Share on Facebook Share on Twitter Share on Google+ Share on Pinterest Share on Linkedin ਵਿਦਿਆਰਥੀ ਦੀ ਮੌਤ: ਪੀੜਤ ਪਰਿਵਾਰ ਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਐਸਐਸਪੀ ਦਾ ਦਫ਼ਤਰ ਘੇਰਿਆ ਮ੍ਰਿਤਕ ਦੀ ਮਾਂ ਨੇ ਪੁਲੀਸ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ, ਐਸਐਸਪੀ ਦਫ਼ਤਰ ਅੱਗੇ ਆਤਮਦਾਹ ਦੀ ਧਮਕੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੀਤ ਸਿੰਘ (16) ਦੀ ਭੇਦਭਰੀ ਹਾਲਤ ਵਿੱਚ ਹੋਈ ਮੌਤ ਦਾ ਮਾਮਲਾ ਕਾਫੀ ਭਖ ਗਿਆ ਹੈ। ਹਾਲਾਂਕਿ ਪੁਲੀਸ ਨੇ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਪੀੜਤ ਪਰਿਵਾਰ ਇਹ ਮੰਗ ਕਰ ਰਿਹਾ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ ਅਤੇ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ ਤਹਿਤ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਕੀਤੀ ਜਾਵੇਗੀ। ਉਧਰ, ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਦੀ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਸਮੁੱਚੇ ਮਾਮਲੇ ਦੀ ਤੈਅ ਤੱਕ ਜਾਣ ਲਈ ਸਮਾਂਬੱਧ ਨਿਆਇਕ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ। ਮਾਮਲੇ ਦੀ ਜਾਂਚ ਐਸਡੀਐਮ ਜਗਦੀਪ ਸਹਿਗਲ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸਡੀਐਮ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਦੇਣ ਲਈ ਆਖਿਆ ਹੈ। ਜਾਂਚ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਘਟਨਾ ਸਥਾਨ, ਹੋਸਟਲ ਦੇ ਰੂਮ ਜਿੱਥੇ ਮ੍ਰਿਤਕ ਵਿਦਿਆਰਥੀ ਰਹਿੰਦਾ ਸੀ ਸਮੇਤ ਹਰ ਪਹਿਲੂਆਂ ਦੀ ਬਰੀਕੀ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ। ਉਸ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਧਰ, ਅੱਜ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ, ਨਜ਼ਦੀਕੀ ਰਿਸ਼ਤੇਦਾਰਾਂ ਅਤੇ ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਮੰਗ ਕੀਤੀ ਕਿ ਇਸ ਸਬੰਧੀ ਕਤਲ ਦਾ ਕੇਸ ਦਰਜ ਕੀਤਾ ਜਾਵੇ। ਵਿਦਿਆਰਥੀ ਦੀ ਮਾਂ ਕਿਰਨਜੀਤ ਕੌਰ ਨੇ ਪੁਲੀਸ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਦੌਰਾਨ ਪੁਲੀਸ ਨੇ ਉਸ ਦੇ ਪੁੱਤ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦੇ ਕੇਸ ਦਰਜ ਨਹੀਂ ਕੀਤਾ ਗਿਆ ਤਾਂ ਉਹ ਐਸਐਸਪੀ ਦਫ਼ਤਰ ਦੇ ਬਾਹਰ ਆਤਮਦਾਹ ਕਰੇਗੀ। ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਦੀ ਮਾਂ ਵਾਰ ਵਾਰ ਬੇਹੋਸ਼ ਹੋ ਰਹੀ ਸੀ ਅਤੇ ਉਸ ਦੇ ਅੱਖਾਂ ’ਚੋਂ ਅੱਥਰੂ ਰੁਕਣ ਦਾ ਨਾਂ ਨਹੀਂ ਲੈ ਰਹੇ ਸੀ। ਜਿਸ ਨੂੰ ਰਿਸ਼ਤੇਦਾਰ ਅੌਰਤਾਂ ਸੰਭਾਲਣ ਵਿੱਚ ਲੱਗੀਆਂ ਹੋਈਆਂ ਸਨ। ਪਿਤਾ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਪੁਲੀਸ ਕਿਸੇ ਦਬਾਅ ਕਾਰਨ ਸਹੀ ਤਰੀਕੇ ਨਾਲ ਹਰਮਨਜੀਤ ਦੀ ਮੌਤ ਦੀ ਜਾਂਚ ਨਹੀਂ ਕਰ ਰਹੀ ਹੈ ਅਤੇ ਸਕੂਲ ਪ੍ਰਬੰਧਕ ਵੀ ਮਾਮਲੇ ਨੂੰ ਦਬਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਉਸ ਦਾ ਬੇਟਾ ਖ਼ੁਦਕੁਸ਼ੀ ਨਹੀਂ ਕਰ ਸਕਦਾ ਹੈ। ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਸਕੂਲ ਮੈਨੇਜਮੈਂਟ ਵੱਲੋਂ ਬਦਨਾਮੀ ਦੇ ਡਰੋਂ ਸੱਚ ਨੂੰ ਛੁਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੂਤ ਕਤਲ ਹੋਣ ਦਾ ਇਸ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਸਹੀ ਜਾਂਚ ਕਰਕੇ ਸਚਾਈ ਸਾਹਮਣੇ ਨਹੀਂ ਲਿਆਂਦੀ ਗਈ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ। ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਿੱਟ ਦਾ ਗਠਨ ਕੀਤਾ ਗਿਆ ਹੈ। ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਪਰਿਵਾਰ ਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟ ਮਾਰਟਮ ਅਤੇ ਵਿੱਸਰਾ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਵਿਦਿਆਰਥੀ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। (ਬਾਕਸ ਆਈਟਮ) ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਵਿਦਿਆਰਥੀ ਦੀ ਭੇਦਭਰੀ ਮੌਤ ਦਾ ਗੰਭੀਰ ਨੋਟਿਸ ਲੈਂਦਿਆਂ ਮੁਹਾਲੀ ਪੁਲੀਸ ਤੋਂ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਐਸਐਸਪੀ ਨੂੰ ਪੱਤਰ ਲਿਖ ਕੇ ਹਰਮਨਜੀਤ ਦੀ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੂੰ 20 ਮਾਰਚ ਨੂੰ ਸਵੇਰੇ 11 ਵਜੇ ਕਮਿਸ਼ਨ ਦਫ਼ਤਰ ਵਿੱਚ ਰਿਪੋਰਟ ਲੈ ਕੇ ਪੇਸ਼ ਹੋਣ ਲਈ ਕਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ