
ਵੱਖੋ-ਵੱਖ ਆਗੂਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
ਪਿੰਡ ਧਰਮਗੜ੍ਹ ਤੋਂ ਵੀ ਪੱਕੇ ਮੋਰਚੇ ’ਚ ਪੁੱਜਾ ਜਥਾ, ਲੋਕ ਹਿੱਤ ਮਿਸ਼ਨ ਦੇ ਜਥਾ ਨੂੰ ਰਾਹ ’ਚ ਰੋਕਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਜਸਵੀਰ ਸਿੰਘ ਨਰੈਣਾ, ਸੁਰਿੰਦਰ ਸਿੰਘ ਬਰਿਆਲੀ, ਬਲਵਿੰਦਰ ਸਿੰਘ ਬੀੜ, ਦਲਜੀਤ ਸਿੰਘ ਮਨਾਣਾ, ਸੁਖਵਿੰਦਰ ਸਿੰਘ ਬੱਸੀਆਂ, ਜਸਵੀਰ ਸਿੰਘ ਢਕੋਰਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਗੀਰ ਸਿੰਘ ਕੰਬਾਲਾ, ਅੰਗਰੇਜ਼ ਸਿੰਘ ਅਤੇ ਜਗਤਾਰ ਸਿੰਘ ਨੇ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਉੱਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਕਾਰਵਾਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਖ ਆਗੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਤਰੀਕੇ ਨਾਲ ਚੱਲ ਰਹੇ ਲੜੀਵਾਰ ਧਰਨੇ ਦਾ ਮਾਹੌਲ ਖਰਾਬ ਨਾ ਕੀਤਾ ਜਾਵੇ ਅਤੇ ਬਿਨਾਂ ਸ਼ਰਤ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਪਿੰਡ ਧਰਮਗੜ੍ਹ ਤੋਂ ਇਕ ਜਥਾ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਮੁਹਾਲੀ ਵਿੱਚ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਧਰਮਗੜ੍ਹ ਦੇ ਸਰਪੰਚ ਹਰਬੰਸ ਸਿੰਘ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਹੋਣ ਲਈ ਸੰਗਤ ਲਈ ਸਪੈਸ਼ਲ ਟਰਾਲੀ ਤਿਆਰ ਕਰਵਾਈ ਹੈ ਅਤੇ ਸਮੂਹ ਪਿੰਡ ਵਾਸੀ ਇਸ ਮੋਰਚੇ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੱਖ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਰਿਹਾਅ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਰਵਿੰਦਰ ਸਿੰਘ ਟਿੰਕਾ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਹਰਦਿੱਤ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ ਕਿਸਾਨ ਕਮੇਟੀ ਪ੍ਰਧਾਨ ਧਰਮਗੜ੍ਹ, ਜਸਪ੍ਰੀਤ ਸਿੰਘ ਹਾਜ਼ਰ ਸਨ।
ਉਧਰ, ਲੋਕ ਹਿੱਤ ਮਿਸ਼ਨ ਦਾ ਜਥਾ ਟੋਲ ਪਲਾਜ਼ਾ ਬੜੌਦੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਲਈ ਰਵਾਨਾ, ਪ੍ਰੰਤੂ ਪੁਲੀਸ ਨੇ ਇਸ ਕਾਫ਼ਲੇ ਨੂੰ ਰਸਤੇ ਵਿੱਚ ਰੋਕ ਲਿਆ। ਇਸ ਕਾਫ਼ਲੇ ਵਿੱਚ ਸਿੱਖ ਆਗੂ ਗੁਰਮੀਤ ਸਿੰਘ ਸਾਂਟੂ, ਸੁਖਦੇਵ ਸਿੰਘ ਸੁੱਖਾ ਕੰਸਾਲਾ, ਰਵਿੰਦਰ ਸਿੰਘ ਵਜੀਦਪੁਰ, ਜਗਮੋਹਨ ਸਿੰਘ ਨੀਟਾ,ਦਰਸ਼ਨ ਸਿੰਘ ਖੇੜਾ, ਜਸਪਾਲ ਸਿੰਘ ਲੱਕੀ ਮਾਵੀ, ਗੁਰਦੀਪ ਸਿੰਘ ਮਹਿਰਮਪੁਰ, ਕੇਸਰ ਸਿੰਘ ਕੁਬਾਹੇੜੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਬਾਅਦ ਵਿੱਚ ਇਹ ਸਾਰੇ ਲੋਕ ਮੁਹਾਲੀ ਵਿੱਚ ਚੱਲ ਰਹੇ ਪੱਕੇ ਮੋਰਚੇ ਵਿੱਚ ਪਹੁੰਚ ਗਏ। ਉਪਰੋਕਤ ਵਿਅਕਤੀਆਂ ਨੇ ਸਿੱਖਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ।