nabaz-e-punjab.com

ਪੰਜਾਬ ਦੇ ਕਿਸਾਨ ਆਗੂਆਂ ਦੇ ਘਰਾਂ ’ਤੇ ਸੀਬੀਆਈ ਛਾਪੇਮਾਰੀ ਦੀ ਸਖ਼ਤ ਨਿਖੇਧੀ

ਕੇਂਦਰ ਦੀ ਮੋਦੀ ਸਰਕਾਰ ਨੂੰ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਵਰਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਕੌਮੀ ਜਾਂਚ ਏਜੰਸੀ ਸੀਬੀਆਈ ਦੀ ਇੱਕ ਵਿਸ਼ੇਸ਼ ਟੀਮ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਘਰ ਅਚਨਚੇਤ ਛਾਪੇਮਾਰੀ ਕਰਕੇ ਵੱਡੇ ਪੱਧਰ ’ਤੇ ਛਾਣਬੀਣ ਕੀਤੀ। ਲੱਖੋਵਾਲ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ਗਮਾਡਾ ਵੱਲੋਂ ਵਸਾਈ ਗਈ ਐਰੋਸਿਟੀ ਵਿੱਚ ਰਹਿੰਦੇ ਹਨ। ਕਈ ਹੋਰ ਪ੍ਰਮੁੱਖ ਕਿਸਾਨ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਜਿਸ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ।
ਸੂਤਰ ਦੱਸਦੇ ਹਨ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਚੱਲ ਰਹੇ ਲੜੀਵਾਰ ਪੱਕੇ ਮੋਰਚੇ ਨੂੰ ਸਮਰਥਨ ਦੇਣ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਕੌਮੀ ਪੱਧਰ ’ਤੇ ਕੀਤੇ ਜਾਣ ਵਾਲੇ ਇੱਕ ਰੋਜ਼ਾ ਜਨ ਅੰਦੋਲਨ ਦੇ ਫ਼ੈਸਲੇ ਦੇ ਮੱਦੇਨਜ਼ਰ ਸੀਬੀਆਈ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਕਿਸਾਨ ਆਗੂਆਂ ਅਨੁਸਾਰ ਇਸ ਅੰਦੋਲਨ ਵਿੱਚ ਦੇਸ਼ ਦੀਆਂ 450 ਤੋਂ ਵੱਧ ਕਿਸਾਨ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਲੱਖਾਂ ਦੀ ਗਿਣਤੀ ਵਿੱਚ ਨੁਮਾਇੰਦੇ ਸ਼ਮੂਲੀਅਤ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀਆਂ ਬਾਕੀ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਕੋਈ ਇੱਕ ਮੰਗ ਵੀ ਪੂਰੀ ਨਹੀਂ ਕੀਤੀ।
ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੇ ਕਿਸਾਨ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਉੱਤੇ ਕੀਤੀ ਗਈ ਛਾਪੇਮਾਰੀ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਵਨੀ ਦਿੱਤੀ ਹੈ। ਸੰਯੁਕਤ ਮੋਰਚੇ ਦੇ ਆਗੂਆਂ ਡਾ ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਰਾਏ, ਰਮਿੰਦਰ ਸਿੰਘ ਪਟਿਆਲਾ, ਫੁਰਮਾਨ ਸਿੰਘ ਸੰਧੂ ਕਿਹਾ ਕਿ ਸੀਬੀਆਈ ਵੱਲੋਂ ਬਿਨਾਂ ਕਿਸੇ ਕਾਰਨ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੇ ਘਰ ਅਤੇ ਦਫ਼ਤਰਾਂ ’ਤੇ ਛਾਪੇਮਾਰੀ ਕਰਕੇ ਕੁਝ ਜ਼ਰੂਰੀ ਦਸਤਾਵੇਜ਼ ਕਬਜ਼ੇ ਵਿੱਚ ਗਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਂਗ ਕੇਂਦਰ ਸਰਕਾਰ ਵੀ ਸੰਯੁਕਤ ਕਿਸਾਨ ਮੋਰਚੇ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਦਿੱਤੇ ਵੱਡੇ ਇਕੱਠ ਦੇ ਸੱਦੇ ਨੂੰ ਲੈ ਕੇ ਕੇਂਦਰ ਸਰਕਾਰ ਬੁਖਲਾ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਧੱਕੇਸ਼ਾਹੀ ਕਰ ਲਵੇ ਪ੍ਰੰਤੂ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਨਾ ਮੰਨੀਆਂ ਤਾਂ ਉਕਤ ਅੰਦੋਲਨ ਸਰਕਾਰ ਦੇ ਤਾਬੂਤ ਵਿੱਚ ਆਖ਼ਰੀ ਕਿੱਲ ਗੱਡਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …