
ਪਾਵਰਕੌਮ ਠੇਕਾ ਮੁਲਾਜ਼ਮ ਮੰਗਾਂ ਸਬੰਧੀ ਤਿੱਖਾ ਸੰਘਰਸ਼ ਵਿੱਢਣ ਦੇ ਰੌਂਅ ’ਚ
ਪਾਵਰਕੌਮ ਠੇਕਾ ਮੁÑਲਾਜ਼ਮ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤੀ ਚਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਪਾਵਰਕੌਮ ਠੇਕਾ ਮੁਲਾਜ਼ਮ ਆਪਣੀ ਮੰਗਾਂ ਦੀ ਪੂਰਤੀ ਲਈ ਫਿਰ ਤੋਂ ਸੰਘਰਸ਼ ਵਿੱਢਣ ਦੇ ਰੌਂਅ ਵਿੱਚ ਹਨ। ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਬੀਤੀ 19 ਅਗਸਤ ਅਤੇ 2 ਸਤੰਬਰ ਨੂੰ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਹੋਈਆਂ ਮੀਟਿੰਗਾਂ ਦੀ ਕਾਰਵਾਈ ਦਾ ਰੀਵਿਊ ਕੀਤਾ ਗਿਆ।
ਮੀਟਿੰਗ ਵਿੱਚ ਵੱਖ-ਵੱਖ ਸਰਕਲ ਡਵੀਜ਼ਨ ਪ੍ਰਧਾਨਾਂ/ਸਕੱਤਰਾਂ ਅਤੇ ਹੋਰਨਾਂ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ, ਸੰਯੁਕਤ ਸਕੱਤਰ ਅਜੇ ਕੁਮਾਰ, ਸੀਨੀਅਰ ਮੀਤ ਪ੍ਰਧਾਨ ਚੌਧਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਵਰਕੌਮ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਕਿਰਤ ਕਮਿਸ਼ਨਰ ਪੰਜਾਬ ਦੇ ਮੁਹਾਲੀ ਸਥਿਤ ਦਫ਼ਤਰ ਦੇ ਬਾਹਰ ਵੱਡੇ ਇਕੱਠ ਕਰਕੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਪਾਵਰਕੌਮ ਦੇ ਚੇਅਰਮੈਨ ਏ ਵੇਨੂ ਪ੍ਰਸ਼ਾਦ ਵੱਲੋਂ ਬੀਤੀ 18 ਅਗਸਤ ਦੇ ਧਰਨੇ ਉਪਰੰਤ ਅਗਲੇ ਦਿਨ 19 ਅਗਸਤ ਅਤੇ 2 ਸਤੰਬਰ ਨੂੰ ਕਿਰਤ ਮੰਤਰੀ ਵੱਲੋਂ ਜਥੇਬੰਦੀ ਦੇ ਮੋਹਰੀ ਆਗੂਆਂ ਨਾਲ ਕਿਰਤ ਭਵਨ ਮੁਹਾਲੀ ਵਿੱਚ ਪੈਨਲ ਮੀਟਿੰਗਾਂ ਵਿੱਚ ਪਾਵਰਕੌਮ ਮੈਨੇਜਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿੱਚ ਬਰਖ਼ਾਸਤ ਕਾਮਿਆਂ ਦੀ ਤੁਰੰਤ ਬਹਾਲੀ, ਡਿਊਟੀ ਦੌਰਾਨ ਬਿਜਲੀ ਕਰੰਟ ਲੱਗਣ ਕਾਰਨ ਫੌਤ ਹੋਏ ਠੇਕਾ ਕਾਮਿਆਂ ਅਤੇ ਅਪਾਹਜ ਕਾਮਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਨੌਕਰੀ ਦਾ ਪ੍ਰਬੰਧ, ਕਿਰਤ ਕਾਨੂੰਨ ਲਾਗੂ ਕਰਨ, ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਟਰੇਨਿੰਗ ਦੇਣਾ ਪ੍ਰਵਾਨ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਕੋਈ ਇਕ ਮੰਗ ਵੀ ਪੂਰੀ ਨਹੀਂ ਹੋਈ।
ਆਗੂਆਂ ਨੇ ਕਿਹਾ ਕਿ 2 ਅਕਤੂਬਰ ਨੂੰ ਕਿਰਤ ਮੰਤਰੀ ਸਮੇਤ ਪਾਵਰਕੌਮ ਅਤੇ ਕਿਰਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਪ੍ਰਵਾਨਿਤ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਤਾਂ ਉਹ ਫਿਰ ਤੋਂ ਆਪਣੇ ਪਰਿਵਾਰਾਂ ਅਤੇ ਬੱਚਿਆਂ ਨੂੰ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਕਿਰਤ ਵਿਭਾਗ ਅਤੇ ਪਾਵਰਕੌਮ ਮੈਨੇਜਮੈਂਟ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਵੱਖ-ਵੱਖ ਵਿਭਾਗਾਂ ਦੇ ਠੇਕਾ ਕਾਮਿਆਂ ਨੂੰ ਸਬੰਧਤ ਵਿਭਾਗ ਵਿੱਚ ਰੈਗੂਲਰ ਕਰਨ ਬਾਰੇ ਬਣੇ 2016 ਐਕਟ ਨੂੰ ਲਾਗੂ ਕਰਵਾਉਣ ਅਤੇ ਸਮੂਹ ਠੇਕਾ ਕਾਮਿਆਂ ਦੀਆਂ ਹੱਕੀ ਮੰਗਾਂ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 13 ਅਕਤੂਬਰ ਨੂੰ ਪਟਿਆਲਾ ਵਿੱਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।