
ਦਸਵੀਂ ਜਮਾਤ: ਵਾਈਪੀਐਸ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਮੁਹਾਲੀ ਜ਼ਿਲ੍ਹੇ ’ਚੋਂ ਮੋਹਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ:
ਇੱਥੋਂ ਦੇ ਯਾਦਵਿੰਦਰਾ ਪਬਲਿਕ ਸਕੂਲ (ਵਾਈਪੀਐਸ) ਦੇ ਵਿਦਿਆਰਥੀਆਂ ਨੇ ਇੰਡੀਅਨ ਸਰਟੀਫਿਕੇਟ ਆਫ਼ ਸੈਕੰਡਰੀ ਐਜੂਕੇਸ਼ਨ (ਆਈਸੀਐਸਈ) ਦਸਵੀਂ ਦੀ ਸਾਲਾਨਾ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਸਕੂਲ ਦੀ ਝੋਲੀ ਵਿੱਚ ਪਾਇਆ ਹੈ। ਇਸ ਵਾਰ ਵੀ ਬੇਟੀਆਂ ਨੇ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਮੁਹਾਲੀ ਜ਼ਿਲ੍ਹੇ ਵਿੱਚ ਇਸੇ ਸਕੂਲ ਦੀ ਤਿੰਨ ਵਿਦਿਆਰਥਣਾਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਰਵਲੀਨ ਕੌਰ ਨੇ 99 ਫੀਸਦੀ ਅੰਕ ਲੈ ਕੇ ਮੁਹਾਲੀ ਜ਼ਿਲ੍ਹੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਹੈ ਜਦੋਂਕਿ ਇਸੇ ਸਕੂਲ ਦੀ ਸਬਰੀਨ ਕੌਰ ਮਾਨ ਨੇ 98 ਫੀਸਦੀ ਅੰਕਾਂ ਨਾਲ ਜ਼ਿਲ੍ਹੇ ਵਿੱਚ ਦੂਜਾ ਅਤੇ ਹਰਨੂਰ ਕੌਰ ਮਾਨ ਨੇ 97.8 ਫੀਸਦੀ ਅੰਕ ਲੈ ਕੇ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਸਕੂਲ ਦੇ 124 ਵਿਦਿਆਰਥੀ ਅਪੀਅਰ ਹੋਏ ਸਨ। ਜਿਨ੍ਹਾਂ ’ਚੋਂ 28 ਵਿਦਿਆਰਥੀਆਂ ਨੇ 95 ਫੀਸਦੀ ਅਤੇ 68 ਵਿਦਿਆਰਥੀਆਂ ਦੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ।
ਬੁਲਾਰੇ ਨੇ ਦੱਸਿਆ ਕਿ ਕਰੋਨਾ ਕਾਲ ਦੇ ਅੌਖੇ ਸਮੇਂ ਦੌਰਾਨ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਨੇ ਆਨਲਾਈਨ ਸਿੱਖਿਆ ਹਾਸਲ ਕੀਤੀ ਸੀ ਜਦੋਂਕਿ ਪ੍ਰੀਖਿਆ ਆਫ਼ ਲਾਈਨ ਹੋਈ ਸੀ। ਇਸ ਦੇ ਬਾਵਜੂਦ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਈਪੀਐਸ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।