nabaz-e-punjab.com

ਵਿਦਿਆਰਥੀ ਦੀ ਮੌਤ: ਸਿੱਖਿਆ ਵਿਭਾਗ ਦੀ ਵਿਸ਼ੇਸ਼ ਜਾਂਚ ਕਮੇਟੀ ਵੱਲੋਂ ਮੈਰੀਟੋਰੀਅਸ ਸਕੂਲ ਦਾ ਦੌਰਾ

ਪ੍ਰਾਜੈਕਟ ਡਾਇਰੈਕਟਰ ਡਾ. ਐਮਐਸ ਸਰਕਾਰੀਆ ਦੀ ਅਗਵਾਈ ਵਾਲੀ ਟੀਮ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ

ਜਾਂਚ ਰਿਪੋਰਟ ਮਿਲਣ ਤੋਂ ਬਾਅਦ ਜ਼ਿੰਮੇਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੀਤ ਸਿੰਘ (16) ਦੀ ਭੇਦਭਰੀ ਮੌਤ ਸਬੰਧੀ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਕਾਇਮ ਕੀਤੀ ਗਈ ਹਾਈ ਪਾਵਰ ਵਿਸ਼ੇਸ਼ ਜਾਂਚ ਕਮੇਟੀ ਨੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਨਿਗਰਾਨੀ ਹੇਠ ਬਣੀ ਇਸ ਕਮੇਟੀ ਵਿੱਚ ਸ਼ਾਮਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਅਤੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ ਪ੍ਰਿੰਸੀਪਲ ਕਰਨਲ ਅਮਰਜੀਤ ਸਿੰਘ ਨੇ ਸੋਮਵਾਰ ਨੂੰ ਉਕਤ ਸਕੂਲ ਦਾ ਦੌਰਾ ਕਰਕੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ। ਜਾਂਚ ਟੀਮ ਨੇ ਹੋਸਟਲ ਦੇ ਰੂਮ, ਬਾਥਰੂਮ ਦਾ ਨਿਰੀਖਣ ਕੀਤਾ। ਉਧਰ, ਸਕੂਲ ਪ੍ਰਸ਼ਾਸਨ ’ਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੇ ਵੀ ਦੋਸ਼ ਲੱਗੇ ਹਨ।
ਇਸ ਮੌਕੇ ਮ੍ਰਿਤਕ ਵਿਦਿਆਰਥੀ ਦੇ ਪਿਤਾ ਤਰਸੇਮ ਸਿੰਘ, ਚਾਚਾ ਸਤਿਗੁਰੂ ਸਿੰਘ ਅਤੇ ਇਸ ਕੇਸ ਦੀ ਪੈਰਵੀ ਕਰ ਰਹੀ ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਜਾਂਚ ਕਮੇਟੀ ਨੂੰ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਹਰਮਨਜੀਤ ਦੀ ਮਾਂ ਕਿਰਨਜੀਤ ਕੌਰ ਨੇ ਭੱੁਬਾਂ ਮਾਰਦਿਆਂ ਮੁੜ ਦੁਹਰਾਇਆ ਕਿ ਉਸ ਦੇ ਲਾਡਲੇ ਨੇ ਖ਼ੁਦਕੁਸ਼ੀ ਨਹੀਂ ਕੀਤੀ ਬਲਕਿ ਉਸ ਦਾ ਕਤਲ ਕੀਤਾ ਗਿਆ ਹੈ ਅਤੇ ਇਹ ਘਟਨਾ ਸਕੂਲ ਪ੍ਰਸ਼ਾਸਨ ਦੀ ਕਥਿਤ ਲਾਪਰਵਾਹੀ ਕਾਰਨ ਵਾਪਰੀ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਹਰਮਨਜੀਤ ਬਹੁਤ ਹੀ ਹੋਣਹਾਰ ਵਿਦਿਆਰਥੀ ਸੀ। ਉਸ ਨੂੰ ਜ਼ੁਬਾਨੀ ਪਾਠ ਯਾਦ ਸੀ ਅਤੇ ਉਹ ਅੰਮ੍ਰਿਤਧਾਰੀ ਸੀ ਪ੍ਰੰਤੂ ਬੱਚੇ ਦੀ ਮੌਤ ਤੋਂ ਬਾਅਦ ਲਾਸ਼ ਤੋਂ ਪੰਜ ਕਰਾਰ ਗਾਇਬ ਸਨ।
ਪੀੜਤ ਪਰਿਵਾਰ ਨੇ ਜਾਂਚ ਕਮੇਟੀ ਕੋਲ ਨਾਲ ਪੜ੍ਹਦੇ ਇਕ ਵਿਦਿਆਰਥੀ ਦਾ ਸਿੱਧੇ ਤੌਰ ’ਤੇ ਨਾਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਬੇਟੇ ਨੂੰ ਕਾਫੀ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਹੋਸਟਲ ਵਿੱਚ ਉਸ ਨਾਲ ਮਾੜਾ ਸਲੂਕ ਹੋ ਰਿਹਾ ਸੀ। ਜਿਸ ਕਾਰਨ ਹਰਮਨਜੀਤ ਇੱਥੋਂ ਪੜ੍ਹਾਈ ਛੱਡਣਾ ਚਾਹੁੰਦਾ ਸੀ ਪ੍ਰੰਤੂ ਉਨ੍ਹਾਂ ਨੇ ਹੀ ਉਸ ਨੂੰ ਗਿਆਰ੍ਹਵੀਂ ਦੀ ਪੜ੍ਹਾਈ ਪੂਰੀ ਕਰਨ ਲਈ ਪ੍ਰੇਰਦਿਆਂ ਬਾਰ੍ਹਵੀਂ ਜਮਾਤ ਕਿਸੇ ਹੋਰ ਸਕੂਲ ਵਿੱਚ ਕਰਵਾਉਣ ਦਾ ਭਰੋਸਾ ਦਿੱਤਾ ਸੀ ਲੇਕਿਨ ਉਹ ਅਣਹੋਣੀ ਤੋਂ ਬਿਲਕੁਲ ਬੇਖ਼ਬਰ ਸੀ। ਮਾਪਿਆਂ ਨੇ ਕਿਹਾ ਕਿ ਜੇਕਰ ਉਹ ਆਪਣੇ ਬੱਚੇ ਦੀ ਗੱਲ ਮੰਨ ਕੇ ਉਸ ਨੂੰ ਹੋਸਟਲ ’ਚੋਂ ਲੈ ਜਾਂਦੇ ਤਾਂ ਸ਼ਾਇਦ ਅੱਜ ਹਰਮਨਜੀਤ ਉਨ੍ਹਾਂ ਕੋਲ ਹੋਣਾ ਸੀ।
(ਬਾਕਸ ਆਈਟਮ)
ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਸਕੂਲ ਪ੍ਰਿੰਸੀਪਲ ਦਾ ਪਤੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਡਿਪਟੀ ਸਟੇਟ ਪ੍ਰਾਜੈਕਟ ਡਾਇਰੈਕਟ ਲੱਗਾ ਹੋਣ ਅਤੇ ਸਿੱਖਿਆ ਸਕੱਤਰ ਦਾ ਚਹੇਤਾ ਹੋਣ ਕਾਰਨ ਹੁਣ ਤੱਕ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਬਣਦੀ ਕਾਰਵਾਈ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ ਹੈ ਜਦੋਂਕਿ ਛੋਟੀ ਛੋਟੀ ਸ਼ਿਕਾਇਤ ਹੋਣ ’ਤੇ ਸਕੱਤਰ ਤੁਰੰਤ ਸਬੰਧਤ ਅਧਿਆਪਕ ਜਾਂ ਸਟਾਫ਼ ਨੂੰ ਮੁਅੱਤਲ ਕਰਨ ਲੱਗਿਆ ਰੱਤੀ ਭਰ ਵੀ ਦੇਰੀ ਨਹੀਂ ਲਗਾਉਂਦੇ ਹਨ ਪ੍ਰੰਤੂ ਬੱਚੇ ਦੀ ਮੌਤ ਦੇ ਮਾਮਲੇ ਵਿੱਚ ਉੱਚ ਅਧਿਕਾਰੀਆਂ ਦੀ ਚੁੱਪੀ ਕਾਫੀ ਕੁਝ ਕਹਿ ਰਹੀ ਹੈ।
(ਬਾਕਸ ਆਈਟਮ)
ਜਾਂਚ ਅਧਿਕਾਰੀ ਡਾ. ਐਮਐਸ ਸਰਕਾਰੀਆ ਨੇ ਕਿਹਾ ਕਿ ਸਿੱਖਿਆ ਸਕੱਤਰ ਦੇ ਹੁਕਮਾਂ ’ਤੇ ਵਿਭਾਗੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਅੱਜ ਉਨ੍ਹਾਂ ਨੇ ਪੀੜਤ ਪਰਿਵਾਰ, ਪਿੰਡ ਵਾਸੀਆਂ ਅਤੇ ਸਮਾਜ ਸੇਵੀ ਸੰਸਥਾ ਦੇ ਨੁਮਾਇੰਦਿਆਂ ਦੇ ਬਿਆਨ ਦਰਜ ਕੀਤੇ ਹਨ ਅਤੇ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀ ਦੀ ਮੌਤ ਸਬੰਧੀ ਬਿਲਕੁਲ ਨਿਰਪੱਖ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਸਕੂਲ ਪ੍ਰਬੰਧਾਂ ਵਿੱਚ ਊਣਤਾਈਆਂ ਸਾਹਮਣੇ ਆਈਆਂ ਤਾਂ ਸਬੰਧਤ ਸਟਾਫ਼ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਸਰਕਾਰ ਨੂੰ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਦੁਬਾਰਾ ਕਿਸੇ ਸਕੂਲ ਵਿੱਚ ਅਜਿਹੀ ਘਟਨਾ ਨਾ ਵਾਪਰ ਸਕੇ।
(ਬਾਕਸ ਆਈਟਮ)
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਦਿਆਰਥੀ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਿਭਾਂਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਪੁਲੀਸ ਵੱਲੋਂ ਪਹਿਲਾਂ ਹੀ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਐਸਡੀਐਮ ਵੱਖਰੇ ਤੌਰ ’ਤੇ ਨਿਆਂਇਕ ਜਾਂਚ ਕਰ ਰਹੇ ਹਨ। ਜੇਕਰ ਚੱਲਦੀ ਜਾਂਚ ਦੌਰਾਨ ਉਹ ਸਕੂਲ ਪ੍ਰਸ਼ਾਸਨ ਜਾਂ ਕਿਸੇ ਵਿਸ਼ੇਸ਼ ਵਿਅਕਤੀ ਖ਼ਿਲਾਫ਼ ਕੋਈ ਕਾਰਵਾਈ ਕਰਦੇ ਹਨ ਤਾਂ ਅਜਿਹਾ ਹੋਣ ਕਾਰਨ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਜਾਂਚ ਰਿਪੋਰਟ ਮਿਲਣ ਅਤੇ ਪੁਲੀਸ ਜਾਂਚ ਅਤੇ ਨਿਆਂਇਕ ਜਾਂਚ ਆਦਿ ਸਾਰੀਆਂ ਜਾਂਚ ਰਿਪੋਰਟਾਂ ਦਾ ਨਿਚੋੜ ਕੱਢ ਕੇ ਕਸੂਰਵਾਰਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।
(ਬਾਕਸ ਆਈਟਮ)
ਉਧਰ, ਪ੍ਰਿੰਸੀਪਲ ਰੀਤੂ ਸ਼ਰਮਾ ਨੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਸਕੂਲ ਵੱਲੋਂ ਪੁਲੀਸ, ਪ੍ਰਸ਼ਾਸਨ ਅਤੇ ਵਿਭਾਗੀ ਜਾਂਚ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਂਜ ਉਨ੍ਹਾਂ ਕਿਹਾ ਘਟਨਾ ਵਾਲੇ ਦਿਨ ਉਹ ਛੁੱਟੀ ’ਤੇ ਸਨ। ਏਐਸਪੀ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…