Nabaz-e-punjab.com

ਐਸਟੀਐਫ਼ ਮੁਹਾਲੀ ਦੀ ਟੀਮ ਵੱਲੋਂ 80 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਨੇ ਜਬਰ ਜਨਾਹ ਦੇ ਮਾਮਲੇ ਵਿੱਚ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆ ਕੇ ਨਸ਼ਿਆਂ ਦਾ ਧੰਦਾ ਸ਼ੁਰੂ ਕੀਤਾ: ਐਸਪੀ ਸੋਹਲ

ਸੈਰ ਸਪਾਟਾ ਵੀਜ਼ੇ ’ਤੇ ਨਿਊਜੀਲੈਂਡ ਅਤੇ ਮਲੇਸ਼ੀਆ ਦਾ ਦੌਰਾ ਵੀ ਕਰ ਚੁੱਕਾ ਹੈ ਮੁਲਜ਼ਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਐਸਟੀਐਫ਼ ਮੁਹਾਲੀ ਦੀ ਵਿਸ਼ੇਸ਼ ਟੀਮ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਥੋਂ ਦੇ ਫੇਜ਼-3ਏ ਸਥਿਤ ਗੁਰਦੁਆਰਾ ਸਾਹਿਬ ਭਾਈ ਜੈਤਾ ਜੀ ਨੇੜਿਓਂ ਇੱਕ ਵਿਅਕਤੀ ਨੂੰ 80 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮੁਲਜ਼ਮ ਸਤਵਿੰਦਰ ਸਿੰਘ ਉਰਫ਼ ਸੁੱਖੀ ਵਾਸੀ ਪਿੰਡ ਉੱਚਾ ਜਟਾਣਾ (ਜ਼ਿਲ੍ਹਾ ਫਤਹਿਗੜ੍ਹ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਐਸਟੀਐਫ਼ ਦੀ ਮੁਹਾਲੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਚੰਡੀਗੜ੍ਹ ਤੋਂ ਮੁਹਾਲੀ ਵੱਲ ਨਸ਼ੇ ਦੀ ਤਸਕਰੀ ਕਰਨ ਲਈ ਆ ਰਿਹਾ ਹੈ। ਸੂਚਨਾ ਮਿਲਣ ’ਤੇ ਏਐਸਆਈ ਹਰਭਜਨ ਸਿੰਘ ਦੀ ਅਗਵਾਈ ਵਿੱਚ ਫੇਜ਼-3ਏ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 80 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਪੀ ਨੇ ਦੱਸਿਆ ਕਿ ਮੁੱਢਲੀ ਪੁੱਛ-ਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਸਤਵਿੰਦਰ ਸਿੰਘ 2-3 ਮਹੀਨਿਆਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਉਹ ਪੰਚਕੂਲਾ, ਚੰਡੀਗੜ੍ਹ ਤੋਂ ਹੈਰੋਇਨ ਖਰੀਦ ਕੇ ਖਮਾਣੋਂ ਅਤੇ ਚਮਕੌਰ ਸਾਹਿਬ ਦੇ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਵੇਚਦਾ ਸੀ।
ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਦੇ ਖ਼ਿਲਾਫ਼ ਤਿੰਨ ਸਾਲ ਪਹਿਲਾਂ 2015 ਵਿੱਚ ਰੂਪਨਗਰ ਥਾਣੇ ਵਿੱਚ ਜਬਰ ਜਨਾਹ ਦਾ ਕੇਸ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਅਦਾਲਤ ਵੱਲੋਂ ਮੁਲਜ਼ਮ ਨੂੰ 10 ਸਾਲ ਕੈਦ ਦੀ ਸਜਾ ਸੁਣਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਮੁਲਜ਼ਮ ਸੈਰ ਸਪਾਟਾ ਵੀਜ਼ੇ ’ਤੇ ਨਿਊਜ਼ੀਲੈਂਡ ਅਤੇ ਮਲੇਸ਼ੀਆ ਦਾ ਦੌਰਾ ਵੀ ਕਰ ਚੁੱਕਾ ਹੈ ਅਤੇ ਵਾਪਸ ਆ ਕੇ ਉਸ ਨੇ ਨਸ਼ਿਆਂ ਦਾ ਧੰਦਾ ਸ਼ੁਰੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…