nabaz-e-punjab.com

ਪੇਡ ਨਿਊਜ਼ ਲਗਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਚਣ ਅਫ਼ਸਰ

ਉਮੀਦਵਾਰਾਂ ਦੇ ਚੋਣ ਖਰਚੇ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਗਠਨ

ਇਲੈਕਟ੍ਰੋਨਿਕ ਮੀਡੀਆ ’ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਵਿਸ਼ੇਸ਼ ਕਮੇਟੀ ਦੀ ਪ੍ਰਵਾਨਗੀ ਲੈਣਾ ਜ਼ਰੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਦੀਆਂ ਹਦਾਇਤਾਂ ਉੱਤੇ ਮੁਹਾਲੀ ਸਮੇਤ ਖਰੜ ਅਤੇ ਡੇਰਾਬੱਸੀ ਹਲਕਿਆਂ ਵਿੱਚ ਵਿਧਾਨ ਸਭਾ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉੱਤੇ ਕੀਤੇ ਜਾਣ ਵਾਲੇ ਖ਼ਰਚ ’ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਇਸ ਕਮੇਟੀ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਿਸ਼ੇਸ਼ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਐਮਸੀਐਮਸੀ ਸੈਂਟਰ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਜਾ ਰਹੇ ਕੰਮ ਨੂੰ ਵਾਚਿਆ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੀਡੀਆ ਵਿੱਚ ਪੇਡ ਨਿਊਜ਼ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਸਬੰਧਤ ਉਮੀਦਵਾਰ ਦੇ ਚੋਣ ਖਰਚੇ ਵਿੱਚ ਖ਼ਬਰ ਦਾ ਖਰਚਾ ਸ਼ਾਮਲ ਕੀਤਾ ਜਾਵੇਗਾ, ਉੱਥੇ ਚੋਣ ਕਮਿਸ਼ਨ ਦੀ ਵੈਬਸਾਈਟ ਉੱਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਉਮੀਦਵਾਰਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪੈੱ੍ਰਸ ਕੌਂਸਲ ਆਫ਼ ਇੰਡੀਆ ਅਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰਡ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ ਜਿਸ ਵਿੱਚ ਅਖ਼ਬਾਰ, ਰੇਡੀਓ, ਟੀਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਸ਼ਾਮਲ ਹਨ, ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਚੋਣ ਖਰਚੇ ਵਿੱਚ ਜੋੜ ਕੇ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਹ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿੱਚ ਈ-ਪੇਪਰ ਅਤੇ ਸੋਸ਼ਲ ਮੀਡੀਆ ਵੀ ਸ਼ਾਮਲ ਹਨ, ਵਿੱਚ ਇਸ਼ਤਿਹਾਰ ਦੇਣ ਲਈ ਮੀਡੀਆ ਕਮੇਟੀ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਇਸ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ-440 ਵਿੱਚ ਪਹੁੰਚ ਕੀਤੀ ਜਾਵੇ।
ਸ੍ਰੀਮਤੀ ਕਾਲੀਆ ਨੇ ਕਿਹਾ ਕਿ ਮੀਡੀਆ ਕਮੇਟੀ ਸਕਰਿਪਟ ਦੇਖਣ ਉਪਰੰਤ ਇਸ਼ਤਿਹਾਰ ਬਣਾਉਣ ਤੇ ਲਗਾਉਣ ਉੱਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਉਸ ਦੀ ਪ੍ਰਵਾਨਗੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈੱਕ ਨਾਲ ਕੀਤੀ ਜਾਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਅਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਅਗਾਊਂ ਪ੍ਰਵਾਨ ਕਰਵਾਉਣੇ ਲਾਜ਼ਮੀ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…