
ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ
ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਤੇ ਆਦਰਸ਼ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ ਰੋਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ/ਪੀਐਸਐਮਐਸਯੂ ਵੱਲੋਂ 31 ਅਕਤੂਬਰ ਤੱਕ ਹੜਤਾਲ ਦੇ ਸੱਦੇ ’ਤੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੇ ਮੁਕੰਮਲ ਹੜਤਾਲ ਕੀਤੀ। ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਤਨਖ਼ਾਹ-ਕਮਿਸ਼ਨ ਨੂੰ ਅਧੂਰਾ ਅਤੇ ਮੁਲਾਜ਼ਮਾਂ ਨੂੰ ਉਲਝਾਉਣ ਵਾਲਾ ਦੱਸਦਿਆਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਨੇ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਜੋ ਗੁਣਾਂਕ ਦਿੱਤੇ ਗਏ ਹਨ, ਉਹ ਸਪੱਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਗੁਣਾਕਾਂ ਨਾਲ ਮੁਲਾਜ਼ਮਾਂ ਨੂੰ ਵਾਧੂ ਤਨਖ਼ਾਹ ਦੇ ਰੂਪ ਵਿੱਚ ਗੱਫੇ ਮਿਲਣਗੇ ਪ੍ਰੰਤੂ ਅਜਿਹਾ ਕੁਝ ਵੀ ਨਹੀਂ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਰਕਾਰ ਨੇ ਇਨ੍ਹਾਂ ਗੁਣਾਕਾਂ ਦੀ ਗਿਣਤੀ ਮਿਣਤੀ ਵਿੱਚ ਉਲਝਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਨਖ਼ਾਹ-ਕਮਿਸ਼ਨ ਦੇ 1-1-2016 ਤੋਂ ਹੁਣ ਤੱਕ ਦੇ ਬਣਦੇ ਬਕਾਏ ਵੀ ਖੂਹ ਖਾਤੇ ਪਾ ਦਿੱਤੇ ਹਨ। ਜਿਸ ਨਾਲ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਤਨਖ਼ਾਹ-ਕਮਿਸ਼ਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਹੱਕੀ ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਕਿ ਕੰਟਰੈਕਟ ਅਧਾਰ ਅਤੇ ਕੱਚੇ ਮੁਲਾਜ਼ਮ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਦੀ ਬਹਾਲੀ, ਪਿਛਲੇ ਸਮੇਂ ਵਿੱਚ ਸਰਕਾਰ ਵੱਲੋਂ ਰੀਸਟਰਕਚਰਿੰਗ ਦੇ ਨਾਂ ’ਤੇ ਖ਼ਤਮ ਕੀਤੀਆਂ ਅਸਾਮੀਆਂ ਬਹਾਲ ਕਰਵਾਉਣ ਸਮੇਤ ਹੋਰ ਅਹਿਮ ਮੰਗਾਂ ਮੰਨਣ ਤੋਂ ਸਰਕਾਰ ਆਨਾਕਾਨੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੋਟੀਫ਼ਿਕੇਸ਼ਨ ਜਾਰੀ ਨਾ ਕਰਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਆਉਂਦੇ ਦਿਨਾਂ ਵਿੱਚ ਮੁਲਾਜ਼ਮ ਮੰਗਾਂ ਲਈ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ।
ਉਧਰ, ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਸਮੇਤ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਵੀ ਅੱਜ ਕਲਮਛੋੜ ਹੜਤਾਲ ਕੀਤੀ ਗਈ। ਇਸ ਤੋਂ ਇਲਾਵਾ ਬੋਰਡ ਦੇ ਆਦਰਸ਼ ਸਕੂਲਾਂ ਦੇ ਸਮੂਹ ਮੁਲਾਜ਼ਮਾਂ ਨੇ ਵੀ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਜਥੇਬੰਦੀ ਨੇ ਮੁੱਖ ਦਫ਼ਤਰ, ਖੇਤਰੀ ਦਫ਼ਤਰ ਅਤੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਡਟੇ ਰਹਿਣ ਅਤੇ ਹੜਤਾਲ ਵਿੱਚ ਪੂਰਨ ਸਮਰਥਨ ਦੇਣ ਲਈ ਪ੍ਰੇਰਿਆ।
ਇਸ ਮੌਕੇ ਗੁਰਚਰਨ ਸਿੰਘ ਤਰਮਾਲਾ, ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਰਮਨਦੀਪ ਗਿੱਲ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ ਅਜੈਬ ਸਿੰਘ ਸਮੇਤ ਯੂਨੀਅਨ ਦੇ ਹੋਰ ਆਗੂ ਹਾਜ਼ਰ ਸਨ।