ਸੁਵਿਧਾ ਸੈਂਟਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣ ਦਾ ਡਿਪਟੀ ਮੇਅਰ ਵੱਲੋਂ ਤਿੱਖਾ ਵਿਰੋਧ

ਇੱਕ ਗਲੀ ਛੱਡ ਕੇ ਫੇਜ਼-5 ਵਿੱਚ ਪਹਿਲਾਂ ਹੀ ਚੱਲ ਰਹੀ ਹੈ ਧਰਾਨਾ ਭਵਨ ਵਿੱਚ ਸਰਕਾਰੀ ਡਿਸਪੈਂਸਰੀ: ਬੇਦੀ

ਪੰਜਾਬ ਕੋਲ ਸਿਹਤ ਸਬੰਧੀ ਵੱਧ ਸ਼ਾਨਦਾਰ ਬੁਨਿਆਦੀ ਢਾਂਚਾ ਉਪਲਬਧ: ਸਟਾਫ਼ ਨੂੰ ਤਾਇਨਾਤੀ ਕਰਨ ਦੀ ਲੋੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਸੁਵਿਧਾ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖੇ ਜਾਣ ਦਾ ਤਿੱਖਾ ਵਿਰੋਧ ਕੀਤਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਫੇਜ਼-5 ਵਿੱਚ ਸੁਵਿਧਾ ਸੈਂਟਰ ਲਈ ਬਣਾਈ ਛੋਟੇ ਜਿਹੇ ਬਿਲਡਿੰਗ ਵਿੱਚ ਮੁਹੱਲਾ ਕਲੀਨਿਕ ਦੀ ਥਾਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਨੂੰ ਇਕ ਮਜ਼ਾਕ ਦੱਸਦਿਆਂ ਕਿਹਾ ਕਿ ਫੇਜ਼-5 ਵਿਚ ਪਹਿਲਾਂ ਹੀ ਧਰਾਨਾ ਭਵਨ ਵਿੱਚ ਇੱਕ ਬਹੁਤ ਵਧੀਆ ਸਰਕਾਰੀ ਡਿਸਪੈਂਸਰੀ ਚੱਲ ਰਹੀ ਹੈ ਜੋ ਕਿ ਇਥੋਂ ਮਹਿਜ਼ ਇਕ ਗਲੀ ਦੂਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਿਰਫ਼ ਇਕ ਡਰਾਮੇਬਾਜ਼ੀ ਹੈ ਜਿਸ ਰਾਹੀਂ ਪਾਰਟੀ ਆਪਣੀ ਵਾਹ ਵਾਹ ਖੱਟਣਾ ਚਾਹੁੰਦੀ ਹੈ ਤਾਂ ਜੋ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਇਸ ਦਾ ਲਾਹਾ ਲਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਫੇਜ਼-3ਬੀ1 ਵਿੱਚ ਡਿਸਪੈਂਸਰੀ ਨੂੰ ਅਪਗਰੇਡ ਕਰਕੇ ਹਸਪਤਾਲ ਬਣਾਇਆ ਗਿਆ ਹੈ ਅਤੇ ਸ਼ਾਨਦਾਰ ਬਿਲਡਿੰਗ ਕਰੋੜਾਂ ਰੁਪਏ ਖਰਚ ਕੇ ਬਣਾਈ ਗਈ ਸੀ ਜਿਸ ਦੇ ਬੁਨਿਆਦੀ ਢਾਂਚੇ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਬਹੁਤ ਬਿਹਤਰ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਦੀਆਂ ਹਨ ਪਰ ਅਸਲੀਅਤ ਇਹ ਹੈ ਕਿ ਇੱਥੇ ਹਾਲੇ ਤਕ ਡਾਕਟਰ ਫੇਜ਼-6 ਦੇ ਹਸਪਤਾਲ ਤੋਂ ਡੈਪੂਟੇਸ਼ਨ ਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਦਾ ਆਪ੍ਰੇਸ਼ਨ ਥੀਏਟਰ ਸਟੇਟ ਆਫ ਆਰਟ ਬਣਿਆ ਹੋਇਆ ਹੈ ਜਿਸ ਦੀ ਕੋਈ ਵਰਤੋਂ ਹਾਲੇ ਨਹੀਂ ਕੀਤੀ ਜਾ ਰਹੀ ਜੋ ਕਿ ਬਦਕਿਸਮਤੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਹ ਬਣਿਆ ਬਣਾਇਆ ਬੁਨਿਆਦੀ ਢਾਂਚਾ ਮਿਲਿਆ ਹੈ ਪਰ ਇੱਥੇ ਸਟਾਫ ਦੀ ਤਾਇਨਾਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਦੇ ਨਵੇਂ ਸੈਕਟਰਾਂ ਵਿਚ ਦੋ ਨਵੀਆਂ ਡਿਸਪੈਂਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਉਨ੍ਹਾਂ ਨੂੰ ਫੌਰੀ ਤੌਰ ਤੇ ਮੁਕੰਮਲ ਕੀਤਾ ਜਾਵੇ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਗਾ ਦੌੜ ਪਿੱਛਾ ਚੌੜ ਵਾਲੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੁਵਿਧਾਵਾਂ ਦੇਨ ਦੇ ਮਾਮਲੇ ਵਿਚ ਵੀ ਪਾਰਟੀ ਦਾ ਡਬਲ ਸਟੈਂਡਰਡ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਦੀ ਗੱਲ ਇਹ ਹੈ ਕਿ ਇਕ ਪਾਸੇ ਆਮ ਆਦਮੀ ਕਲੀਨਿਕ ਖੋਲ੍ਹੀ ਜਾਂਦੀ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਖੁਦ ਅਪੋਲੋ ਹਸਪਤਾਲ ਵਿੱਚ ਜਾ ਕੇ ਇਲਾਜ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ਼ਤਿਹਾਰ ਆਮ ਆਦਮੀ ਕਲੀਨਿਕ ਦੇ ਨਾਂ ’ਤੇ ਗੁਜਰਾਤ ਅਤੇ ਹਿਮਾਚਲ ਦੀਆਂ ਅਖ਼ਬਾਰਾਂ ਵਿੱਚ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ਼ਤਿਹਾਰ ਦਿੱਤੇ ਵੀ ਜਾਣੇ ਸਨ ਤਾਂ ਉਹ ਪੰਜਾਬ ਦੇ ਅਖ਼ਬਾਰਾਂ ਵਿੱਚ ਦਿੱਤੇ ਜਾਣੇ ਚਾਹੀਦੇ ਸਨ। ਪਰ ਫੋਕੀ ਵਾਹ ਵਾਹੀ ਖੱਟਣ ਲਈ ਇਸ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਰੱਦ ਕਰਕੇ ਆਮ ਆਦਮੀ ਪਾਰਟੀ ਉੱਤੇ ਭਰੋਸਾ ਕਰਕੇ ਪਰ ਤਿੰਨ ਮਹੀਨਿਆਂ ਵਿੱਚ ਹੀ ਇਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਦਿਖਾਈ ਦੇ ਰਿਹਾ ਹੈ ਅਤੇ ਸੰਗਰੂਰ ਦੀ ਲੋਕ ਸਭਾ ਜ਼ਿਮਨੀ ਚੋਣ ਨੇ ਸਾਬਤ ਕਰ ਦਿੱਤਾ ਹੈ ਜਿੱਥੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੱਲ ਨੰਗੇ ਚਿੱਟੇ ਤੌਰ ਤੇ ਕੰਧ ਤੇ ਲਿਖੀ ਗਈ ਹੈ ਪਰ ਸ਼ਾਇਦ ਆਮ ਆਦਮੀ ਪਾਰਟੀ ਨੂੰ ਇਹ ਗੱਲ ਦਿਖਾਈ ਨਹੀਂ ਦੇ ਰਹੀ ਤਾਂ ਹੀ ਇਸ ਤਰ੍ਹਾਂ ਦੇ ਫੈਸਲੇ ਕੀਤੇ ਜਾ ਰਹੇ ਹਨ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਇਹ ਵੀ ਸਵਾਲ ਪੁੱਛਿਆ ਕਿ ਹੁਣ ਮੁਹੱਲਾ ਕਲੀਨਿਕ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ ਤਾਂ ਕੀ ਖ਼ਾਸ ਲੋਕਾਂ ਵਾਸਤੇ ਵੱਖਰੀਆਂ ਕਲੀਨਿਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਪੰਜਾਬ ਦੀ ਸਰਕਾਰ ਦਿੱਲੀ ਦੇ ਇਸ਼ਾਰੇ ਤੇ ਚੱਲਦੀ ਹੈ ਅਤੇ ਜੋ ਦਿੱਲੀ ਤੋਂ ਫੁਰਮਾਨ ਹੁੰਦਾ ਹੈ ਉਹ ਪੰਜਾਬ ਵਿੱਚ ਲਾਗੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਲਈ ਖ਼ੁਦ ਆਪਣੇ ਫ਼ੈਸਲੇ ਲੈਣੇ ਚਾਹੀਦੇ ਹਨ ਨਾ ਕਿ ਦਿੱਲੀ ਦੇ ਅੱਗੇ ਆਪਣੇ ਗੋਡੇ ਟੇਕਣੇ ਚਾਹੀਦੇ ਹਨ। ਕਿਤੇ ਇਹ ਨਾ ਹੋਵੇ ਕਿ ਮਹਾਰਾਸ਼ਟਰ ਵਾਂਗ ਇੱਥੋਂ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਬੱਸ ਭਰ ਕੇ ਕੋਈ ਹੋਰ ਲੈ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …