ਐਨਟੀਐਸਈ ਦੀ ਪ੍ਰੀਖਿਆ ਵਿੱਚ 40430 ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ

ਐਨਐਮਐਮਐਸ ਦੀ ਪ੍ਰੀਖਿਆ ਵਿੱਚ 33612 ਵਿਦਿਆਰਥੀਆਂ ਨੇ ਪੇਸ਼ ਕੀਤੀ ਵਜ਼ੀਫ਼ੇ ਲਈ ਦਾਅਵੇਦਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਪੰਜਾਬ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ (ਐਸਸੀਈਆਰਟੀ) ਪੰਜਾਬ ਵੱਲੋਂ ਅੱਜ ਸੂਬੇ ਭਰ ਵਿੱਚ ਕੌਮੀ ਯੋਗਤਾ ਖੋਜ ਪ੍ਰੀਖਿਆ-2020 ਸਟੇਜ ਵਨ (ਨੈਸ਼ਨਲ ਟੇਲੈਂਟ ਸਰਚ ਐਗਜਾਮੀਨੇਸ਼ਨ) ਅਤੇ ਨੈਸ਼ਨਲ ਮੀਨਜ਼ ਕਮ ਮੈਰਿਟ ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ। ਜਿਸ ਤਹਿਤ ਕੌਮੀ ਯੋਗਤਾ ਖੋਜ ਪ੍ਰੀਖਿਆ ਵਿੱਚ ਰਾਜ ਭਰ ’ਚੋਂ ਸਰਕਾਰੀ, ਪ੍ਰਾਈਵੇਟ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਸਕੂਲਾਂ ਦੇ 40430 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਨੈਸ਼ਨਲ ਮੀਨਜ਼ ਕਮ ਵਜ਼ੀਫ਼ਾ ਪ੍ਰੀਖਿਆ ਵਿੱਚ ਰਾਜ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਸਥਾਨਕ ਸਰਕਾਰਾਂ ਦੇ 33 ਹਜ਼ਾਰ 612 ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਨੇ ਵੀ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ।
ਐਸਸੀਈਆਰਟੀ ਦੇ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਰਾਜ ਪੱਧਰ ’ਤੇ ਕਰਵਾਈ ਗਈ ਕੌਮੀ ਯੋਗਤਾ ਪ੍ਰੀਖਿਆ-ਸਟੇਜ ਵਨ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਨੈਸ਼ਨਲ ਮੀਨਜ਼ ਕਮ ਮੈਰਿਟ ਵਜ਼ੀਫ਼ਾ ਪ੍ਰੀਖਿਆ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ’ਚੋਂ ਕੁੱਲ 2210 ਵਿਦਿਆਰਥੀਆਂ ਦੀ ਵਜ਼ੀਫ਼ੇ ਲਈ ਚੋਣ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੌਮੀ ਯੋਗਤਾ ਖੋਜ ਪ੍ਰੀਖਿਆ ਸਟੇਜ ਵਨ ਰਾਹੀਂ ਪੰਜਾਬ ਭਰ ’ਚੋਂ ਕੁਆਲੀਫ਼ਾਈ ਕਰਨ ਵਾਲੇ ਵਿਦਿਆਰਥੀਆਂ ਫਿਰ ਕੌਮੀ ਪੱਧਰ ਦੀ ਪ੍ਰੀਖਿਆ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਉੱਚ ਸਿੱਖਿਆ ਹਾਸਲ ਕਰਨ ਲਈ ਵਜ਼ੀਫ਼ੇ ਪ੍ਰਦਾਨ ਕੀਤੇ ਜਾਂਦੇ ਹਨ।
ਸ੍ਰੀ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਦੀ ਅਗਵਾਈ ਵਿੱਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਸਬੰਧੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਜਿਸ ਤਹਿਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ’ਤੇ ਆਧਾਰਿਤ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਅਤੇ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਏ ਗਏ ਅਤੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਹਰਾਂ ਰਾਹੀਂ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਜਿਸ ਤੋਂ ਵਧੀਆ ਨਤੀਜੇ ਆਉਣ ਦੀ ਉਮੀਦ ਬੱਝਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਨਿਰੀਖਣ ਲਈ ਵੱਖ-ਵੱਖ ਨੋਡਲ ਅਫ਼ਸਰਾਂ ਦੀ ਦੇਖ-ਰੇਖ ਵਿੱਚ ਵਿਸ਼ੇਸ਼ ਚੈਕਿੰਗ ਟੀਮਾਂ ਬਣਾਈਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…