Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 215 ਗਰਾਮ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ ਮੁਹਾਲੀ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਤਿੰਨ ਵਿਅਕਤੀਆਂ ਨੂੰ 215 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਜੈ ਕੁਮਾਰ, ਉਸ ਦਾ ਸਾਥੀ ਵਿੱਕੀ ਕੁਮਾਰ ਅਤੇ ਤੁਸਾਰ ਕੁਮਾਰ ਤਿੰਨੇ ਹਾਲ ਵਾਸੀ ਪਿੰਡ ਢਕੌਲੀ (ਜ਼ੀਰਕਪੁਰ) ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਐਚਓ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਦੇ ਤਹਿ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਐਸਟੀਐਫ਼ ਨੇ ਗੁਪਤ ਸੂਚਨਾ ਮਿਲਣ ’ਤੇ ਨਾਕਾਬੰਦੀ ਦੌਰਾਨ ਅਜੈ ਕੁਮਾਰ ਅਤੇ ਵਿੱਕੀ ਕੁਮਾਰ ਨੂੰ ਕਾਬੂ ਕੀਤਾ ਗਿਆ ਹੈ। ਅਜੈ ਕੋਲੋਂ 100 ਗਰਾਮ ਅਤੇ ਵਿੱਕੀ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਜੈ ਕੁਮਾਰ ਪਿੱਛੋਂ ਮਾਨਸਾ ਦਾ ਰਹਿਣ ਵਾਲਾ ਹੈ। ਮੌਜੂਦਾ ਸਮੇਂ ਵਿੱਚ ਢਕੌਲੀ ਵਿੱਚ ਰਹਿ ਰਿਹਾ ਸੀ ਜਦੋਂਕਿ ਵਿੱਕੀ ਪਹਿਲਾਂ ਟੈਕਸੀ ਚਲਾਉਂਦਾ ਸੀ ਪ੍ਰੰਤੂ ਬਾਅਦ ਵਿੱਚ ਅਜੈ ਨਾਲ ਮਿਲ ਕੇ ਨਸ਼ਾ ਤਸਕਰੀ ਦੇ ਰਾਹ ਪੈ ਗਿਆ। ਇਹ ਦੋਵੇਂ ਕੁਝ ਸਮੇਂ ਤੋਂ ਹੈਰੋਇਨ ਸਪਲਾਈ ਦਾ ਧੰਦਾ ਕਰਦੇ ਆ ਰਹੇ ਸੀ। ਇੰਜ ਹੀ ਐਸਟੀਐਫ਼ ਦੀ ਟੀਮ ਨੇ ਨਾਕਾਬੰਦੀ ਦੌਰਾਨ ਪੈਦਲ ਚਲੇ ਆ ਰਹੇ ਤੁਸਾਰ ਕੁਮਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 55 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤੁਸਾਰ ਇੱਥੇ ਇਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ