪੈਕਟਰ ਸਿੱਧੂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ ਪ੍ਰੰਤੂ ਐਸਟੀਐਫ਼ ਦੀਆਂ ਬੇਹੱਦ ਕੋਸ਼ਿਸ਼ਾਂ ਦੇ ਬਾਵਜੂਦ ਹਾਲੇ ਤੱਕ ਸਿੱਧੂ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ। ਇਸ ਸਬੰਧੀ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੇ ਖ਼ਿਲਾਫ਼ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਿੱਧੂ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਤਾਂ ਉਨ੍ਹਾਂ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਉੱਚ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ। ਐਸਟੀਐਫ਼ ਅਨੁਸਾਰ ਇਸ ਮਾਮਲੇ ਵਿੱਚ ਸੁਖਮੰਦਰ ਸਿੰਘ ਕੋਲੋਂ 3 ਗਰਾਮ ਹੈਰੋਇਨ ਅਤੇ 25 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਜਯੋਤੀ ਨਾਂ ਦੀ ਲੜਕੀ ਕੋਲੋਂ 65 ਹਜ਼ਾਰ ਰੁਪਏ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਕੋਲੋਂ 1 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਐਸਟੀਐਫ਼ ਵੱਲੋਂ ਜਦੋਂ ਕੁਲਦੀਪ ਸਿੰਘ ਦੀਪਾ, ਉਸ ਦੀ ਪਤਨੀ ਸਮੇਤ ਕਈ ਮੁਲਜ਼ਮਾਂ ਨੂੰ ਹੈਰੋਇਨ, ਡਰੱਗ ਮਨੀ ਅਤੇ ਸੋਨੇ ਦੇ ਗਹਿਣਿਆਂ ਸਮੇਤ ਕਾਬੂ ਕੀਤਾ ਗਿਆ ਸੀ। ਉਦੋਂ ਸਬ ਇੰਸਪੈਕਟਰ ਸੁਖਮੰਦਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ ਕਿ ਉਸ ਵੱਲੋਂ ਕੁਝ ਮਹੀਨੇ ਪਹਿਲਾਂ ਦੀਪਾ ਨੂੰ 8 ਗਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ, ਇਸ ਤੋਂ ਬਾਅਦ ਦੀਪਾ ਨੂੰ ਛੁਡਾਉਣ ਲਈ ਜਯੋਤੀ ਅਤੇ ਉਸ ਦੇ ਦੋਸਤਾਂ ਲਵਪ੍ਰੀਤ ਸਿੰਘ ਅਤੇ ਮਨਿੰਦਰ ਸਿੰਘ ਨੇ ਵਿਚੋਲਗੀ ਦੀ ਭੂਮਿਕਾ ਨਿਭਾਉਂਦਿਆ ਪੈਸੇ ਦਾ ਲੈਣ ਦੇਣ ਕੀਤਾ ਸੀ। ਜਯੋਤੀ ’ਤੇ ਦੋਸ਼ ਹੈ ਕਿ ਉਸ ਨੇ ਇਸ ਮਾਮਲੇ ਵਿੱਚ ਦਲਾਲੀ ਦਾ ਰੋਲ ਅਦਾ ਕਰਦਿਆਂ 5 ਲੱਖ ਰੁਪਏ ਕੁਲਦੀਪ ਸਿੰਘ ਦੇ ਪਰਿਵਾਰ ਤੋਂ ਲੈ ਕੇ ਪੁਲੀਸ ਨੂੰ ਦਿੱਤੇ ਸਨ, ਜਦੋਂਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮਨਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਜਯੋਤੀ ਦੀ ਸ਼ਮੂਲੀਅਤ ਸਾਹਮਣੇ ਆਈ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ