Nabaz-e-punjab.com

ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ:

‘ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਪੂਰੀਆਂ ਕਰਨਾ ਮੇਰੀ ਪਹਿਲੀ ਤੇ ਨੈਤਿਕ ਜ਼ਿੰਮੇਵਾਰੀ’: ਸਿੱਧੂ

ਸਿਹਤ ਵਿਭਾਗ ਵੱਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਮੁਹਾਲੀ ਵਿੱਚ ਸੂਬਾ ਪੱਧਰੀ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਹਰੇਕ ਸਰਕਾਰੀ ਸੰਸਥਾ ਵਿੱਚ ਲੋੜੀਂਦੀਆਂ ਦਵਾਈਆਂ ਪੂਰੀਆਂ ਕਰਨਾ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣਾ ਮੇਰੀ ਪਹਿਲੀ ਅਤੇ ਨੈਤਿਕ ਜ਼ਿੰਮੇਵਾਰੀ ਹੈ। ਕੁਝ ਥਾਈਂ ਸਰਕਾਰੀ ਡਾਕਟਰ ਪ੍ਰਾਈਵੇਟ ਦੁਕਾਨਾਂ ਤੋਂ ਮਿਲਣ ਵਾਲੀਆਂ ਮਹਿੰਗੀਆਂ ਦਵਾਈਆਂ ਦੀ ਸਿਫ਼ਾਰਸ਼ ਕਰ ਦਿੰਦੇ ਹਨ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਗੱਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਆਡੀਟੋਰੀਅਮ ਵਿੱਚ ਵਿਸ਼ਵ ਆਬਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਡਾਕਟਰਾਂ ਦਾ ਵੀ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਸਰਕਾਰੀ ਹਸਪਤਾਲ ਵਿੱਚ ਮਿਲਣ ਵਾਲੀਆਂ ਦਵਾਈਆਂ ਹੀ ਪਰਚੀਆਂ ’ਤੇ ਲਿਖਣ ਨੂੰ ਤਰਜੀਹ ਦੇਣ।
ਸ੍ਰੀ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾਵੇ। ਇਸ ਪ੍ਰਾਪਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਨਦੇਹੀ ਨਾਲ ਯਤਨ ਕਰ ਰਹੇ ਹਨ। ਆਬਾਦੀ ਕੰਟਰੋਲ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਕਾਫ਼ੀ ਬਿਹਤਰ ਹੈ। ਪੰਜਾਬ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਆਬਾਦੀ ਵਧਣ ਦੀ ਰਫ਼ਤਾਰ ਕਾਫ਼ੀ ਮੱਠੀ ਪਈ ਹੈ। ਜਿਸ ਦਾ ਸਿਹਰਾ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ, ਖ਼ਾਸਕਰ ਏਐਨਐਮਜ਼ ਅਤੇ ਆਸ਼ਾ ਵਰਕਰਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਬਾਦੀ ਦਾ ਬੋਝ ਸਾਰੀ ਧਰਤੀ ਉੱਤੇ ਹੈ। ਜੇਕਰ ਅਸੀਂ ਪੂਰੀ ਸ਼ਿੱਦਤ ਨਾਲ ਯਤਨ ਕਰੀਏ ਤਾਂ ਪੰਜਾਬ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਬਣ ਸਕਦਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਆਬਾਦੀ ਕੰਟਰੋਲ ਦੇ ਮੈਡੀਕਲ ਤਰੀਕਿਆਂ ਬਾਰੇ ਪਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਨੂੰ ਆਬਾਦੀ ਦੇ ਵਾਧੇ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਕੇ ਛੋਟਾ ਪਰਿਵਾਰ ਤੇ ਸੁਖੀ ਪਰਿਵਾਰ ਲਈ ਪ੍ਰੇਰੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਸ਼ਾਬਾਸ਼ੀ ਦੇਣੀ ਬਣਦੀ ਹੈ। ਇਸ ਲਈ ਭਵਿੱਖ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਹੋਰ ਮੁਲਾਜ਼ਮਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣੂ ਹਨ ਕਿ ਸਿਹਤ ਵਿਭਾਗ ਵਿੱਚ ਸਟਾਫ਼ ਦੀ ਘਾਟ ਹੈ ਅਤੇ ਸਾਡੇ ਕੋਲ ਸੀਮਤ ਸਾਧਨ ਹਨ ਪਰ ਇਸ ਬਾਵਜੂਦ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਆਬਾਦੀ ਕੰਟਰੋਲ ਦੇ ਮਾਮਲੇ ਵਿੱਚ ਪੰਜਾਬ ਮੂਹਰਲੀ ਕਤਾਰ ਦਾ ਸੂਬਾ ਹੈ, ਫਿਰ ਵੀ ਹਾਲੇ ਲੰਮਾ ਪੈਂਡਾ ਪਿਆ ਹੈ। ਉਨ੍ਹਾਂ ਦੱਸਿਆ ਕਿ 24 ਜੁਲਾਈ ਤੱਕ ਆਬਾਦੀ ਕੰਟਰੋਲ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਹਰ ਸ਼ਹਿਰ ਅਤੇ ਪਿੰਡ ਵਿੱਚ ਪਰਿਵਾਰ ਨਿਯੋਜਨ ਦੇ ਵੱਖ ਵੱਖ ਤਰੀਕਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸਮਾਗਮ ਵਿੱਚ ਪਰਿਵਾਰ ਨਿਯੋਜਨ ਬਾਰੇ ਕਿਤਾਬਚਾ ਵੀ ਜਾਰੀ ਕੀਤਾ ਗਿਆ। ਸਿਹਤ ਮੰਤਰੀ ਨੇ ਆਬਾਦੀ ਕੰਟਰੋਲ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਡਾਕਟਰਾਂ, ਏਐਨਐਮਜ਼ ਅਤੇ ਆਸ਼ਾ ਵਰਕਰਾਂ ਦਾ ਵਿਸ਼ੇਸ਼ ਸਨਮਾਨ ਕੀਤਾ।
ਸਮਾਗਮ ਵਿੱਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਓਐਸਡੀ ਡਾ. ਬਲਵਿੰਦਰ ਸਿੰਘ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ, ਡਾ. ਅਵਨੀਤ ਕੌਰ, ਡਾ. ਰੀਟਾ ਭਾਰਦਵਾਜ, ਡਾ. ਮੀਨਾ ਹਰਦੀਪ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਨੋਡਲ ਅਫ਼ਸਰ ਡਾ. ਹੰਸਪ੍ਰੀਤ ਅਤੇ ਡਾ. ਰੁਪਿੰਦਰ ਕੌਰ ਵਾਲੀਆ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…