nabaz-e-punjab.com

ਕਰੋਨਾਵਾਇਰਸ ਦੇ ਮੱਦੇਨਜ਼ਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਮੁਲਤਵੀ

ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਵਿੱਚ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ

ਮੰਗਾਂ ਲਈ ਰੋਜ਼ਾਨਾ ਕਾਲਜ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਵਿਰੁੱਧ ਪ੍ਰਗਟਾਉਣਗੇ ਰੋਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿਛਲੇ 5 ਦਿਨਾਂ ਤੋਂ ਅਣਮਿਥੇ ਸਮੇਂ ਲਈ ਚਲ ਰਹੀ ਹੜਤਾਲ 31 ਮਾਰਚ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਇਹ ਫੈਸਲਾ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਘਰਸ਼ ਕਮੇਟੀ ਪੰਜਾਬ ਦੇ ਜੁਝਾਰੂ ਸਾਥੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਉਂਜ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 1011 ਤੋਂ ਵੱਧ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਰੋਜ਼ਾਨਾ ਕਾਲਜ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਰੋਸ ਜਾਹਰ ਕਰਦੇ ਰਹਿਣਗੇ ਅਤੇ ਹੜਤਾਲ ਜਾਰੀ ਰਹੇਗੀ।
ਇਕੱਤਰਤਾ ਦੌਰਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਨਾਭਾ, ਪ੍ਰੋ. ਧਰਮਜੀਤ ਸਿੰਘ ਮਾਨ ਫਤਹਿਗੜ੍ਹ ਸਾਹਿਬ, ਪ੍ਰੋ. ਬਖ਼ਸ਼ੀਸ਼ ਆਜ਼ਾਦ ਮੋਗਾ, ਪ੍ਰੋ. ਰਵਿੰਦਰ ਸਿੰਘ ਮਾਨਸਾ, ਪ੍ਰੋ. ਫਲਵਿੰਦਰ ਵਰਮਾ ਲੁਧਿਆਣਾ, ਪ੍ਰੋ. ਗੁਲਸ਼ਨਦੀਪ ਕੌਰ ਸੰਗਰੂਰ, ਪ੍ਰੋ. ਹੁਕਮ ਚੰਦ ਪਟਿਆਲਾ, ਪ੍ਰੋ. ਜੋਗਾ ਸਿੰਘ ਗੁਰਦਾਸਪੁਰ ਅਤੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਅਰਮਿੰਦਰ ਸਿੰਘ ਫਰੀਦਕੋਟ ਨੇ ਵਿਸ਼ਵ ਪੱਧਰ ਤੇ ਮਹਾਂਮਾਰੀ ਐਲਾਨੇ ਗਏ ਕਰੋਨਾਵਾਇਰਸ ਦੇ ਮਾਰੇ ਪ੍ਰਭਾਵਾਂ ਬਾਰੇ ਚਰਚਾ ਕਰਦਿਆਂ ਮਨੁੱਖਤਾ, ਆਪਣੇ ਵਿਦਿਆਰਥੀਆਂ ਅਤੇ ਸਹਿਯੋਗੀ ਸਾਥੀਆਂ ਦੀ ਸਿਹਤ ਦੀ ਚਿੰਤਾ ਕਰਦਿਆਂ ਫਿਲਹਾਲ 11 ਮਾਰਚ ਤੋਂ ਹੱਕੀ ਮੰਗਾਂ ਲਈ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਮੁਕੰਮਲ ਹੜਤਾਲ ਨੂੰ ਫਿਲਹਾਲ ਮੁਲਤਵੀ ਕੀਤਾ ਗਿਆ ਹੈ।
ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ 5 ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਮੇਟੀ ਨਾਲ ਕੋਈ ਤਾਲਮੇਲ ਕਰਨ ਦਾ ਯਤਨ ਨਹੀਂ ਕੀਤਾ ਗਿਆ। ਜਿਸ ਕਰਕੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਮਨਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਉਹ ਸਮੁੱਚੀ ਮਨੁੱਖਤਾ ਅਤੇ ਆਪਣੇ ਵਿਦਿਆਰਥੀਆਂ ਨੂੰ ਪਿਆਰ ਕਰਨ ਵਾਲੇ ਲੋਕ ਹਨ। ਜਿਸ ਕਰਕੇ ਉਨ੍ਹਾਂ ਨੇ ਆਪਣੀਆਂ ਮੰਗਾਂ ਦੀ ਪ੍ਰਵਾਹ ਨਾ ਕਰਦੇ ਹੋਏ ਮਾਨਵਤਾ ਦੀ ਭਲਾਈ ਲਈ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਸ ਮਹਾਂਮਾਰੀ ਦਾ ਪ੍ਰਭਾਵ ਘਟਦਾ ਹੈ ਤਾਂ ਸੂਬੇ ਦੇ ਗੈਸਟ ਫੈਕਲਟੀ ਪ੍ਰੋਫੈਸਰ ਪੂਰੇ ਜੋਸ਼ ਨਾਲ ਸਰਕਾਰ ਵਿਰੁੱਧ ਰੋਹ ਭਰਪੂਰ ਅਤੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ 25 ਮਾਰਚ ਨੂੰ ਲੁਧਿਆਣਾ ਵਿੱਚ ਇਨਸਾਫ਼ ਪਸੰਦ ਜਥੇਬੰਦੀਆਂ ਦੀ ਰੈਲੀ ਦੌਰਾਨ ਵੱਡੀ ਤਦਾਦ ਵਿੱਚ ਗੈਸਟ ਪ੍ਰੋਫੈਸਰ ਵੀ ਆਪਣੀ ਸ਼ਮੂਲੀਅਤ ਕਰਨਗੇ।
ਸੂਬਾਈ ਆਗੂਆਂ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਹੀ ਯੂਨੀਵਰਸਿਟੀ ਪ੍ਰੀਖਿਆਵਾਂ ਦੌਰਾਨ ਸੁਪਰਡੈਂਟ ਅਤੇ ਨਿਗਰਾਨ ਅਮਲੇ ਵਜੋਂ ਡਿਊਟੀਆਂ ਨਿਭਾਉਣ ਦੇ ਨਾਲ-ਨਾਲ ਪ੍ਰੈਕਟੀਕਲ ਪ੍ਰੀਖਿਆਵਾਂ ਅਤੇ ਉੱਤਰ ਪੱਤਰੀਆਂ ਦੇ ਮੁਲਾਂਕਣ ਦਾ ਕਾਰਜ ਲੰਮੇ ਸਮੇਂ ਤੋਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਕੇ ਰੈਗੂਲਰ ਨਾ ਕੀਤਾ ਗਿਆ ਤਾਂ ਉਹ ਆਗਾਮੀ ਪੰਜਾਬ ਦੀਆਂ ਤਿੰਨੇ ਯੂਨੀਵਰਸਿਟੀ ਪ੍ਰੀਖਿਆਵਾਂ, ਪ੍ਰੈਕਟੀਕਲ ਪ੍ਰੀਖਿਆਵਾਂ ਅਤੇ ਉੱਤਰ ਪੱਤਰੀਆਂ ਦੇ ਮੁਲਾਂਕਣ ਦਾ ਮੁਕੰਮਲ ਰੂਪ ਵਿੱਚ ਬਾਈਕਾਟ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…