
ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਹਾਦਸੇ ਵਿੱਚ ਵਿਦਿਆਰਥੀ ਦੀ ਮੌਤ, ਦੋ ਜ਼ਖ਼ਮੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦੋਂਕਿ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਪ੍ਰੀਤ ਸਿੰਘ (22) ਵਾਸੀ ਪਿੰਡ ਕੈਲੋਂ ਵਜੋਂ ਹੋਈ ਹੈ ਅਤੇ ਜ਼ਖ਼ਮੀਆਂ ਵਿੱਚ ਹਰਦਮਨ ਸਿੰਘ (21) ਅਤੇ ਅਵਨੀਤ (21) ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਹੋਟਲ ਮੈਨੇਜਮੈਂਟ ਦੇ ਤੀਜੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ ਜਦੋਂਕਿ ਜ਼ਖ਼ਮੀ ਨੌਜਵਾਨ ਵੀ ਇਸੇ ਕਾਲਜ ਵਿੱਚ ਪੜ੍ਹਦੇ ਹਨ ਅਤੇ ਉਹ ਵੀ ਹੋਟਲ ਮੈਨੇਜਮੈਂਟ ਦ ਡਿਗਰੀ ਕਰ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਕਾਰ ਨੂੰ ਪਰਮਪ੍ਰੀਤ ਸਿੰਘ ਚਲਾ ਰਿਹਾ ਸੀ। ਘਟਨਾ ਲੰਘੀ ਰਾਤ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਸੜਕ ’ਤੇ ਕਾਰ ਅੱਗੇ ਅਚਾਨਕ ਲਾਵਾਰਿਸ ਪਸ਼ੂ ਦੇ ਆਉਣ ਨਾਲ ਵਾਪਰਿਆ ਹੈ। ਜਿਸ ਕਾਰਨ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ ਅਤੇ 200 ਫੁੱਟ ਚੌੜੀ ਏਅਰਪੋਰਟ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਟਕਰਾ ਕੇ ਕਰੀਬ ਕਾਫ਼ੀ ਉੱਚਾਈ ਵਿੱਚ ਉਛਲਣ ਤੋਂ ਬਾਅਦ ਪੁਲ ਦੇ ਥੱਲੇ ਖਤਾਨਾਂ ਵਿੱਚ ਡਿੱਗੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਚਕਨਾਚੂਰ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਹਾਦਸਾਗ੍ਰਸਤ ਤੋਂ ਤਿੰਨਾਂ ਨੌਜਵਾਨਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਪਹੁੰਚਾਇਆ ਗਿਆ ਪਰ ਇਕ ਨੌਜਵਾਨ ਪਰਮਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਹਸਪਤਾਲ ਦੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੇ ਨੌਜਵਾਨ ਲੰਘੀ ਦੇਰ ਰਾਤ ਮੁਹਾਲੀ ਤੋਂ ਖਰੜ ਵੱਲ ਖਾਣਾ ਖਾਣ ਜਾ ਰਹੇ ਸੀ ਕਿ ਰਸਤੇ ਵਿੱਚ ਹਾਦਸਾ ਵਾਪਰ ਗਿਆ। ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ।