ਨਿੱਜੀ ਪ੍ਰੈਕਟਿਸ ਕਰਨ ਵਾਲੇ ਸਰਕਾਰੀ ਡਾਕਟਰਾਂ ਵਿਰੱੁਧ ਹੋਵੇਗੀ ਸਖ਼ਤ ਕਾਰਵਾਈ: ਸਿਵਲ ਸਰਜਨ

ਨਿੱਜੀ ਪ੍ਰੈਕਟਿਸ ਜਾਂ ਸਰਕਾਰੀ ਨੌਕਰੀ ’ਚੋਂ ਕਿਸੇ ਇਕ ਦੀ ਚੋਣ ਕਰਨ ਸਰਕਾਰੀ ਡਾਕਟਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੁਕ ਛਿਪ ਕੇ ਨਿੱਜੀ ਪ੍ਰੈਕਟਿਸ ਕਰਨ ਵਾਲੇ ਸਰਕਾਰੀ ਡਾਕਟਰਾਂ ਦੀ ਖ਼ੈਰ ਨਹੀਂ ਹੈ। ਸਿਹਤ ਵਿਭਾਗ ਡਬਲ ਮੁਨਾਫ਼ਾ ਕਮਾਉਣ ਵਾਲੇ ਅਜਿਹੇ ਡਾਕਟਰਾਂ ਨੂੰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰਾਂ ਸਮੇਤ ਸਮੂਹ ਡਾਕਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਕਰਦਾ ਫੜਿਆ ਗਿਆ ਤਾਂ ਉਸ ਵਿਰੱੁਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਅੱਜ ਜ਼ਿਲ੍ਹਾ ਹਸਪਤਾਲ ਵਿੱਚ ਡਾਕਟਰਾਂ ਦੀ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਡਾਕਟਰਾਂ ਵੱਲੋਂ ਪ੍ਰਾਈਵੇਟ ਪ੍ਰੈਕਟਿਸ ਕਰਨਾ ਵਿਭਾਗੀ ਨਿਯਮਾਂ ਦੇ ਖ਼ਿਲਾਫ਼ ਹੈ। ਜੇਕਰ ਕੋਈ ਸਰਕਾਰੀ ਡਾਕਟਰ ਨਿੱਜੀ ਤੌਰ ’ਤੇ ਪ੍ਰਾਈਵੇਟ ਪ੍ਰੈਕਟਿਸ ਕਰਦਾ ਹੈ ਤਾਂ ਉਹ ਨਾਲੋ-ਨਾਲ ਸਰਕਾਰੀ ਡਾਕਟਰ ਵਜੋਂ ਨੌਕਰੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰੀ ਡਾਕਟਰ ਸਰਕਾਰੀ ਨੌਕਰੀ ਕਰਨ ਜਾਂ ਫਿਰ ਨਿੱਜੀ ਪ੍ਰੈਕਟਿਸ, ਉਨ੍ਹਾਂ ਨੂੰ ਦੋਵਾਂ ’ਚੋਂ ਇਕ ਦੀ ਚੋਣ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਕੋਈ ਸ਼ੱਕ ਨਹੀਂ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਾਇਨਾਤ ਡਾਕਟਰ ਪੂਰੀ ਮਿਹਨਤ ਅਤੇ ਲਗਨ ਨਾਲ ਸਿਹਤ ਸੇਵਾਵਾਂ ਦੇ ਰਹੇ ਹਨ ਪਰ ਸਰਕਾਰੀ ਡਾਕਟਰ ਦੁਆਰਾ ਕੀਤੀ ਜਾ ਰਹੀ ਨਿੱਜੀ ਪ੍ਰੈਕਟਿਸ ਨੂੰ ਕਿਸੇ ਵੀ ਪੱਖੋਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸੁਭਾਵਿਕ ਹੈ ਕਿ ਜਿਹੜਾ ਸਰਕਾਰੀ ਡਾਕਟਰ ਨਿੱਜੀ ਪ੍ਰੈਕਟਿਸ ਕਰੇਗਾ, ਉਹ ਆਪਣੇ ਸਰਕਾਰੀ ਕਾਰਜ ਨੂੰ ਚੋਖਾ ਸਮਾਂ ਅਤੇ ਊਰਜਾ ਨਹੀਂ ਦੇ ਸਕੇਗਾ ਕਿਉਂਕਿ ਉਸ ਦਾ ਸਾਰਾ ਧਿਆਨ ਆਪਣੇ ਨਿੱਜੀ ਕੰਮ ਵੱਲ ਰਹੇਗਾ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਦੀਆਂ ਸਖ਼ਤ ਹਦਾਇਤਾਂ ਹਨ ਕਿ ਨਿੱਜੀ ਪ੍ਰੈਕਟਿਸ ਕਰਨ ਵਾਲੇ ਸਰਕਾਰੀ ਡਾਕਟਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ ਕਿਉਂਕਿ ਅਜਿਹੇ ਡਾਕਟਰ ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਦੇ ਨਾਲ-ਨਾਲ ਆਪਣੇ ਪਵਿੱਤਰ ਕਿੱਤੇ ਨਾਲ ਵੀ ਇਨਸਾਫ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਰਕਾਰੀ ਡਾਕਟਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਸਿਹਤ ਸੰਸਥਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਪੂਰਾ ਸਮਾਂ ਦੇਵੇ ਅਤੇ ਪੂਰੀ ਸੰਜੀਦਗੀ, ਹਲੀਮੀ ਤੇ ਪਿਆਰ ਨਾਲ ਉਨ੍ਹਾਂ ਦਾ ਇਲਾਜ ਕਰਨ ਵਿੱਚ ਅਪਣਾ ਯੋਗਦਾਨ ਪਾਵੇ।
ਸਿਵਲ ਸਰਜਨ ਨੇ ਕਿਹਾ ਕਿ ਡਾਕਟਰੀ ਪਵਿੱਤਰ ਪੇਸ਼ਾ ਹੈ ਅਤੇ ਸਰਕਾਰੀ ਡਾਕਟਰਾਂ ਨੂੰ ਇਸ ਪੇਸ਼ੇ ਦੀ ਮਾਣ-ਮਰਿਆਦਾ ਤੇ ਪਵਿੱਤਰਤਾ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਡਾਕਟਰ ਅਜਿਹਾ ਨਾ ਹੋਵੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਆਪਣੇ ਪੱਧਰ ’ਤੇ ਵਿਭਾਗੀ ਕਾਰਵਾਈ ਕਰਨ ਦੇ ਨਾਲ-ਨਾਲ ਮਾਮਲਾ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…