
ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਪ੍ਰਿੰਸ ਧਾਲੀਵਾਲ
ਦਰਸ਼ਨ ਸਿੰਘ ਸੋਢੀ/ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਦੇ ਸੀਨੀਅਰ ਆਗੂ ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਪਾਣੀ ਬਚਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਦੇ ਬਾਵਜੂਦ ਜ਼ਿਆਦਾਤਰ ਲੋਕ ਸ਼ਰ੍ਹੇਆਮ ਪਾਣੀ ਦੀ ਦੁਰਵਰਤੋਂ ਕਰਦੇ ਆਮ ਦੇਖੇ ਜਾ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਜ਼ਮੀਨ ਵਿੱਚ ਦਿਨ ਪ੍ਰਤੀ ਦਿਨ ਘੱਟ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।
ਅੱਜ ਇੱਥੇ ਯੂਥ ਆਗੂ ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਰਿਹਾਇਸ਼ੀ ਕਲੋਨੀਆਂ ਵਿੱਚ ਰੋਜ਼ਾਨਾ ਲੋਕਾਂ ਵੱਲੋਂ ਪਾਣੀ ਦਾ ਦੁਰਪ੍ਰਯੋਗ ਕੀਤਾ ਜਾਂਦਾ ਹੈ। ਇੱਥੋਂ ਤੱਕ ਕਿ ਜਲ ਸਪਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਾਹੀ ਦੇ ਬਾਵਜੂਦ ਸ਼ਰ੍ਹੇਆਮ ਸਿੱਧੀ ਟੁੱਟੀ ਤੋਂ ਪਾਈਪ ਲਗਾ ਕੇ ਫਰਸ਼, ਅਤੇ ਕਾਰਾਂ ਧੋਤੀਆਂ ਜਾ ਰਹੀਆਂ ਅਤੇ ਬਗ਼ੀਚਿਆਂ ਨੂੰ ਲੋੜ ਤੋਂ ਵੱਧ ਪਾਣੀ ਦਿੱਤਾ ਜਾ ਰਿਹਾ ਹੈ। ਜਦੋਂਕਿ ਗਰਮੀ ਦੇ ਮੌਸਮ ਵਿੱਚ ਆਮ ਸ਼ਹਿਰੀਆਂ ਨੂੰ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ ਬਹੁਤ ਘੱਟ ਪਾਣੀ ਸਪਲਾਈ ਹੋ ਰਿਹਾ ਹੈ। ਜਿਸ ਕਾਰਨ ਮਜਬੂਰੀ ਵਿੱਚ ਲੋਕਾਂ ਨੂੰ ਟੈਂਕਰਾਂ ਦਾ ਖਾਰਾ ਪਾਣੀ ਪੀਣਾ ਪੈ ਰਿਹਾ ਹੈ।
ਆਪ ਆਗੂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਾਣੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣਾ ਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਹਿਲੀ ਵਾਰ ਤਾੜਨਾ ਨੋਟਿਸ ਜਾਰੀ ਕਰਨ ਦੇ ਬਾਵਜੂਦ ਪਾਣੀ ਦੀ ਦੁਰਵਰਤੋਂ ਕਰਨ ਤੋਂ ਬਾਜ ਨਹੀਂ ਆਉਂਦਾ ਹੈ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣ।