nabaz-e-punjab.com

ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਪਿਆ ਬੂਰ: ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਰਾਹ ਪੱਧਰਾ

ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

8393 ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਦਰਖ਼ਾਸਤਾਂ ਮੰਗੀਆਂ, ਵੈਬਸਾਈਟ ’ਤੇ ਅਪਲੋਡ ਕੀਤੀ ਜਾਣਕਾਰੀ

ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਜਾਰੀ, ਐਤਵਾਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦੇ ਸੰਘਰਸ਼ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਸਿੱਖਿਆ ਵਿਭਾਗ ਰਾਹੀਂ ਵੱਖ-ਵੱਖ ਅਖ਼ਬਾਰਾਂ ਵਿੱਚ ਪਬਲਿਕ ਨੋਟਿਸ ਜਾਰੀ ਕਰਨ ਨਾਲ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦਾ ਰਾਹ ਪੱਧਰਾ ਹੋ ਗਿਆ ਹੈ। ਇੱਥੋਂ ਦੇ ਫੇਜ਼-3 ਸਥਿਤ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਕਰਨ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।
ਸਹਾਇਕ ਡਾਇਰੈਕਟਰ (ਭਰਤੀ) ਹਰਪ੍ਰੀਤ ਕੌਰ ਮੁਤਾਬਕ ਨੌਕਰੀ ਦੇ ਚਾਹਵਾਨ ਵਿਅਕਤੀ 11 ਅਕਤੂਬਰ ਤੱਕ WWW.educationrecruitmentboard.com ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸ਼ਰਤਾਂ ਵੀ ਵਿਭਾਗ ਦੀ ਵੈਸਬਾਈਟ ’ਤੇ ਉਪਲਬਧ ਹਨ। ਉੱਥੋਂ ਸਾਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਨਵੀਂ ਭਰਤੀ ਤਜਰਬੇ ਦੇ ਆਧਾਰ ’ਤੇ ਕੀਤੀ ਜਾਵੇਗੀ। ਸਬੰਧਤ ਉਮੀਦਵਾਰ ਦੇ ਤਜਰਬੇ ਦੀ ਘੱਟ-ਘੱਟ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤੀ ਹੋਣੀ ਚਾਹੀਦੀ ਹੈ। ਵਿੱਦਿਅਕ ਯੋਗਤਾ ਵਿੱਚ ਬਾਰ੍ਹਵੀਂ ਜਮਾਤ 45 ਫੀਸਦੀ ਤੋਂ ਵੱਧ ਅੰਕਾਂ ਪਾਸ ਕੀਤੀ ਹੋਣੀ ਚਾਹੀਦੀ ਹੈ ਜਦੋਂਕਿ ਗਰੈਜੂਏਸ਼ਨ ਪਾਸ ਉਮੀਦਵਾਰ ਨੂੰ ਫਸਟ, ਸੈਕਿੰਡ ਅਤੇ ਥਰਡ ਪੁਜ਼ੀਸ਼ਨ ਆਦਿ ਕੈਟਾਗਰੀ ਵਾਈਜ਼ ਦੇ ਵਾਧੂ ਅੰਕ ਦਿੱਤੇ ਜਾਣਗੇ।
ਉਧਰ, 3807 ਅਸਾਮੀਆਂ ਲਈ ਟੈੱਟ ਐਕਟ 2010 ਲਾਗੂ ਨਹੀਂ ਹੋਵੇਗਾ। ਦੱਸਿਆ ਗਿਆ ਹੈ ਕਿ ਤਤਕਾਲੀ ਸਰਕਾਰ ਨੇ 23 ਅਗਸਤ 2010 ਨੂੰ ਟੈੱਟ ਐਕਟ ਲਾਗੂ ਕੀਤਾ ਗਿਆ ਸੀ। ਉਦੋਂ ਅਕਾਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੂਬਾ ਸਰਕਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ। ਇਸ ਬਾਰੇ ਪੰਜਾਬ ਨੂੰ ਅਗਵਾਈ ਲੀਹਾਂ ਦਿੱਤੀਆਂ ਜਾਣ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਇਸ ਪੱਤਰ ਦੇ ਜਵਾਬ ਵਿੱਚ ਪੰਜਾਬ ਨੂੰ ਇਹ ਸੁਝਾਅ ਦਿੱਤਾ ਸੀ ਕਿ ਸਾਲ 2010 ਤੋਂ ਪਹਿਲਾਂ ਭਰਤੀ ਕੀਤੇ ਅਧਿਆਪਕਾਂ ਨੂੰ ਟੈੱਟ ਪਾਸ ਦੀ ਛੋਟ ਦੇ ਕੇ ਰੈਗੂਲਰ ਕੀਤਾ ਜਾ ਸਕਦਾ ਹੈ। ਉਦੋਂ 8393 ਅਸਾਮੀਆਂ ਨੂੰ ਛੱਡ ਕੇ 3807 ਅਜਿਹੇ ਕੱਚੇ ਅਧਿਆਪਕ ਸਨ, ਜੋ ਉਕਤ ਕੈਟਾਗਰੀ ਵਿੱਚ ਆਉਂਦੇ ਸਨ, ਪ੍ਰੰਤੂ ਹੁਣ ਤੱਕ ਲੱਸੀ ਵਿੱਚ ਮਧਾਣੀ ਪਈ ਹੋਈ ਹੈ।
ਉਧਰ, ਹਾਲਾਂਕਿ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਬੀਤੀ 7 ਸਤੰਬਰ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਇਸ ਦੇ ਬਾਵਜੂਦ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ ਜਾਰੀ ਹੈ। ਆਗੂਆਂ ਨੇ ਦੱਸਿਆ ਕਿ ਆਉਂਦੇ ਐਤਵਾਰ ਨੂੰ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਸਰਕਾਰ ਤੋਂ ਇਹ ਮੰਗ ਕੀਤੀ ਜਾਵੇਗੀ ਸਮੇਂ ਦੀ ਲੋੜ ਅਨੁਸਾਰ 13 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਲਈ ਸਿੱਖਿਆ ਨੀਤੀ ਅਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਵਿਧੀ ਜਨਤਕ ਕੀਤੀ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਿਰ ਤੋਂ ਸੰਘਰਸ਼ ਨੂੰ ਮਘਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…