ਵਿਦਿਆਰਥੀ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਾਂਗੇ: ਸਾਧੂ ਸਿੰਘ ਧਰਮਸੋਤ

ਵੱਖ-ਵੱਖ ਅਨਏਡਿਡ ਕਾਲਜ ਐਸੋਸੀਏਸ਼ਨਾਂ ਵੱਲੋਂ ਭਲਾਈ ਮੰਤਰੀ ਨਾਲ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਸਤੰਬਰ:
ਪੰਜਾਬ ਦੇ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਅੱਜ ਪੰਜਾਬ ਦੀਆਂ ਵੱਖ-ਵੱਖ ਅਨਏਡਿਡ ਕਾਲਜਾਂ ਦੀਆਂ ਐਸੋਸੀਏਸ਼ਨਾਂ ਨਾਲ ਮੁਲਾਕਾਤ ਦੌਰਾਨ ਸ੍ਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਵਰਗਾਂ ਦੀ ਭਲਾਈ ਲਈ ਜਾਰੀ ਵਜੀਫ਼ਾ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਪਾਰਦਰਸ਼ੀ ਵਿਧੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕਾਲਸ਼ਿਪ ਸਕੀਮਾਂ ਦਾ ਮਕਸਦ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਨਾ ਹੈ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ।
ਭਲਾਈ ਮੰਤਰੀ ਨੇ ਵਫ਼ਦ ਦੀਆਂ ਜਾਇਜ ਮੰਗਾਂ ਨੂੰ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦਿਆਰਥੀ ਭਲਾਈ ਸਕੀਮਾਂ, ਸੂਬੇ ਅਤੇ ਕੇਂਦਰ ਸਰਕਾਰ ਦੇ ਆਪਸੀ ਸਹਿਯੋਗ ਨਾਲ ਚੱਲਦੀਆਂ ਹਨ ਅਤੇ ਇਨ੍ਹਾਂ ਸਬੰਧੀ ਕੋਈ ਵੀ ਤਕਨੀਕੀ ਸਮੱਸਿਆ ਪੈਦਾ ਹੋਣ ’ਤੇ ਉਸਦੇ ਹੱਲ ਲਈ ਕੇਂਦਰ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਹੱਲ ਕੱਢਿਆ ਜਾ ਸਕਦਾ ਹੈ। ਵੱਖ-ਵੱਖ ਕਾਲਜ ਐਸੋਸੀਏਸ਼ਨਾਂ ਦੇ ਵਫ਼ਦ ਵਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਬਕਾਇਆ ਫੰਡਾਂ ਨੂੰ ਜਾਰੀ ਕੀਤੇ ਜਾਣ ਬਾਰੇ ਬੋਲਦਿਆਂ ਸ. ਧਰਮਸੋਤ ਨੇ ਕਿਹਾ ਬਕਾਇਆ ਫੰਡਾਂ ਨੂੰ ਜਾਰੀ ਕਰਨ ਲਈ ਉਨ੍ਹਾਂ ਵਲੋਂ ਪਿਛਲੇ ਦਿਨੀਂ ਕੇਂਦਰੀ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਮੁਲਾਕਾਤ ਕੀਤੀ ਗਈ ਸੀ, ਜਿਨ੍ਹਾਂ ਨੇ ਬਕਾਇਆ ਫੰਡ ਜਲਦੀ ਹੀ ਜਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਵੱਖ-ਵੱਖ ਐਸੋਸੀਏਸ਼ਨਾਂ ਦੇ ਇਨ੍ਹਾਂ ਨੁਮਾਇੰਦਿਆਂ ਨੇ ਭਲਾਈ ਮੰਤਰੀ ਨੂੰ ਵਿਸਥਾਰਪੂਰਵਕ ਢੰਗ ਨਾਲ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣੂੰ ਕਰਵਾਇਆ, ਜਿਨ੍ਹਾਂ ਨੂੰ ਸ. ਧਰਮਸੋਤ ਨੇ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ ਪੰਜਾਬ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭਲਾਈ ਵਿਭਾਗ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ, ਐਸ.ਸੀ. ਸਬ-ਪਲਾਨ, ਵਧੀਕ ਡਾਇਰੈਕਟਰ ਭਲਾਈ ਸ੍ਰੀਮਤੀ ਬਿੰਦੂ ਵਾਲੀਆ ਤੋਂ ਇਲਾਵਾ ਸਾਬਕਾ ਮੰਤਰੀ ਸ. ਇੰਦਰਜੀਤ ਸਿੰਘ ਜ਼ੀਰਾ, ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਚਰਨਜੀਤ ਸਿੰਘ ਵਾਲੀਆ, ਬੀ.ਐਡ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਵਾਲੀਆ, ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਸੀਮਾਂਸ਼ੂ ਗੁਪਤਾ, ਬੀ.ਐਡ. ਐਸੋਸੀਏਸ਼ਨ (ਜੀ.ਐਨ.ਡੀ.ਯੂ.) ਦੇ ਸ੍ਰੀ ਸਤਵੰਤ ਸਿੰਘ ਸੰਧੂ, ਪੈਲੀਟੈਕਨਿਕ ਐਸੋਸੀਏਸ਼ਨ ਦੇ ਸ੍ਰੀ ਰਜਿੰਦਰ ਸਿੰਘ ਧਨੋਆ ਅਤੇ ਬੀ.ਐੱਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਜਸਨੀਕ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…