Nabaz-e-punjab.com

ਸਰਕਾਰੀ ਸਕੂਲ ਨਵਾਂ ਸ਼ਹਿਰ ਬਡਾਲੀ ਦੇ ਵਿਦਿਆਰਥੀਆਂ ਅਤੇ ਸਕੂਲ ਮੁਖੀ ਵਿੱਚ ਟਕਰਾਅ ਵਧਿਆ

ਯੂਨਾਈਟਿਡ ਸਿੱਖ ਪਾਰਟੀ ਦੇ ਆਗੂਆਂ ਨੇ ਪ੍ਰਿੰਸੀਪਲ ਵਿਰੁੱਧ ਐਸਐਸਪੀ ਨੂੰ ਦਿੱਤੀ ਲਿਖਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਯੂਨਾਈਟਿਡ ਸਿੱਖ ਪਾਰਟੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਵਫਦ ਨੇ ਸੋਮਵਾਰ ਨੂੰ ਮੁਹਾਲੀ ਵਿੱਚ ਐਸਐਸਪੀ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਸ਼ਿਕਾਇਤ ਦੇ ਕੇ ਸਰਕਾਰੀ ਸਕੂਲ ਪਿੰਡ ਨਵਾਂ ਸ਼ਹਿਰ ਬਡਾਲਾ ਦੇ ਪ੍ਰਿੰਸੀਪਲ ਦੇ ਖ਼ਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਜਾਵੇ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਮਲਕੀਤ ਸਿੰਘ ਸਿੱਖ ਬੱਚਿਆਂ ਨੂੰ ਕਥਿਤ ਤੌਰ ’ਤੇ ਦਾੜੀ ਕੱਟ ਕੇ ਆਉਣ ਅਤੇ ਦਸਤਾਰ ਅਤੇ ਕੜਾ ਨਾ ਪਾ ਕੇ ਆਉਣ ਲਈ ਮਜਬੂਰ ਕੀਤਾ ਜਾਂਦਾ ਹੈ। ਜਿਸ ਕਾਰਨ ਸਕੂਲ ਵਿੱਚ ਸਿੱਖਿਆ ਹਾਸਲ ਕਰਦੇ ਸਿੱਖ ਬੱਚਿਆਂ ਵਿੱਚ ਅਜੀਬ ਕਿਸਮ ਦਾ ਡਰ ਅਤੇ ਭੈਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹੁਣ ਕੁਝ ਬੱਚੇ ਸਕੂਲ ਜਾਣ ਤੋਂ ਵੀ ਗੁਰੇਜ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਬਡਾਲਾ, ਤ੍ਰਿਪੜੀ, ਚੋਲਟਾ ਕਲਾਂ, ਦਬਾਲੀ, ਬਾਸੀਆਂ ਆਦਿ ਪਿੰਡਾਂ ਦੀਆਂ ਪੰਚਾਇਤਾ ਅਤੇ ਪਤਵੰਤਿਆਂ ਨੇ ਸਕੂਲ ਮੁਖੀ ਨੂੰ ਮਿਲ ਕੇ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਸਿੱਖ ਬੱਚਿਆਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਬਾਜ ਨਹੀਂ ਆ ਰਹੇ। ਉਨ੍ਹਾਂ ਮੰਗ ਕੀਤੀ ਕਿ ਸਕੂਲ ਮੁਖੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਤਾਂ ਜੋ ਸਿੱਖ ਸੰਗਤ ਵਿੱਚ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੁਲੀਸ ਨੇ ਸਮੇਂ ਸਿਰ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਇਨਸਾਫ਼ ਪ੍ਰਾਪਤੀ ਲਈ ਅਦਾਲਤ ਦਾ ਬੂਹਾ ਖੜਾਉਣਗੇ। ਇਸ ਮੌਕੇ ਜ਼ਿਲ੍ਹਾ ਆਗੂ ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਸਾਧੂ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਵੀ ਹਾਜ਼ਰ ਸਨ
(ਬਾਕਸ ਆਈਟਮ)
ਉਧਰ, ਸਕੂਲ ਮੁਖੀ ਮਲਕੀਤ ਸਿੰਘ ਨੇ ਯੂਨਾਈਟਿਡ ਸਿੱਖ ਪਾਰਟੀ ਦੇ ਉਕਤ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਸਕੂਲ ਵਿੱਚ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਜਿਹੜੇ ਬੱਚਿਆਂ ਦੀ ਗੱਲ ਕਰ ਰਹੇ ਹਨ, ਦਰਅਸਲ ਉਹ ਸਾਰੇ ਬੱਚੇ ਸਿਰਾਂ ਤੋਂ ਮੋਨੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚੇ ਬਹੁਤ ਅਣਭੋਲ ਹਨ। ਉਨ੍ਹਾਂ ਨੂੰ ਵਰਗਲਾ ਕੇ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਮੁਖੀ ਹੋਣ ਦੇ ਨਾਤੇ ਉਹ ਸਕੂਲ ਵਿੱਚ ਅਨੁਸ਼ਾਸਨ ਕਾਇਮ ਕਰਨਾ ਚਾਹੁੰਦੇ ਹਨ ਪ੍ਰੰਤੂ ਇੱਕ ਮਹਿਲਾ ਅਧਿਆਪਕ ਸਮੇਤ ਕੁਝ ਬੱਚਿਆਂ ਨੂੰ ਇਹ ਗੱਲ ਗਵਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਮਹਿਲਾ ਅਧਿਆਪਕ ਦੇ ਖ਼ਿਲਾਫ਼ ਜਾਂਚ ਵਿਚਾਰ ਅਧੀਨ ਹੈ। ਜਿਸ ਕਾਰਨ ਉਨ੍ਹਾਂ ’ਤੇ ਦਬਾਅ ਬਣਾਉਣ ਲਈ ਇਹ ਸਾਜ਼ਿਸ਼ ਘੜੀ ਗਈ ਹੈ।
(ਬਾਕਸ ਆਈਟਮ)
ਉਧਰ, ਡੀਪੀਆਈ ਪੰਜਾਬ ਸਖਜੀਤਪਾਲ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਲੇਕਿਨ ਹੁਣ ਸਕੂਲ ਮੁਖੀ ਤੋਂ ਰਿਪੋਰਟ ਤਲਬ ਕਰਕੇ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…