ਬਿੱਲ ਤੋਂ ਬਗੈਰ ਖਾਦ, ਦਵਾਈਆਂ ਤੇ ਬੀਜ ਵੇਚਣ ਵਾਲੇ ਡੀਲਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਕਿਸਾਨ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ: ਮੁੱਖ ਖੇਤੀਬਾੜੀ ਅਫ਼ਸਰ

ਡੀਏਪੀ ਦੇ ਬਦਲ ਵਜੋਂ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਕਿਸਾਨ

ਕਿਸਾਨਾਂ ਨੂੰ ਖਾਦ ਦੇ ਬਦਲਵੇਂ ਮਿਸ਼ਰਨ ਪ੍ਰਤੀ ਜਾਗਰੂਕ ਕਰਨ ਲਈ ਪੈਂਫਲੇਟ ਵੰਡਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਕਿਸਾਨ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ/ਡੀਲਰ ਤੋਂ ਪੱਕਾ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਆਨਾਕਾਨੀ ਕਰਦਾ ਹੈ ਤਾਂ ਉਸ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿੱਚ ਉਪਲਬਧ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਫ਼ਸਲ ਦੀ ਬਿਜਾਈ ਸਮੇਂ ਸਿਰ ਕਰਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਡੀਏਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46 ਫੀਸਦੀ ਖਾਦ ਦੀ ਕਣਕ ਦੀ ਬਿਜਾਈ ਲਈ ਵਰਤੋਂ ਕੀਤੀ ਜਾ ਸਕਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ 3000 ਐਮਟੀ ਖਾਦ ਦਾ ਸਟਾਕ ਉਪਲਬਧ ਹੈ ਅਤੇ ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ, ਜਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਲੋੜ ਮੁਤਾਬਕ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ, ਜਿਸਦੇ ਬਦਲ ਵਜੋਂ ਬਾਜ਼ਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨਪੀਕੇ ਕੰਪਲੈਕਸ ਖਾਦਾਂ ਉਪਲਬਧ ਹਨ। ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ, ਜਿਸ ਵਿਚ 46 ਫੀਸਦੀ ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46 ਫੀਸਦੀ ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿੱਲੋਗਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿੱਲੋਗਰਾਮ ਯੂਰੀਆ ਖਾਦ ਅਤੇ 155 ਕਿੱਲੋਗਰਾਮ ਸਿੰਗਲ ਸੁਪਰ ਫਾਸਫੇਟ 16 ਫੀਸਦੀ (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਐਨਪੀਕੇ ਖਾਦਾਂ ਜਿਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਐਨਪੀਕੇ 16-16-16, ਐਨ.ਪੀ.ਕੇ 15-15-15, ਐਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਾਦ ਦੇ ਬਦਲਵੇਂ ਮਿਸ਼ਰਨ ਪ੍ਰਤੀ ਜਾਗਰੂਕ ਕਰਨ ਲਈ ਪੈਂਫਲੇਟ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਡੀਲਰਾਂ ਨੂੰ ਵੀ ਡੀਏਪੀ ਦੀਆਂ ਬਦਲਵੀਆਂ ਖਾਦਾਂ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …