nabaz-e-punjab.com

ਵਿਦਿਆਰਥੀ ਦੀ ਮੌਤ: ਐਸਐਸਪੀ ਤੇ ਸਿੱਖਿਆ ਸਕੱਤਰ ਨੂੰ ਮਿਲਣਗੇ ਮਾਪੇ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ

ਸਕੂਲ ਪ੍ਰਸ਼ਾਸਨ ਦੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਥਾਂ ਬਾਈਨੇਮ ਨਾਮਜ਼ਦ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਇੱਥੋਂ ਦੇ ਸੈਕਟਰ-70 ਸਥਿਤ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰ੍ਹਵੀਂ ਜਮਾਤ ਵਿੱਚ ਪੜ੍ਹਦੇ ਹਰਮਨਜੀਤ ਸਿੰਘ ਦੀ ਭੇਦਭਰੀ ਮੌਤ ਦੇ ਮਾਮਲੇ ਸਬੰਧੀ ਮ੍ਰਿਤਕ ਵਿਦਿਆਰਥੀ ਦੇ ਮਾਪੇ, ਨਜ਼ਦੀਕੀ ਰਿਸ਼ਤੇਦਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਭਲਕੇ ਵੀਰਵਾਰ ਨੂੰ ਮੁਹਾਲੀ ਵਿੱਚ ਐਸਐਸਪੀ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕਰਨਗੇ ਅਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕਰਨ ਦੀ ਗੁਹਾਰ ਲਗਾਉਣਗੇ। ਉਂਜ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਨੇ ਪੁਲੀਸ ਮੁਖੀ ਅਤੇ ਸਿੱਖਿਆ ਸਕੱਤਰ ਨੂੰ ਅੱਜ ਮਿਲਣਾ ਸੀ ਪ੍ਰੰਤੂ ਅੱਜ ਹਰਮਨਪ੍ਰੀਤ ਸਿੰਘ ਦਾ ਅੰਗੀਠਾ ਸੰਭਾਲਣ ਅਤੇ ਉਸ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਦੇ ਚੱਲਦਿਆਂ ਉਹ ਅਧਿਕਾਰੀਆਂ ਨੂੰ ਨਹੀਂ ਮਿਲ ਸਕੇ ਹਨ ਅਤੇ ਹੁਣ ਵੀਰਵਾਰ ਨੂੰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ।
ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਪੰਜਾਬ ਦੇ ਮੁੱਖ ਮੰਤਰੀ, ਡੀਜੀਪੀ, ਐਸਐਸਪੀ, ਇਸਤਰੀ ਤੇ ਬਾਲ ਭਲਾਈ ਮੰਤਰਾਲਾ, ਕੌਮੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਅਤੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਕੂਲ ਪ੍ਰਸ਼ਾਸਨ ਦੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨਾ ਕਿਸੇ ਪੱਖੋਂ ਵੀ ਜਾਇਜ਼ ਨਹੀਂ ਹੈ। ਲਿਹਾਜ਼ਾ ਸਕੂਲ ਮੈਨੇਜਮੈਂਟ ਦੇ ਕਸੂਰਵਾਰ ਸਟਾਫ਼ ਨੂੰ ਬਾਈਨੇਮ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ ਅਤੇ ਸ਼ੱਕੀ ਵਿਦਿਆਰਥੀਆਂ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇ।
ਸ੍ਰੀ ਸਤਨਾਮ ਦਾਊਂ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਕੂਲ ਪ੍ਰਸ਼ਾਸਨ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਇਹ ਕਹਿਣਾ ਕਿ ਵਿਦਿਆਰਥੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕੀਤੀ ਹੈ ਪ੍ਰੰਤੂ ਮੌਕੇ ਦੇ ਸਬੂਤ ਵਿਦਿਆਰਥੀ ਦੇ ਕਤਲ ਵੱਲ ਇਸ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਸਕੂਲ ਪ੍ਰਸ਼ਾਸਨ ਬਦਨਾਮੀ ਦੇ ਡਰੋਂ ਤੱਥਾਂ ਨੂੰ ਛੁਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਮ੍ਰਿਤਕ ਵਿਦਿਆਰਥੀ ਦੀਆਂ ਫੋਟੋਆਂ ਅਤੇ ਹੋਸਟਲ ਦੇ ਕਮਰੇ ਅਤੇ ਬਾਥਰੂਮ ਦੀਆਂ ਫੋਟੋਆਂ ਪ੍ਰਕਾਸ਼ਿਤ ਕਰਨ ਤੋਂ ਇਹ ਸਾਰੇ ਪਹਿਲੂ ਕਤਲ ਦੀ ਵਾਰਦਾਤ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਿੱਠ, ਪੇਟ ਅਤੇ ਥੋਡੀ ’ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਨਹੀਂ ਦਿੱਤੀ ਗਈ ਅਤੇ ਵਾਰਦਾਤ ਤੋਂ ਬਾਅਦ ਸਕੂਲ ਵੱਲੋਂ ਮੌਕੇ ’ਤੇ ਪੁਲੀਸ ਨੂੰ ਸੂਚਿਤ ਨਹੀਂ ਕੀਤਾ ਗਿਆ। ਵਾਰਦਾਤ ਦੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਕਿਸੇ ਵੱਡੀ ਵਾਰਦਾਤ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
(ਬਾਕਸ ਆਈਟਮ)
ਸੇਵਾਮੁਕਤ ਸਿਵਲ ਸਰਜਨ ਤੇ ਸੰਸਥਾ ਦੇ ਚੇਅਰਮੈਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਹੋਏ ਮੈਡੀਕਲ ਬੋਰਡ ਵੱਲੋਂ ਕੀਤੇ ਪੋਸਟ ਮਾਰਟਮ ਦੀ ਰਿਪੋਰਟ ਅਤੇ ਮ੍ਰਿਤਕ ਵਿਦਿਆਰਥੀ ਦੇ ਸਰੀਰ ਦੀਆਂ ਫੋਟੋਆਂ ਦੇਖ ਕੇ ਸ਼ੱਕ ਜਾਹਰ ਹੁੰਦਾ ਹੈ ਕਿ ਵਿਦਿਆਰਥੀ ਨਾਲ ਅਣਹੋਣੀ ਘਟਨਾ ਵਾਪਰੀ ਹੈ। ਪੋਸਟ ਮਾਰਟਮ ਰਿਪੋਰਟ ਵਿੱਚ ਜੋ ਗਰਦਨ ਉੱਤੇ ਫਾਹਾ ਲੈਣ ਦੇ ਨਿਸ਼ਾਨ ਹਨ। ਉਨ੍ਹਾਂ ਦਾ ਸਾਈਜ਼ ਵੱਖੋ ਵੱਖਰਾ ਹੋਣ ਕਰਕੇ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਬੱਚੇ ਵੱਲੋਂ ਆਤਮ ਹੱਤਿਆ ਨਹੀਂ ਕੀਤੀ ਗਈ ਜਾਪਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਨਿਰਪੱਖ ਜਾਂਚ ਹੋਵੇ ਤਾਂ ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚਲ ਸਕੇਗਾ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਕਥਿਤ ਸੈਕਸ ਸਬੰਧਾਂ ਬਾਰੇ ਵੀ ਜਾਂਚ ਹੋਣੀ ਚਾਹੀਦੀ ਹੈ। ਇਹ ਪਹਿਲੂ ਵੀ ਮੁੱਢਲੀ ਜਾਂਚ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…