ਇਨਸਾਫ਼ ਲਈ ਖੱਜਲ-ਖੁਆਰ: ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਤੇ ਐਸਐਸਪੀ ਦਾ ਪੁਤਲਾ ਸਾੜਿਆ

ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਤੇ ਹੋਰ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੀਤਾ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਪੰਜਾਬ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਅਤੇ ਪੁਲੀਸ ਵਧੀਕੀਆਂ ਖ਼ਿਲਾਫ਼ ਲਗਾਤਾਰ ਗਰੀਬ ਲੋਕਾਂ ਦਾ ਰੋਹ ਭਖਦਾ ਜਾ ਰਿਹਾ ਹੈ। ਇਨਸਾਫ਼ ਲਈ ਥਾਣਿਆਂ ਅਤੇ ਸਿਵਲ ਪ੍ਰਸ਼ਾਸਨ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੇ ਕਮਜ਼ੋਰ ਵਰਗ ਦੇ ਪੀੜਤ ਪਰਿਵਾਰਾਂ ਨੇ ਅੱਜ ‘ਆਪ’ ਸਰਕਾਰ ਅਤੇ ਪੁਲੀਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਇੱਥੋਂ ਦੇ ਸੈਕਟਰ-79 ਸਥਿਤ ਲਾਲ ਬੱਤੀ ਪੁਆਇੰਟ ਨੇੜੇ ਮੁੱਖ ਮੰਤਰੀ ਅਤੇ ਐੱਸਐੱਸਪੀ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ। ਧਰਨਾ ਪ੍ਰਦਰਸ਼ਨ ਦੀ ਅਗਵਾਈ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕੀਤੀ। ਇਸ ਮੌਕੇ ਸਮਾਜ ਭਲਾਈ ਫਰੰਟ ਪੰਜਾਬ ਦੇ ਪ੍ਰਧਾਨ ਸ਼ਵਿੰਦਰ ਸਿੰਘ ਲੱਖੋਵਾਲ, ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਸਿਕਲੀਗਰ ਸਮਾਜ ਦੇ ਪ੍ਰਧਾਨ ਕਰਤਾਰ ਸਿੰਘ ਸਮੇਤ ਹੋਰਨਾਂ ਐਸਸੀ\ਬੀਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਥਾਣਿਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ ਪਰ ਕੋਈ ਅਧਿਕਾਰੀ ਉਨ੍ਹਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ। ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਅੱਜ ਦੁਬਾਰਾ ਸੜਕਾਂ ’ਤੇ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਆਪ ਲੀਡਰਸ਼ਿਪ ਨੇ ਸਤਾ ਹਥਿਆਉਣ ਲਈ ਲੋਕਾਂ ਨਾਲ ਵੱਡੇ-ਵੱਡੇ ਦਾਅਵੇ ਕੀਤੇ ਸਨ ਪ੍ਰੰਤੂ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਪੀਜੀ ਮਾਲਕਾਂ ਦੀਆਂ ਮਨਮਾਨੀਆਂ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਕਾਰਵਾਈ ਤੋਂ ਪੱਲਾ ਝਾੜ ਰਿਹਾ ਹੈ।
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਸੋਹਾਣਾ ਥਾਣਾ ਦੇ ਐਸਐਚਓ ਗੁਰਜੀਤ ਸਿੰਘ ਅਤੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਾਜੇਸ਼ ਅਰੋੜਾ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਪੈਂਡਿੰਗ ਕੇਸਾਂ ਦਾ ਜਲਦੀ ਨਿਬੇੜਾ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ।

ਧਰਨੇ ਨੂੰ ਸ਼ਵਿੰਦਰ ਸਿੰਘ ਲੱਖੋਵਾਲ, ਕਿਰਪਾਲ ਸਿੰਘ ਮੁੰਡੀ ਖਰੜ, ਕਰਤਾਰ ਸਿੰਘ, ਅਜੈਬ ਸਿੰਘ ਬਾਕਰਪੁਰ, ਹਰਨੇਕ ਸਿੰਘ ਨੰਡਿਆਲੀ ਅਤੇ ਬਚਨ ਸਿੰਘ ਇਸ ਮੌਕੇ ਅਵਤਾਰ ਮੱਕੜਿਆਂ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਮਨਜੀਤ ਸਿੰਘ, ਗੁਰਮੀਤ ਕੌਰ ਧਰਮਗੜ੍ਹ, ਪਰਮਜੀਤ ਕੌਰ, ਸੋਨੀਆ, ਸੋਹਨ ਲਾਲ, ਗੁਰਸੇਵਕ ਸਿੰਘ, ਗਗਨਪ੍ਰੀਤ ਸਿੰਘ, ਗੁਰਪਿੰਦਰ ਸਿੰਘ, ਮਨਦੀਪ ਸਿੰਘ, ਜਗਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…