Nabaz-e-punjab.com

ਵਿਦਿਆਰਥੀ ਦੀ ਮੌਤ: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਿੱਟ ਦਾ ਗਠਨ, 7 ਦਿਨਾਂ ’ਚ ਮੰਗੀ ਰਿਪੋਰਟ

ਪ੍ਰਾਜੈਕਟ ਡਾਇਰੈਕਟਰ ਡਾ. ਐਮਐਸ ਸਰਕਾਰੀਆ ਦੀ ਨਿਗਰਾਨੀ ਹੇਠ ਹੋਵੇਗੀ ਜਾਂਚ

ਡੀਜੀਐਸਈ ਦੇ ਓਐਸਡੀ ਆਈਪੀਐਸ ਮਲਹੋਤਰਾ ਨੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਵਿਭਾਗੀ ਜਾਂਚ ਦੀ ਕੀਤੀ ਸੀ ਸਿਫ਼ਾਰਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੀਤ ਸਿੰਘ (16) ਦੀ ਭੇਦਭਰੀ ਮੌਤ ਸਬੰਧੀ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਦਰਜ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਕ ਹਾਈ ਪਾਵਰ ਜਾਂਚ ਕਮੇਟੀ (ਸਿੱਟ) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਊਟੀ ’ਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਾਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਨਿਗਰਾਨੀ ਹੇਠ ਬਣਾਈ ਗਈ ਸਿੱਟ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਅਤੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ ਪ੍ਰਿੰਸੀਪਲ ਕਰਨਲ ਅਮਰਜੀਤ ਸਿੰਘ ਸ਼ਾਮਲ ਹਨ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਿੱਟ ਦੇ ਮੈਂਬਰਾਂ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਜਾਰੀ ਕਰਦਿਆਂ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਹਰੇਕ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਭਾਵੇਂ ਵਿਦਿਆਰਥੀ ਦੀ ਮੌਤ ਸਬੰਧੀ ਪੁਲੀਸ ਵੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਕਿਉਂਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਸਬੰਧੀ ਵਿਭਾਗੀ ਜਾਂਚ ਕਰਨੀ ਬਣਦੀ ਹੈ। ਉਨ੍ਹਾਂ ਸਿੱਟ ਮੈਂਬਰਾਂ ਨੂੰ ਸੱਤ ਦੇ ਦਿਨਾਂ ਦੇ ਅੰਦਰ ਅੰਦਰ ਜਾਂਚ ਰਿਪੋਰਟ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ। ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਡੀਜੀਐਸਈ ਦੇ ਓਐਸਡੀ ਆਈਪੀਐਸ ਮਲਹੋਤਰਾ ਨੇ ਦੱਸਿਆ ਕਿ ਗਿਅਰ੍ਹਵੀਂ ਦੇ ਵਿਦਿਆਰਥੀ ਦੀ ਭੇਦਭਰੀ ਮੌਤ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਾਮਲੇ ਦੀ ਵਿਭਾਗੀ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਉਧਰ, ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਸਕੂਲ ਪ੍ਰਸ਼ਾਸਨ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਟਾਫ਼ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।
ਉਧਰ, ਮੁਹਾਲੀ ਦੀ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਬੀਤੇ ਕੱਲ੍ਹ ਹੀ ਸਮੁੱਚੇ ਮਾਮਲੇ ਦੀ ਤੈਅ ਤੱਕ ਜਾਣ ਲਈ ਸਮਾਂਬੱਧ ਨਿਆਂਇਕ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮਾਮਲੇ ਦੀ ਜਾਂਚ ਐਸਡੀਐਮ ਜਗਦੀਪ ਸਹਿਗਲ ਨੂੰ ਸੌਂਪਦਿਆਂ ਸੱਤ ਦਿਨਾਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਤਲਬ ਕੀਤੀ ਗਈ ਹੈ।
ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਵੱਲੋਂ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸਿੱਟ ਬਣਾਈ ਗਈ ਹੈ। ਇੰਝ ਹੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਵੀ ਵਿਦਿਆਰਥੀ ਦੀ ਭੇਦਭਰੀ ਮੌਤ ਦਾ ਗੰਭੀਰ ਨੋਟਿਸ ਲੈਂਦਿਆਂ ਮੁਹਾਲੀ ਪੁਲੀਸ ਤੋਂ ਜਾਂਚ ਰਿਪੋਰਟ ਤਲਬ ਕਰਦਿਆਂ ਐਸਐਸਪੀ ਨੂੰ ਪੱਤਰ ਲਿਖ ਕੇ ਵਿਦਿਆਰਥੀ ਦੀ ਮੌਤ ਸਬੰਧੀ ਜਾਂਚ ਅਧਿਕਾਰੀ ਨੂੰ 20 ਮਾਰਚ ਨੂੰ ਸਵੇਰੇ 11 ਵਜੇ ਕਮਿਸ਼ਨ ਦਫ਼ਤਰ ਵਿੱਚ ਰਿਪੋਰਟ ਲੈ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…