ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਰੈਲੀ ਕੱਢੀ

ਮੁਹਾਲੀ ਨਿਗਮ ਦੇ ਸਹਿਯੋਗ ਨਾਲ ‘ਮੇਰਾ ਵਾਰਡ-ਮੇਰੀ ਸ਼ਾਨ’ ਤਹਿਤ ਸਫ਼ਾਈ ਦਾ ਹੋਕਾ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਫੇਜ਼-2 ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹਿਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੀਤੀ। ਨਾਲ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ‘‘ਮੇਰਾ ਵਾਰਡ-ਮੇਰੀ ਸ਼ਾਨ’ ਮੁਹਿੰਮ ਤਹਿਤ ਸ਼ਹਿਰ ਵਿੱਚ ਲੋਕਾਂ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਦਾ ਹੋਕਾ ਦਿੱਤਾ।
ਗਿਆਨ ਜਯੋਤੀ ਗਰੁੱਪ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆ ਕਿ ਸ਼ਹਿਰ ਵਿੱਚ ਕੱਢੀ ਗਈ ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਸਫ਼ਾਈ ਲਈ ਜਾਗਰੂਕਤਾ ਫੈਲਾਉਣਾ ਅਤੇ ਨਸ਼ਿਆਂ ਦਾ ਨੌਜਵਾਨ ਪੀੜ੍ਹੀ ’ਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ ਸੀ। ਇਸ ਰੈਲੀ ਵਿੱਚ ਗਿਆਨ ਜਯੋਤੀ ਇੰਸਟੀਚਿਊਟ ਦੇ ਐਨਐੱਸਐੱਸ ਵਲੰਟੀਅਰ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਲਈ ਜਾਗਰੂਕ ਕਰਦਿਆਂ ਕਿਹਾ ਕਿ ਇਹ ਰੈਲੀ ਵਿੱਦਿਅਕ ਅਦਾਰਿਆਂ ਦੀ ਸਮਾਜਿਕ ਜ਼ਿੰਮੇਵਾਰੀ ਅਤੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ।
ਸੰਸਥਾਨ ਦੇ ਚੇਅਰਮੈਨ ਜੇਐੱਸ ਬੇਦੀ ਨੇ ਮੁਹਾਲੀ ਨਗਰ ਨਿਗਮ ਅਤੇ ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਅਤੇ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਦੇ ਹਨ। ਅੰਤ ਵਿੱਚ ਸਾਰੇ ਭਾਗੀਦਾਰਾਂ ਨੇ ਸਫ਼ਾਈ ਅਤੇ ਨਸ਼ਾ ਮੁਕਤੀ ਲਈ ਪੂਰਨ ਸਹਿਯੋਗ ਦੇਣ ਦੀ ਸਹੁੰ ਚੁੱਕੀ।

Load More Related Articles

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ ਨਬਜ਼-ਏ-ਪੰਜਾਬ, ਮੁਹਾਲੀ, 19 ਮਈ: ਅਮ…